ਈਟ ਰਾਈਟ ਇਨੀਸੇਟਿਵ ਮੁਹਿੰਮ ਤਹਿਤ ਕੀਤੀ ਸਰਟੀਫ਼ਿਕੇਟਾਂ ਦੀ ਵੰਡ
ਸੁਖਜਿੰਦਰ ਮਾਨ
ਬਠਿੰਡਾ, 2 ਮਈ:ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਚ ਜ਼ਿਲ੍ਹਾ ਪੱਧਰੀ ਸਲਾਹਕਾਰ (ਫੂਡ) ਕਮੇਟੀ ਦੀ ਮੀਟਿੰਗ ਹੋਈ, ਜਿਸਦੀ ਪ੍ਰਧਾਨਵੀ ਏਡੀਸੀ ਪੱਲਵੀ ਚੌਧਰੀ ਨੇ ਕੀਤੀ। ਇਸ ਮੌਕੇ ਉਨ੍ਹਾਂ ਮਾਰਚ ਤੇ ਅਪ੍ਰੈਲ (2023) ਮਹੀਨਿਆਂ ਦੌਰਾਨ ਕੀਤੇ ਗਏ ਕਾਰਜਾਂ ਦੀ ਸਮੀਖਿਆ ਕੀਤੀ। ਬੈਠਕ ਦੀ ਪ੍ਰਧਾਨਗੀ ਕਰਦਿਆਂ ਮੈਡਮ ਚੌਧਰੀ ਨੇ ਕਿਹਾ ਕਿ ਛੋਟੇ ਬੱਚੇ, ਗਰਭਵਤੀ ਔਰਤਾਂ, ਦੁੱਧ ਪਿਲਾਉਣ ਵਾਲੀਆਂ ਮਾਵਾਂ, ਬਜ਼ੁਰਗਾਂ ਨੂੰ ਐਨਰਜੀ ਡਰਿੰਕਸ ਦੀ ਵਰਤੋਂ ਤੋਂ ਗੁਰੇਜ਼ ਕਰਨ ਪ੍ਰਤੀ ਵੱਧ ਤੋਂ ਵੱਧ ਜਾਗਰੂਕ ਕਰਨਾ ਯਕੀਨੀ ਬਣਾਉਣ।ਉਨ੍ਹਾਂ ਜ਼ਿਲ੍ਹਾ ਸਿਹਤ ਅਫ਼ਸਰ ਵਲੋਂ ਫੂਡ ਸੇਫਟੀ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਵਿੱਖ ਵਿਚ ਵੀ ਅਜਿਹੇ ਉਪਰਾਲੇ ਲਗਾਤਾਰ ਵੱਧ ਤੋਂ ਵੱਧ ਜਾਰੀ ਰੱਖੇ ਜਾਣ। ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਸਾਰੇ ਸਕੂਲਾਂ ਵਿੱਚ ਐਨਰਜੀ ਡਰਿੰਕਸ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਜਾਵੇ ਅਤੇ ਬੱਚਿਆਂ ਨੂੰ ਇਨ੍ਹਾਂ ਦੇ ਹੋਣ ਵਾਲੇ ਨੁਕਸਾਨਾਂ ਬਾਰੇ ਵੱਧ ਤੋਂ ਵੱਧ ਜਾਣੂ ਕਰਵਾਇਆ ਜਾਵੇ। ਇਸ ਮੌਕੇ ਜ਼ਿਲ੍ਹਾ ਸਿਹਤ ਅਫ਼ਸਰ ਮੈਡਮ ਊਸ਼ਾ ਗੋਇਲ ਨੇ ਦੱਸਿਆ ਕਿ ਐਨਰਜੀ ਡਰਿੰਕਸ ਵਿੱਚ ਕੈਫੀਨ ਦੀ ਮਾਤਰਾ ਜ਼ਿਆਦਾ ਹੁੰਦੀ ਹੈ ਜੋ ਸਿਹਤ ਲਈ ਬਹੁਤ ਹਾਨੀਕਾਰਕ ਹੈ। ਇਸ ਐਨਰਜੀ ਡਰਿੰਕਸ ਨੂੰ ਲਗਾਤਾਰ ਪੀਣ ਨਾਲ ਆਦਤ ਬਣ ਸਕਦੀ ਹੈ, ਜੋ ਕਿ ਸਿਹਤ ਲਈ ਬਹੁਤ ਹਾਨੀਕਾਰਕ ਹੈ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਤੇ ਸੈਕੰਡਰੀ ਨੂੰ ਕਿਹਾ ਕਿ ਗਰਮੀਆਂ ਦੀਆਂ ਛੁੱਟੀਆਂ ਤੋਂ ਪਹਿਲਾਂ-ਪਹਿਲਾਂ ਜ਼ਿਲ੍ਹੇ ਅਧੀਨ ਪੈਂਦੇ ਵੱਖ-ਵੱਖ ਸਕੂਲਾਂ ਵਿੱਚ ਫੂਡ ਸੇਫ਼ਟੀ ਟੀਮਾਂ ਦਾ ਦੌਰਾ ਕਰਵਾਇਆ ਜਾਵੇ ਤਾਂ ਜੋ ਸਕੂਲੀ ਬੱਚਿਆਂ ਨੂੰ ਖਾਣ-ਪੀਣ ਦੀਆਂ ਵਸਤਾਂ ਦੇ ਸਿਹਤ ਨੂੰ ਹੋਣ ਵਾਲੇ ਫਾਇਦਿਆਂ ਅਤੇ ਨੁਕਸਾਨਾਂ ਬਾਰੇ ਵਿਸਥਾਰਪੂਰਵਕ ਤਰੀਕੇ ਨਾਲ ਜਾਣੂ ਕਰਵਾਇਆ ਜਾਵੇ। ਇਸ ਮੌਕੇ ਈਟ ਰਾਈਟ ਇਨੀਸੇਟਿਵ ਮੁਹਿੰਮ ਤਹਿਤ ਜ਼ਿਲ੍ਹੇ ਦੇ ਕਾਲਜ, ਰੇਲਵੇ ਸਟੇਸ਼ਨ, ਹੋਟਲ, ਰੈਸਟੋਰੈਂਟ ਜੋ ਫੂਡ ਸੇਫ਼ਟੀ ਸਟੈਂਡਰਡ ਅਥਾਰਟੀ ਆਫ਼ ਇੰਡੀਆ ਦੇ ਮਾਪ-ਦੰਡਾਂ ਤੇ ਖਰੇ ਉਤਰਦੇ ਸਨ, ਉਨ੍ਹਾਂ ਨੂੰ ਸਰਟੀਫ਼ਿਕੇਟਾਂ ਦੀ ਵੀ ਵੰਡ ਕੀਤੀ ਗਈ। ਇਸ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ਼ਿਵਪਾਲ ਗੋਇਲ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਮੇਵਾ ਸਿੰਘ ਸਿੱਧੂ,ਐਸਐਸਡੀ ਗਰਲਜ਼ ਕਾਲਜ ਦੇ ਪ੍ਰਿੰਸੀਪਲ ਮੈਡਮ ਨੀਰੂ ਅਤੇ ਬਠਿੰਡਾ ਰੇਲਵੇ ਸਟੇਸ਼ਨ ਦੇ ਸੁਪਰਡੈਂਟ ਰਾਜੇਸ਼ ਸ਼ਰਮਾ ਆਦਿ ਹਾਜ਼ਰ ਸਨ।
Share the post "ਐਨਰਜੀ ਡਰਿੰਕਸ ਦੀ ਵਰਤੋਂ ਰੋਕਣ ਲਈ ਬੱਚਿਆਂ ਨੂੰ ਕੀਤਾ ਜਾਵੇਗਾ ਜਾਗਰੂਕ: ਪਲਵੀ ਚੌਧਰੀ"