10 Views
ਸੁਖਜਿੰਦਰ ਮਾਨ
ਬਠਿੰਡਾ, 21 ਮਾਰਚ: ਅੱਜ ਸੁਯੰਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜਿਲ੍ਹਾ ਇਕਾਈ ਵੱਲੋਂ ਖੇਤੀ ਕਾਨੂੰਨਾਂ ਦੀ ਵਾਪਸੀ ਮੌਕੇ ਕਿਸਾਨਾਂ ਨਾਲ ਕੀਤੇ ਗਏ ਲਿਖਤੀ ਵਾਅਦਿਆਂ ਨੂੰ ਲਾਗੂ ਕਰਨ ਤੋਂ ਇਨਕਾਰੀ ਕੇਂਦਰੀ ਭਾਜਪਾ ਹਕੂਮਤ ਖਿਲਾਫ ਰੋਸ ਪ੍ਰਦਰਸ਼ਨ ਕਰ ਕੇ ਇਨ੍ਹਾਂ ਮੰਗਾਂ ਨੂੰ ਲਾਗੂ ਕਰਨ ਸੰਬੰਧੀ ਡਿਪਟੀ ਕਮਿਸ਼ਨਰ ਰਾਹੀਂ ਪ੍ਰਧਾਨ ਮੰਤਰੀ ਦੇ ਨਾਮ ‘ਤੇ ਮੰਗ ਪੱਤਰ ਦਿੱਤਾ ਗਿਆ।
ਇਸ ਮੌਕੇ ਜੁੜੇ ਹਜ਼ਾਰਾਂ ਮਰਦ ਔਰਤਾਂ ਦੇ ਇੱਕਠ ਨੂੰ ਸੰਬੋਧਨ ਕਰਦੇ ਹੋਏ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ,ਜਿਲ੍ਹਾ ਪ੍ਰਧਾਨ ਸਿੰਗਾਰਾ ਸਿੰਘ ਮਾਨ ਅਤੇ ਔਰਤ ਆਗੂ ਮਾਲਣ ਕੌਰ ਕੋਠਾਗੁਰੂ ਨੇ ਮੋਦੀ ਭਾਜਪਾ ਹਕੂਮਤ ਦੁਆਰਾ ਕਿਸਾਨਾਂ ਨਾਲ ਵਾਅਦਾਖਿਲਾਫੀ ਕਰਨ ਬਦਲੇ ਉਸਦੀ ਸਖ਼ਤ ਨਿੰਦਾ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਬਿਨਾਂ ਸ਼ੱਕ ਮੁਲਕ ਪੱਧਰੇ ਕਿਸਾਨ ਸੰਘਰਸ਼ ਦੇ ਜਨਤਕ ਦਬਾਅ ਹੇਠ ਖੇਤੀ ਵਿਰੋਧੀ ਕਾਲ਼ੇ ਕਾਨੂੰਨਾਂ ਦੀ ਵਾਪਸੀ ਦੀ ਮੁੱਖ ਮੰਗ ਮੰਨਣ ਲਈ ਤਾਂ ਮੋਦੀ ਸਰਕਾਰ ਨੂੰ ਮਜਬੂਰ ਹੋਣਾ ਪਿਆ। ਪ੍ਰੰਤੂ ਇਸ ਮੌਕੇ 9 ਦਸੰਬਰ ਦੀ ਸਰਕਾਰੀ ਚਿੱਠੀ ਰਾਹੀਂ ਰਹਿੰਦੀਆਂ ਮੰਗਾਂ ਬਾਰੇ ਕੀਤੇ ਗਏ ਲਿਖਤੀ ਵਾਅਦਿਆਂ ਨੂੰ ਲਾਗੂ ਕਰਨ ਬਾਰੇ ਉਸਨੇ ਅਜੇ ਤੱਕ ਵੀ ਮੁਜਰਮਾਨਾ ਚੁੱਪ ਧਾਰ ਰੱਖੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਕਿਸਾਨ ਵਿਰੋਧੀ ਵਤੀਰੇ ਦਾ ਖਮਿਆਜਾ ਉਸਨੂੰ ਰੋਹ ਭਰਪੂਰ ਕਿਸਾਨ ਸੰਘਰਸ਼ ਦੇ ਰੂਪ ਵਿੱਚ ਭੁਗਤਣਾ ਪਵੇਗਾ।
ਜਿਲ੍ਹਾ ਜਰਨਲ ਸਕੱਤਰ ਹਰਜਿੰਦਰ ਸਿੰਘ ਬੱਗੀ ਅਤੇ ਸੀਨੀਅਰ ਮੀਤ ਪ੍ਰਧਾਨ ਮੋਠੂ ਸਿੰਘ ਕੋਟੜਾ ਨੇ ਕਿਹਾ ਕਿ ਇਨ੍ਹਾਂ ਲਿਖਤੀ ਵਾਅਦਿਆਂ ਵਿੱਚ ਸਾਰੀਆਂ ਫ਼ਸਲਾਂ ਦੇ ਲਾਭਕਾਰੀ ਐੱਮ ਐੱਸ ਪੀ ਸਵਾਮੀਨਾਥਨ ਕਮਿਸ਼ਨ ਦੇ ਫਾਰਮੂਲੇ C2+50% ਮੁਤਾਬਕ ਮਿਥਣ ਅਤੇ ਪੂਰੀ ਖਰੀਦ ਦੀ ਕਾਨੂੰਨੀ ਗਰੰਟੀ ਕਰਨ ਸਮੇਤ ਜਨਤਕ ਵੰਡ ਪ੍ਰਣਾਲੀ ਮਜ਼ਬੂਤ ਕਰਨ ਸਬੰਧੀ ਕਮੇਟੀ ਦਾ ਗਠਨ ਕਰਨਾ; ਲਖੀਮਪੁਰ ਖੀਰੀ (ਯੂ ਪੀ) ਕਾਂਡ ਦੀ ਸਾਜ਼ਿਸ਼ ਰਚ ਕੇ ਗੱਡੀਆਂ ਥੱਲੇ ਕੁਚਲ ਕੇ ਸ਼ਹੀਦ ਅਤੇ ਗੰਭੀਰ ਜ਼ਖ਼ਮੀ ਕੀਤੇ ਕਈ ਕਿਸਾਨਾਂ ਦੇ ਮੁੱਖ ਦੋਸ਼ੀ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਣੀ ਨੂੰ ਗ੍ਰਿਫ਼ਤਾਰ ਕਰ ਕੇ ਕੁਰਸੀ ਤੋਂ ਲਾਹੁਣਾ ਅਤੇ ਸਾਰੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣਾ; ਦਿੱਲੀ, ਚੰਡੀਗੜ੍ਹ, ਹਰਿਆਣਾ,ਯੂ ਪੀ ਅਤੇ ਹੋਰ ਕਈ ਰਾਜਾਂ ਵਿੱਚ ਅੰਦੋਲਨਕਾਰੀ ਕਿਸਾਨਾਂ ਮਜ਼ਦੂਰਾਂ ਵਿਰੁੱਧ ਦਰਜ ਕੀਤੇ ਗਏ ਕੇਸ ਰੱਦ ਕਰਨੇ ਅਤੇ ਜੇਲ੍ਹੀਂ ਡੱਕੇ ਕਿਸਾਨ ਤੁਰੰਤ ਰਿਹਾਅ ਕਰਨੇ; ਅੰਦੋਲਨ ਦੌਰਾਨ ਸ਼ਹੀਦ ਹੋਏ ਵੱਖ-ਵੱਖ ਰਾਜਾਂ ਦੇ 700 ਤੋਂ ਵੱਧ ਕਿਸਾਨਾਂ ਮਜ਼ਦੂਰਾਂ ਔਰਤਾਂ ਨੌਜਵਾਨਾਂ ਦੇ ਵਾਰਸਾਂ ਨੂੰ ਢੁੱਕਵਾਂ ਮੁਆਵਜ਼ਾ,1-1 ਜੀਅ ਨੂੰ ਪੱਕੀ ਸਰਕਾਰੀ ਨੌਕਰੀ ਅਤੇ ਸਾਰੇ ਕਰਜ਼ੇ ਖ਼ਤਮ ਕਰਨੇ; ਬਿਜਲੀ ਬਿੱਲ 2020 ਵਿੱਚ ਕਿਸਾਨਾਂ ਮਜ਼ਦੂਰਾਂ ਦੇ ਪੱਖੀ ਸੋਧਾਂ ਕਰਨੀਆਂ ਸ਼ਾਮਲ ਸਨ। ਇਨ੍ਹਾਂ ਨੂੰ ਇੱਕ ਮਹੀਨੇ ਦੇ ਵਿੱਚ-ਵਿੱਚ ਲਾਗੂ ਕਰਨ ਦਾ ਵਾਅਦਾ ਸੀ। ਪ੍ਰੰਤੂ ਹੁਣ ਤੱਕ ਤਿੰਨ ਮਹੀਨਿਆਂ ਤੋਂ ਵੱਧ ਸਮਾਂ ਬੀਤ ਜਾਣ ‘ਤੇ ਵੀ ਇਹ ਵਾਅਦੇ ਲਾਗੂ ਨਹੀਂ ਕੀਤੇ ਗਏ। ਉਲਟਾ ਪੰਜਾਬ ਹਰਿਆਣਾ ਦੇ ਕਿਸਾਨਾਂ ਅਤੇ ਸਮੂਹ ਕਿਰਤੀ ਲੋਕਾਂ ਉੱਤੇ ਨਵਾਂ ਹਮਲਾ ਵਿੱਢ ਦਿੱਤਾ ਗਿਆ ਹੈ। ਭਾਖੜਾ ਬਿਆਸ ਪ੍ਰਬੰਧਕੀ ਬੋਰਡ ਦਾ ਕੰਟਰੋਲ ਇਸ ਦੀ ਸੁਰੱਖਿਆ ਸਮੇਤ ਪੰਜਾਬ ਹਰਿਆਣੇ ਦੇ ਲੋਕਾਂ ਤੋਂ ਖੋਹ ਕੇ ਕੇਂਦਰ ਨੇ ਆਪਣੇ ਹੱਥਾਂ ਵਿੱਚ ਲੈਣ ਦਾ ਫ਼ੈਸਲਾ ਕਰ ਮਾਰਿਆ ਹੈ। ਪ੍ਰਦਰਸ਼ਨਕਾਰੀਆਂ ਵੱਲੋਂ ਇਹ ਫੈਸਲਾ ਵੀ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਗਈ।
ਜਿਲ੍ਹਾ ਮੀਤ ਪ੍ਰਧਾਨ ਬਸੰਤ ਸਿੰਘ ਕੋਠਾਗੁਰੂ ਨੇ ਕਿਹਾ ਕਿ ਇਹ ਮੰਗਾਂ ਲਾਗੂ ਨਾ ਕਰਨ ਦੀ ਸੂਰਤ ਵਿੱਚ ਸਰਕਾਰ ਨੂੰ ਦੇਸ਼ ਵਿਆਪੀ ਤਿੱਖੇ ਕਿਸਾਨ ਸੰਘਰਸ਼ ਦਾ ਸਾਹਮਣਾ ਕਰਨ ਦੀ ਚਿਤਾਵਨੀ ਵੀ ਇਨ੍ਹਾਂ ਮੰਗ ਪੱਤਰਾਂ ਵਿੱਚ ਸ਼ਾਮਲ ਹੈ। ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ 28,29 ਮਾਰਚ ਨੂੰ ਦੇਸ਼ ਭਰ ਦੀਆਂ ਟ੍ਰੇਡ ਯੂਨੀਅਨਾਂ ਵੱਲੋਂ ਭਾਜਪਾ ਮੋਦੀ ਸਰਕਾਰ ਦੁਆਰਾ ਸੰਸਾਰ ਵਪਾਰ ਸੰਸਥਾ ਦੀਆਂ ਸਾਮਰਾਜ ਪੱਖੀ ਨਿੱਜੀਕਰਨ ਨੀਤੀਆਂ ਮੜ੍ਹੇ ਜਾਣ ਵਿਰੁੱਧ ਦੇਸ਼ ਵਿਆਪੀ ਹੜਤਾਲ ਦਾ ਜਥੇਬੰਦੀ ਵੱਲੋਂ ਡਟਵਾਂ ਸਮਰਥਨ ਕੀਤਾ ਜਾਵੇਗਾ। ਉਨ੍ਹਾਂ ਵੱਲੋਂ ਸਮੂਹ ਕਿਸਾਨਾਂ ਮਜ਼ਦੂਰਾਂ ਤੇ ਹੋਰ ਕਿਰਤੀ ਲੋਕਾਂ ਨੂੰ ਇਸ ਹੜਤਾਲ ਵਿੱਚ ਵਧ ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ।
ਬੁਲਾਰਿਆਂ ਨੇ ਕਿਹਾ ਕਿ 23 ਮਾਰਚ ਨੂੰ ਸਹੀਦ-ਏ-ਆਜ਼ਮ ਭਗਤ ਸਿੰਘ,ਰਾਜਗੁਰੂ ਤੇ ਸੁਖਦੇਵ ਦੇ ਸਹੀਦੀ ਦਿਹਾੜੇ ਮੌਕੇ ਦਾਣਾ ਮੰਡੀ ਤਲਵੰਡੀ ਸਾਬੋ ਵਿਖੇ ਜਿਲ੍ਹਾ ਪੱਧਰੀ ਕਾਨਫਰੰਸ ਕੀਤੀ ਜਾਵੇਗੀ।ਉਹਨਾਂ ਨੇ ਨੌਜਵਾਨਾਂ, ਕਿਸਾਨਾਂ, ਮਜ਼ਦੂਰਾਂ ਤੇ ਔਰਤਾਂ ਤੇ ਸਮੂਹ ਕਿਰਤੀ ਲੋਕਾਂ ਨੂੰ ਅਪੀਲ ਕੀਤੀ ਕਿ ਵਧ-ਚੜ ਕੇ ਸਮੂਲੀਅਤ ਕਰਨ।
ਅੱਜ ਦੇ ਧਰਨੇ ਦੌਰਾਨ ਅਮਰੀਕ ਸਿੰਘ ਸਿਵੀਆਂ, ਕੁਲਵੰਤ ਰਾਏ ਸ਼ਰਮਾ, ਬਲਜੀਤ ਸਿੰਘ ਪੂਹਲਾ, ਸੁਖਦੇਵ ਸਿੰਘ ਜਵੰਦਾ, ਰਾਜਵਿੰਦਰ ਸਿੰਘ ਰਾਜੂ,ਹੁਸ਼ਿਆਰ ਸਿੰਘ ਚੱਕ ਫਤਹਿ ਸਿੰਘ ਵਾਲਾ,ਗੁਰਤੇਜ ਸਿੰਘ ਗੁਰੂਸਰ ਨੇ ਸੰਬੋਧਨ ਕੀਤਾ।
Share the post "ਕਿਸਾਨ ਅੰਦੋਲਨ ਦੇ ਰਹਿੰਦੇ ਵਾਅਦਿਆਂ ਨੂੰ ਪੂਰਾ ਕਰਵਾਉਣ ਲਈ ਕਿਸਾਨਾਂ ਨੇ ਕੀਤਾ ਰੋਸ਼ ਪ੍ਰਦਰਸ਼ਨ "