ਕਿਹਾ, ਝੋਨੇ ਦੇ ਇੱਕ-ਇੱਕ ਦਾਣੇ ਦੀ ਕੀਤੀ ਜਾਵੇਗੀ ਖਰੀਦ
ਸੁਖਜਿੰਦਰ ਮਾਨ
ਬਠਿੰਡਾ, 9 ਨਵੰਬਰ: ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਰਵਿੰਦਰ ਕੁਮਾਰ ਕੌਸ਼ਿਕ ਨੇ ਅੱਜ ਦੇਰ ਸ਼ਾਮ ਸਥਾਨਕ ਮੁੱਖ ਅਨਾਜ ਮੰਡੀ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨਾਂ ਖ਼ਰੀਦ ਕੇਂਦਰ ਵਿਚ ਖ਼ਰੀਦ ਦੇ ਸੁਚੱਜੇ ਪ੍ਰਬੰਧਾਂ ਤੇ ਤਸੱਲੀ ਪ੍ਰਗਟਾਈ। ਇਸ ਮੌਕੇ ਸ਼੍ਰੀ ਕੌਸ਼ਿਕ ਨੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਇਸ ਦੌਰਾਨ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਤੇ ਐਸਐਸਪੀ ਅਜੈ ਮਲੂਜਾ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।
ਇਸ ਮੌਕੇ ਡਵੀਜ਼ਨਲ ਕਮਿਸ਼ਨਰ ਨੇ ਮੰਡੀ ਵਿਚ ਪਹੁੰਚੇ ਕਿਸਾਨਾਂ ਨਾਲ ਗਲਬਾਤ ਕਰਦਿਆਂ ਵਿਸ਼ਵਾਸ਼ ਦਿਵਾਇਆ ਕਿ ਝੋਨੇ ਦੀ ਫ਼ਸਲ ਦੇ ਇੱਕ-ਇੱਕ ਦਾਣੇ ਦੀ ਖਰੀਦ ਕੀਤੀ ਜਾਵੇਗੀ ਤੇ ਕਿਸੇ ਵੀ ਪ੍ਰਕਾਰ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਪ੍ਰੇਸ਼ਾਨੀ ਤੋਂ ਬਚਣ ਲਈ ਸੁੱਕਾ ਝੋਨਾ ਹੀ ਮੰਡੀਆਂ ਵਿਚ ਲੈ ਕੇ ਆਉਣ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਸਗੋਂ ਇਸ ਨੂੰ ਖੇਤ ਵਿਚ ਹੀ ਵਾਹੁਣ ਨੂੰ ਤਰਜੀਹ ਦਿੱਤੀ ਜਾਵੇ। ਝੋਨੇ ਦੀ ਪਰਾਲੀ ਨੂੰ ਜਿੱਥੇ ਖੇਤ ਵਿਚ ਮਿਲਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿਚ ਵਾਧਾ ਹੁੰਦਾ ਹੈ ਉੱਥੇ ਹੀ ਫ਼ਸਲ ਦੇ ਝਾੜ ਵਿਚ ਵੀ ਦੁੱਗਣਾ ਵਾਧਾ ਹੁੰਦਾ ਹੈ। ਇਸ ਮੌਕੇ ਐਸਡੀਐਮ ਕੰਵਰਦੀਪ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਕੰਵਲਪ੍ਰੀਤ ਸਿੰਘ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਜਸਪ੍ਰੀਤ ਕਾਹਲੋਂ, ਮਾਰਕਫੈਡ ਦੇ ਡੀਐਮ ਐਚ.ਐਸ ਧਾਲੀਵਾਲ, ਜ਼ਿਲ੍ਹਾ ਮੰਡੀ ਅਫ਼ਸਰ ਪ੍ਰੀਤ ਕੰਵਰ ਬਰਾੜ ਆਦਿ ਆਧਿਕਾਰੀ ਹਾਜ਼ਰ ਸਨ।
Share the post "ਕਮਿਸ਼ਨਰ ਕੌਸ਼ਿਕ ਨੇ ਅਨਾਜ ਮੰਡੀ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ"