ਸੁਖਜਿੰਦਰ ਮਾਨ
ਬਠਿੰਡਾ, 28 ਦਸੰਬਰ: ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਿਲਾ ਬਠਿੰਡਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਭੁੱਚੋ ਖੁਰਦ ਵਿਖੇ ਹੋਈ। ਮੀਟਿੰਗ ਵਿਚ ਵਿਸੇਸ ਤੌਰ ’ਤੇ ਪੁੱਜੇ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਅਤੇ ਸ਼ਿੰਗਾਰਾ ਸਿੰਘ ਮਾਨ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਲੋਕਾਂ ਦੇ ਸਾਰੇ ਮਸਲੇ ਹੱਲ ਕਰਨ ਲਈ ਬਦਲਾਅ ਦੇ ਨਾਅਰੇ ਨਾਲ ਬਣੀ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰਾਜਗੱਦੀ ’ਤੇ ਕਾਬਜ਼ ਹੋ ਕੇ ਲੋਕਾਂ ਦੇ ਵਿਰੁੱਧ ਬਦਲਾਅ ਸ਼ੁਰੂ ਕਰ ਦਿੱਤਾ। ਉਨ੍ਹਾਂ ਕਿਹਾ ਕਿ ਮਨਸੂਰਵਾਲ , ਜੀਰਾ ਨੇੜੇ ਚੱਲ ਰਹੀ ਮਾਲਬਰੋਜ ਸ਼ਰਾਬ ਫੈਕਟਰੀ ਵੱਲੋਂ ਕੈਮੀਕਲ ਵਾਲਾ ਜ਼ਹਿਰੀਲਾ ਪਾਣੀ ਰੋਜ਼ਾਨਾ ਲੱਖਾਂ ਲਿਟਰ ਧਰਤੀ ਵਿੱਚ ਪਾਇਆ ਜਾ ਰਿਹਾ ਹੈ ਜਿਸ ਕਾਰਨ ਧਰਤੀ ਹੇਠਲਾ ਪਾਣੀ ਪੀਣ ਯੋਗ ਨਾ ਹੋਣ ਕਰਕੇ ਅਤੇ ਹਵਾ ਅਤੇ ਜ਼ਮੀਨ ਪ੍ਰਦੂਸ਼ਤ ਹੋਣ ਕਰਕੇ ਇਲਾਕੇ ਵਿਚ ਕੈਂਸਰ ਵਰਗੀਆਂ ਲਗਾਤਾਰ ਭਿਆਨਕ ਬਿਮਾਰੀਆਂ ਮਨੁੱਖਾਂ ਅਤੇ ਪਸ਼ੂਆਂ ਨੂੰ ਵਿਚ ਫੈਲ ਰਹੀਆਂ ਹਨ। ਇਸਤੋਂ ਇਲਾਵਾ ਮੀਟਿੰਗ ਵਿੱਚ ਸੂਬਾ ਕਮੇਟੀ ਦੇ ਸੱਦੇ ਤਹਿਤ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਚੱਲ ਰਹੇ ਲਗਾਤਾਰ ਸੰਘਰਸ਼ ਦੀ ਹਮਾਇਤ ਵਿਚ ਜਿਲੇ ਵੱਲੋਂ 5 ਜਨਵਰੀ ਨੂੰ 12 ਤੋਂ 3 ਵਜੇ ਤੱਕ ਧਰਨੇ ਲਾ ਕੇ ਟੋਲ ਪਲਾਜੇ ਬੰਦ ਕਰਨ ਦੀ ਵਿਉਂਤਬੰਦੀ ਕੀਤੀ ਗਈ। ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਲਤੀਫਪੁਰਾ (ਜਲੰਧਰ) ਵਿਚ ਪੁਲਸ ਵੱਲੋਂ ਜਬਰ ਕਰਕੇ ਉੱਥੋਂ ਦੇ ਸਦੀਆਂ ਤੋਂ ਰਹਿ ਰਹੇ ਲੋਕਾਂ ਨੂੰ ਉਜਾੜਨ ਸਮੇਤ ਪੰਜਾਬ ਵਿਚ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਲੋਕਾਂ ਤੇ ਕੀਤੇ ਜਾ ਰਹੇ ਜਬਰ ਦੀ ਸਖ਼ਤ ਨਿਖੇਧੀ। ਅੱਜ ਦੀ ਮੀਟਿੰਗ ਵਿੱਚ ਕਲਮਕਾਰਾਂ ਅਤੇ ਪ੍ਰੈਸ ਦੀ ਆਜ਼ਾਦੀ ਤੇ ਕੀਤੇ ਜਾ ਰਹੇ ਹਮਲੇ ਦੀ ਨਿਖੇਧੀ ਕੀਤੀ ਗਈ। ਕਿਸਾਨ ਆਗੂਆਂ ਨੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ 26 ਜਨਵਰੀ ਨੂੰ ਵੱਡਾ ਇਕੱਠ ਕਰਨ ਦਾ ਸੱਦਾ ਦਿੱਤਾ ਗਿਆ।ਅੱਜ ਦੀ ਮੀਟਿੰਗ ਵਿੱਚ ਹਰਿੰਦਰ ਬਿੰਦੂ ,ਪਰਮਜੀਤ ਕੌਰ ਲਹਿਰਾ ਖਾਨਾ,ਬਸੰਤ ਸਿੰਘ ਕੋਠਾ ਗੁਰੂ ,ਜਸਵੀਰ ਸਿੰਘ ਬੁਰਜ ਸੇਮਾ ,ਨਛੱਤਰ ਸਿੰਘ ਢੱਡੇ ,ਜਗਦੇਵ ਸਿੰਘ ਜੋਗੇ ਵਾਲਾ, ਜਗਸੀਰ ਸਿੰਘ ਝੁੰਬਾ, ਅਮਰੀਕ ਸਿੰਘ ਸਿਵੀਆ ,ਕੁਲਵੰਤ ਸ਼ਰਮਾ, ਕਾਲਾ ਸਿੰਘ ਚੱਠੇਵਾਲਾ ,ਰਾਜਵਿੰਦਰ ਸਿੰਘ ਰਾਮਨਗਰ ,ਸੁਖਦੇਵ ਸਿੰਘ ਰਾਮਪੁਰਾ, ਹੁਸ਼ਿਆਰ ਸਿੰਘ ਚੱਕ ਫਤਿਹ ਸਿੰਘ ਵਾਲਾ ਤੋਂ ਇਲਾਵਾ ਬਲਾਕਾਂ ਤੇ ਪਿੰਡਾਂ ਦੇ ਪ੍ਰਧਾਨ ਸਕੱਤਰ ਅਤੇ ਸਰਗਰਮ ਆਗੂ ਸ਼ਾਮਲ ਸਨ।
ਉਗਰਾਹਾ ਜਥੇਬੰਦੀ ਵਲੋਂ 5 ਜਨਵਰੀ ਨੂੰ ਟੋਲ ਪਲਾਜ਼ੇ ਬੰਦ ਕਰਨ ਦਾ ਐਲਾਨ
9 Views