ਕਿਹਾ, ਇਤਰਾਜ਼ਹੀਣਤਾ ਸਰਟੀਫ਼ਿਕੇਟ ਸਬੰਧੀ ਲੋਕਲ ਪੱਧਰ ਤੇ ਬਣਾਇਆ ਜਾਵੇ ਸਾਂਝਾਂ ਪੋਰਟਲ
ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਰੀਵਿਊ ਮੀਟਿੰਗ
ਸੁਖਜਿੰਦਰ ਮਾਨ
ਬਠਿੰਡਾ, 29 ਅਪ੍ਰੈਲ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਵੱਖ-ਵੱਖ ਵਿਭਾਗਾਂ ਵਲੋਂ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਐਨਓਸੀ (ਇਤਰਾਜ਼ਹੀਣਤਾ ਸਰਟੀਫ਼ਿਕੇਟ) ਸਬੰਧੀ ਅਧਿਕਾਰੀਆਂ ਨਾਲ ਬੈਠਕ ਕੀਤੀ ਗਈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਹੋਈ ਇਸ ਬੈਠਕ ਦੌਰਾਨ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਆਪੋਂ-ਆਪਣੇ ਵਿਭਾਗ ਨਾਲ ਸਬੰਧਤ ਪ੍ਰਾਪਤ ਦਰਖਾਸਤਾਂ ਦਾ ਨਿਪਟਾਰਾ ਕਰਦੇ ਹੋਏ 15 ਦਿਨਾਂ ਦੇ ਅੰਦਰ-ਅੰਦਰ ਜਾਇਜ਼ ਇਸਤਰਾਜ਼ਹੀਣਤਾ ਸਰਟੀਫ਼ਿਕੇਟ ਸਬੰਧਤ ਵਿਅਕਤੀਆਂ ਨੂੰ ਮੁਹੱਈਆ ਕਰਵਾਉਣੇ ਯਕੀਨੀ ਬਣਾਉਣ।
ਇਸ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਇਤਰਾਜ਼ਹੀਣਤਾ ਸਰਟੀਫ਼ਿਕੇਟ ਸਬੰਧੀ ਪ੍ਰਾਪਤ ਦਰਖਾਸਤਾਂ ਨੂੰ ਆਪਣੀ ਖੁਦ ਦੀ ਜ਼ਿੰਮੇਵਾਰੀ ਸਮਝਦਿਆਂ ਤਹਿ ਸਮੇਂ ਅਨੁਸਾਰ ਨਿਪਟਾਰਾ ਕਰਨਾ ਯਕੀਨੀ ਬਣਾਉਣ। ਉਨ੍ਹਾਂ ਇਹ ਵੀ ਕਿਹਾ ਕਿ ਸਬੰਧਤ ਦਰਖਾਸਤ ਕਰਤਾ ਨੂੰ ਘੱਟੋਂ-ਘੱਟ ਦੋ ਵਾਰ ਮੌਕਾ ਦਿੱਤਾ ਜਾਵੇ ਜੇਕਰ ਉਹ ਇਸ ਦੌਰਾਨ ਵੀ ਕੋਈ ਤਸੱਲੀਬਖਸ਼ ਜਵਾਬ ਨਹੀਂ ਦਿੰਦੇ ਤਾਂ ਉਸ ਦੀ ਦਰਖਾਸਤ ਨੂੰ ਰਿਜੈਕਟ ਕੀਤਾ ਜਾਵੇ। ਕੋਈ ਵੀ ਪੈਂਡਿੰਗ ਕੇਸ ਆਪਣੇ ਪਾਸ ਨਾ ਰੱਖਿਆ ਜਾਵੇ।
ਇਸ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਇਤਰਾਜ਼ਹੀਣਤਾ ਸਰਟੀਫ਼ਿਕੇਟ ਸਬੰਧੀ ਲੋਕਲ ਪੱਧਰ ਤੇ ਸਾਰੇ ਵਿਭਾਗਾਂ ਦਾ ਇੱਕ ਸਾਂਝਾਂ ਪੋਰਟਲ ਬਣਾਇਆ ਜਾਵੇ। ਇਸ ਪੋਰਟਲ ਤੇ ਇਤਰਾਜ਼ਹੀਣਤਾ ਸਰਟੀਫ਼ਿਕੇਟ ਸਬੰਧੀ ਸਾਰੀ ਲੋੜੀਂਦੀ ਜਾਣਕਾਰੀ ਅਪਲੋਡ ਕੀਤੀ ਜਾਵੇ ਤਾਂ ਜੋ ਇਸ ਉੱਤੇ ਨਾਲੋਂ-ਨਾਲ ਨਿਗਰਾਨੀ ਰੱਖੀ ਜਾ ਸਕੇ।
ਬੈਠਕ ਦੌਰਾਨ ਫਾਇਰ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਬੀਡੀਏ, ਮਿਊਸੀਪਲ ਕਾਰਪੋਰੇਸ਼ਨ, ਪੀਡਬਲਿਯੂਡੀ, ਜਗਲਾਤ ਵਿਭਾਗ, ਪੀਐਸਪੀਸੀਐਲ, ਫੂਡ ਸਪਲਾਈ ਵਿਭਾਗ, ਪ੍ਰਦੂਸ਼ਣ ਕੰਟਰੋਲ ਬੋਰਡ, ਐਚਪੀਸੀਐਲ, ਇੰਡੀਅਨ ਆਇਲ ਆਦਿ ਵਲੋਂ ਮੁਹੱਈਆ ਕਰਵਾਏ ਜਾਣ ਵਾਲੇ ਇਤਰਾਜ਼ਹੀਣਤਾ ਸਰਟੀਫ਼ਿਕੇਟ ਸਬੰਧੀ ਰੀਵਿਊ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ, ਸਿਖਲਾਈ ਅਧੀਨ ਆਈਏਐਸ ਅਧਿਕਾਰੀ ਸ਼੍ਰੀ ਨਿਕਾਸ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਹਾਜ਼ਰ ਸਨ।
Share the post "ਐਨਓਸੀ ਸਬੰਧੀ ਪੈਂਡਿੰਗ ਦਰਖਾਸਤਾਂ ਦਾ 15 ਦਿਨਾਂ ਦੇ ਅੰਦਰ ਕੀਤਾ ਜਾਵੇ ਨਿਪਟਾਰਾ : ਡਿਪਟੀ ਕਮਿਸ਼ਨਰ"