ਸੁਖਜਿੰਦਰ ਮਾਨ
ਬਠਿੰਡਾ, 18 ਫਰਵਰੀ: 4161 ਮਾਸਟਰ ਕਾਡਰ ਅਧਿਆਪਕਾਂ ਨੂੰ ਪੇਸ਼ਕਸ਼ ਪੱਤਰ ਦੇਣ ਦੇ ਡੇਢ ਮਹੀਨਾ ਬੀਤਣ ਦੇ ਬਾਵਜੂਦ ਸਿੱਖਿਆ ਵਿਭਾਗ ਵੱਲੋਂ ਇੰਨ੍ਹਾਂ ਨੂੰ ਸਟੇਸ਼ਨ ਚੋਣ ਦਾ ਮੌਕਾ ਨਾ ਦੇਣ ਦੇ ਵਿਰੋਧ ਵਿੱਚ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਇੰਨ੍ਹਾਂ ਅਧਿਆਪਕਾਂ ’ਤੇ ਪੰਜਾਬ ਸਰਕਾਰ ਦੇ ਇਸ਼ਾਰੇ ਤੇ ਸੰਗਰੂਰ ਪੁਲੀਸ ਪ੍ਰਸ਼ਾਸਨ ਵੱਲੋਂ ਕੀਤੇ ਗਏ ਲਾਠੀਚਾਰਜ ਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ.) ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡੀ.ਟੀ.ਐੱਫ. ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਡੀ.ਟੀ.ਐੱਫ. ਬਠਿੰਡਾ ਦੇ ਜ਼ਿਲ੍ਹਾ ਪ੍ਰਧਾਨ ਜਗਪਾਲ ਬੰਗੀ ਅਤੇ ਸੂਬਾਈ ਆਗੂ ਬੇਅੰਤ ਫੂਲੇਵਾਲਾ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵੱਲੋਂ 5 ਜਨਵਰੀ ਨੂੰ ਲੁਧਿਆਣੇ ਵਿਖੇ ਕੀਤੇ ਇੱਕ ਸਮਾਗਮ ਦੌਰਾਨ 4161 ਮਾਸਟਰ ਕਾਡਰ ਅਧਿਆਪਕਾਂ ਨੂੰ ਪੇਸ਼ਕਸ਼ ਪੱਤਰ ਦਿੱਤੇ ਗਏ ਸਨ ਅਤੇ ਜਲਦੀ ਹੀ ਇੰਨ੍ਹਾਂ ਅਧਿਆਪਕਾਂ ਨੂੰ ਸਕੂਲਾਂ ਵਿੱਚ ਪਈਆਂ ਖਾਲੀ ਅਸਾਮੀਆਂ ਤੇ ਹਾਜ਼ਰ ਕਰਵਾਇਆ ਜਾਣਾ ਸੀ, ਪਰ ਡੇਢ ਮਹੀਨਾ ਬੀਤ ਜਾਣ ਦੇ ਬਾਵਜੂਦ ਵਿਭਾਗ ਵੱਲੋਂ ਇੰਨ੍ਹਾਂ ਨਵ ਨਿਯੁਕਤ ਅਧਿਆਪਕਾਂ ਨੂੰ ਸਕੂਲਾਂ ਵਿੱਚ ਨਹੀਂ ਭੇਜਿਆ ਗਿਆ ਕਿਉਂਕਿ ਇੰਨ੍ਹਾਂ ਅਧਿਆਪਕਾਂ ਨੂੰ ਸਟੇਸ਼ਨ ਚੋਣ ਲਈ ਸੱਦਿਆ ਹੀ ਨਹੀਂ ਗਿਆ। ਇੰਨ੍ਹਾਂ ਅਧਿਆਪਕਾਂ ਵੱਲੋਂ ਸਟੇਸ਼ਨ ਚੋਣ ਦੀ ਮੰਗ ਨੂੰ ਲੈਕੇ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਦੇ ਨਜ਼ਦੀਕ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਇਸ ਮੌਕੇ ਪੁਲਿਸ ਵੱਲੋਂ ਜ਼ਬਰਦਸਤ ਲਾਠੀਚਾਰਜ ਕੀਤਾ ਗਿਆ ਜਿਸ ਵਿੱਚ ਅਧਿਆਪਕਾਂ ਦੀਆਂ ਪੱਗਾਂ ਉੱਤਰ ਗਈਆਂ ਅਤੇ ਸੱਟਾਂ ਵੀ ਲੱਗੀਆਂ। ਪੁਲਿਸ ਵੱਲੋਂ ਮਹਿਲਾ ਅਧਿਆਪਕਾਂ ਨਾਲ ਕੁੱਟ ਮਾਰ ਅਤੇ ਬਦਸਲੂਕੀ ਕੀਤੀ ਗਈ ਜੋ ਕਿ ਨਿੰਦਣਯੋਗ ਹੈ। ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਆਗੂਆਂ ਅਸ਼ਵਨੀ ਅਵਸਥੀ, ਰਾਜੀਵ ਬਰਨਾਲਾ, ਗੁਰਪਿਆਰ ਕੋਟਲੀ, ਜਸਵਿੰਦਰ ਔਜਲਾ, ਰਘਬੀਰ ਭਵਾਨੀਗੜ੍ਹ, ਹਰਜਿੰਦਰ ਸਿੰਘ ਵਡਾਲਾ ਬਾਂਗਰ, ਦਲਜੀਤ ਸਫੀਪੁਰ, ਕੁਲਵਿੰਦਰ ਜੋਸ਼ਨ, ਪਵਨ ਕੁਮਾਰ ਮੁਕਤਸਰ, ਮਹਿੰਦਰ ਕੌੜਿਆਂਵਾਲੀ, ਤੇਜਿੰਦਰ ਸਿੰਘ, ਰੁਪਿੰਦਰ ਗਿੱਲ ਅਤੇ ਸੁਖਦੇਵ ਡਾਨਸੀਵਾਲ ਨੇ ਕਿਹਾ ਕਿ 4161 ਮਾਸਟਰ ਕਾਡਰ ਯੂਨੀਅਨ ਵੱਲੋਂ ਸਟੇਸ਼ਨ ਚੋਣ ਕਰਵਾਉਣ ਦੀ ਮੰਗ ਦੀ ਬਿਲਕੁਲ ਜਾਇਜ਼ ਹੈ, ਕਿਉਂਕਿ ਸਕੂਲਾਂ ਵਿੱਚ ਵੱਡੀ ਗਿਣਤੀ ਵਿੱਚ ਅਸਾਮੀਆਂ ਖਾਲੀ ਪਈਆਂ ਹਨ ਅਤੇ ਸਰਕਾਰ ਦਾ ਖਾਲੀ ਅਸਾਮੀਆਂ ਨੂੰ ਭਰਨ ਪ੍ਰਤੀ ਟਾਲਮਟੋਲ ਵਾਲਾ ਵਤੀਰਾ ਅਪਣਾ ਰਹੀ ਹੈ। ਆਗੂਆਂ ਨੇ ਪੰਜਾਬ ਸਰਕਾਰ ਤੋਂ 4161 ਨਵ ਨਿਯੁਕਤ ਅਧਿਆਪਕਾਂ ਨੂੰ ਤੁਰੰਤ ਨਿਯੁਕਤੀ ਪੱਤਰ ਸੌਂਪੇ ਜਾਣ ਦੀ ਮੰਗ ਕੀਤੀ ਤਾਂ ਜੋ ਪ੍ਰੀਖਿਆਵਾਂ ਦੇ ਦਿਨਾਂ ਵਿੱਚ ਵਿਦਿਆਰਥੀਆਂ ਨੂੰ ਅਧਿਆਪਕ ਮਿਲ ਸਕਣ।
ਅਧਿਆਪਕਾਂ ’ਤੇ ਸਰਕਾਰ ਵੱਲੋਂ ਕੀਤੀ ਅੰਨ੍ਹੇਵਾਹ ਲਾਠੀਚਾਰਜ ਦੀ ਨਿਖੇਧੀ
21 Views