9 Views
ਪਿਛਲੇ ਕੁੱਝ ਦਿਨਾਂ ਤੋਂ ਪ੍ਰਧਾਨ ਰਾਜਾ ਵੜਿੰਗ ਵਿਰੁੱਧ ਵੀ ਕੀਤੀ ਜਾ ਰਹੀ ਸੀ ਬਿਆਨਬਾਜੀ
ਪੰਜਾਬੀ ਖਬਰਸਾਰ ਬਿਉਰੋ
ਚੰਡੀਗੜ੍ਹ, 28 ਨਵੰਬਰ: ਪਿਛਲੇ ਕੁੱਝ ਦਿਨਾਂ ਤੋਂ ਸਿੱਖ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਦੇ ਹੱਕ ‘ਚ ਬੋਲਣ ਵਾਲੇ ਜਿਲ੍ਹਾ ਕਾਗਰਸ ਕਮੇਟੀ ਮੋਗਾ ਦੇ ਸਾਬਕਾ ਪ੍ਰਧਾਨ ਕਮਲਜੀਤ ਸਿੰਘ ਬਰਾੜ ਨੂੰ ਕਾਗਰਸ ਪਾਰਟੀ ਨੇ ਬਾਹਰ ਦਾ ਰਾਸਤਾ ਦਿਖਾ ਦਿੱਤਾ ਹੈ। ਨੌਜਵਾਨ ਆਗੂ ਬਰਾੜ ਸਾਬਕਾ ਵਿਧਾਇਕ ਦਰਸਨ ਸਿੰਘ ਬਰਾੜ ਦੇ ਪੁੱਤਰ ਹਨ, ਜਿੰਨ੍ਹਾਂ ਵਲੋਂ ਪੰਜਾਬ ਕਾਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਰੁੱਧ ਵੀ ਅਸਿੱਧੇ ਢੰਗ ਨਾਲ ਬਿਆਨਬਾਜੀ ਕੀਤੀ ਜਾ ਰਹੀ ਸੀ। ਨਵਜੋਤ ਸਿੰਘ ਸਿੱਧੂ ਦੇ ਹਿਮਾਇਤੀ ਮੰਨੇ ਜਾਂਦੇ ਬਰਾੜ ਪ੍ਰਵਾਰ ਦੀ ਕਾਗਰਸ ਸਰਕਾਰ ਦੌਰਾਨ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵੀ ਠਣੀ ਰਹੀ ਹੈ। ਸੂਤਰਾਂ ਮੁਤਾਬਕ ਮੌਜੂਦਾ ਸਮੇਂ ਰਾਜਾ ਵੜਿੰਗ ਨਾਲ ਵੀ ਸਬੰਧ ਵਧੀਆ ਨਹੀਂ ਦੱਸੇ ਜਾ ਰਹੇ ਹਨ, ਜਿਸਦੇ ਚੱਲਦੇ ਹੀ ਪਾਰਟੀ ਵਲੋਂ ਵੱਡੀ ਕਾਰਵਾਈ ਕੀਤੀ ਗਈ ਦੱਸੀ ਜਾ ਰਹੀ ਹੈ। ਪੰਜਾਬ ਕਾਗਰਸ ਦੇ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਵਲੋਂ ਦੋ ਲਾਈਨਾਂ ਦੇ ਜਾਰੀ ਪੱਤਰ ਵਿੱਚ ਕਮਲਜੀਤ ਸਿੰਘ ਬਰਾੜ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦੇ ਪਾਰਟੀ ਵਿਚੋਂ ਬਾਹਰ ਕੱਢਣ ਦਾ ਹੁਕਮ ਜਾਰੀ ਕੀਤਾ ਹੈ। ਉਧਰ ਪਾਰਟੀ ਦੇ ਹੁਕਮਾਂ ਦੀ ਪ੍ਰਵਾਹ ਨਾ ਕਰਦਿਆਂ ਕਮਲਜੀਤ ਸਿੰਘ ਬਰਾੜ ਨੇ ਦਾਅਵਾ ਕੀਤਾ ਹੈ ਕਿ ਉਹ ਪਹਿਲਾਂ ਵੀ ਸੱਚ ‘ਤੇ ਖੜ੍ਹੇ ਸਨ ਤੇ ਅੱਗੇ ਤੋਂ ਵੀ ਹਮੇਸ਼ਾ ਸੱਚ ਉਪਰ ਖੜ੍ਹੇ ਰਹਿਣਗੇ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੌਜਵਾਨਾਂ ਨੂੰ ਸਿੱਖੀ ਨਾਲ ਜੋੜ ਰਿਹਾ ਹੈ ਤੇ ਨਸ਼ਿਆਂ ਵਿਰੁੱਧ ਲਾਮਬੰਦੀ ਕਰ ਰਿਹਾ ਜੋ ਕਿ ਮਾੜਾ ਨਹੀਂ ਹੈ।
Share the post "ਅੰਮ੍ਰਿਤਪਾਲ ਸਿੰਘ ਦੇ ਹੱਕ ‘ਚ ਬੋਲਣ ਵਾਲੇ ਸਾਬਕਾ ਜਿਲ੍ਹਾ ਪ੍ਰਧਾਨ ਨੂੰ ਕਾਗਰਸ ਵਿਚੋਂ ਕੱਢਿਆ "