ਪੰਜਾਬੀ ਖ਼ਬਰਸਾਰ ਬਿਊਰੋ
ਪਾਤੜਾ, 26 ਮਈ :- ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ (ਰਜਿ.31) ਦੀ ਸੂਬਾ ਕਮੇਟੀ ਦੇ ਫੈਸਲੇ ਤਹਿਤ ਅੱਜ ਇਥੇ ਬ੍ਰਾਂਚ ਪਾਤੜਾ ਦੀ ਕਮੇਟੀ ਵਲੋਂ ਵਰਤਮਾਨ ਪੰਜਾਬ ਸਰਕਾਰ ਦੇ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਜਿਸ ਬਾਰੇ ਜਿਵੇਂ ਹੀ ਹਲਕਾ ਸੁਤਰਾਣਾ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਨੂੰ ਪਤਾ ਚੱਲਿਆ ਤਾਂ ਉਹ ਵੀ ਧਰਨਾਕਾਰੀਆਂ ਦੇ ਕੋਲ ਪੁੱਜ ਗਏ ਅਤੇ ਵਿਧਾਇਕ ਨੇ ਗੱਲਬਾਤ ਕਰਨ ਉਪਰੰਤ ਭਰੋਸਾ ਦਿੱਤਾ ਗਿਆ ਕਿ ਇਕ ਹਫਤੇ ਦੇ ਅੰਦਰ ਅੰਦਰ ਮੰਗਾਂ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਕਰਵਾਈ ਜਾਵੇਗੀ। ਜਿਸ ’ਤੇ ਜਥੇਬੰਦੀਆਂ ਵਲੋਂ ਇਥੇ ਸਰਕਾਰ ਦੀ ਅਰਥੀ ਫੂਕਣ ਦੇ ਪ੍ਰੋਗਰਾਮ ਨੂੰ ਇਕ ਹਫਤੇ ਲਈ ਮੁਲਤਵੀ ਕਰ ਦਿੱਤਾ ਗਿਆ ਉਥੇ ਹੀ ਚੇਤਾਵਨੀ ਦਿੱਤੀ ਗਈ ਕਿ ਜੇਕਰ ਹਫਤੇ ਵਿਚ ਮੁੱਖ ਮੰਤਰੀ ਨਾਲ ਮੀਟਿੰਗ ਨਾ ਹੋਈ ਤਾਂ ਉਹ ਮਜਬੂਰ ਹੋ ਕੇ ਸੰਘਰਸ਼ ਨੂੰ ਜਾਰੀ ਰੱਖਦੇ ਹੋਏ ਪੰਜਾਬ ਸਰਕਾਰ ਦੇ ਵਿਰੁੱਧ ਸਹਿਰ ਪਾਤੜਾਂ ਵਿਚ ਅਰਥੀ ਫੂਕ ਪ੍ਰਦਰਸ਼ਨ ਕਰਣਗੇ।
ਇਸ ਮੌਕੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ, ਲਖਵਿੰਦਰ ਸਿੰਘ,ਬਲਕਾਰ ਸਿੰਘ, ਚਮਕੌਰ ਸਿੰਘ ਆਦਿ ਨੇ ਕਿਹਾ ਕਿ ਜਸਸ ਵਿਭਾਗ ਦੇ ਇਨਲਿਸਟਮੈਂਟ/ਆਉਟਸੋਰਸ ਕਾਮਿਆਂ ਨੂੰ ਰੈਗੂਲਰ ਕਰਨ ਸਮੇਤ ਹੋਰਨਾਂ ਮੰਗਾਂ ਦੇ ਸਬੰਧ ਵਿਚ ਸੰਗਰੂਰ ਦੇ ਡਿਪਟੀ ਕਮਿਸਨਰ ਵਲੋਂ 10 ਮਈ 2022 ਨੂੰ ਲਿਖਤੀ ਪੱਤਰ ਜਾਰੀ ਕਰਕੇ ਯੂਨੀਅਨ ਦੇ ਆਗੂਆਂ ਨੂੰ ਗੱਲਬਾਤ ਕਰਨ ਲਈ 24 ਮਈ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕਰਵਾਉਣ ਦਾ ਸਮਾਂ ਤੈਅ ਕਰਵਾਇਆ ਸੀ ਪਰ ਜਦੋ ਇਸ ਤੈਅ ਸਮੇਂ ਮੁਤਾਬਿਕ ਮੀਟਿੰਗ ਕਰਨ ਲਈ ਯੂਨੀਅਨ ਦੇ ਆਗੂ ਚੰਡੀਗੜ੍ਹ ਪਹੁੰਚੇ ਤਾਂ ਮੁੱਖ ਮੰਤਰੀ ਪੰਜਾਬ ਨੇ ਮੀਟਿੰਗ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ। ਜਿਸਦੇ ਵਿਰੋਧ ’ਚ ਅੱਜ ਪੰਜਾਬ ਭਰ ’ਚ ਮਾਨ ਸਰਕਾਰ ਦੇ ਖਿਲਾਫ ਅਰਥੀ ਫੂਕ ਮੁਜਾਹਰੇ ਕੀਤੇ ਜਾ ਰਹੇ ਹਨ।
Share the post "ਆਪ ਵਿਧਾਇਕ ਵਲੋਂ ਦਿੱਤੇ ਭਰੋਸੇ ਤੋਂ ਬਾਅਦ ਜਲ ਸਪਲਾਈ ਕਾਮਿਆਂ ਨੇ ਅਰਥੀ ਫੂਕ ਪ੍ਰਦਰਸ਼ਨ ਕੀਤਾ ਮੁਲਤਵੀ"