ਪਾਣੀ, ਧਰਤੀ ਅਤੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਬਾਰੇ ਕਰਵਾਇਆ ਜਾਣੂ
20 ਅਗਾਂਹਵਧੂ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੂੰ ਕੀਤਾ ਸਨਮਾਨਿਤ
ਕਿਸਾਨ ਮੇਲੇ ਵਿੱਚ ਭਾਗ ਲੈਣ ਵਾਲੇ ਕਿਸਾਨਾਂ ਨੂੰ ਫਲਦਾਰ ਬੂਟਿਆਂ ਕੀਤੀ ਵੰਡ
ਸੁਖਜਿੰਦਰ ਮਾਨ
ਬਠਿੰਡਾ, 20 ਅਕਤੂਬਰ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਕਿ੍ਰਸ਼ੀ ਵਿਗਿਆਨ ਕੇਂਦਰ ਅਤੇ ਫਾਰਮ ਸਲਾਹਕਾਰ ਸੇਵਾ ਕੇਂਦਰ ਬਠਿੰਡਾ ਵੱਲੋਂ ਪਰਾਲੀ ਦੀ ਰਹਿੰਦ-ਖੂੰਹਦ ਦੀ ਸੰਭਾਲ ਲਈ ਕਿਸਾਨ ਮੇਲਾ ਲਗਾਇਆ ਗਿਆ। “ਆਓ ਧਰਤੀ ਮਾਂ ਬਚਾਈਏ, ਪਰਾਲੀ ਨੂੰ ਅੱਗ ਨਾ ਲਗਾਈਏ” ਉਦੇਸ਼ ਤਹਿਤ ਲਗਾਏ ਗਏ ਕਿਸਾਨ ਮੇਲੇ ਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਤੋਂ ਸਹਿਯੋਗੀ ਨਿਰਦੇਸ਼ਕ ਡਾ. ਜੀ. ਐੱਸ. ਬੁੱਟਰ ਨੇ ਮੁੱਖ ਮਹਿਮਾਨ ਦੇ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਵੱਲੋਂ ਯੂਨੀਵਰਸਿਟੀ ਵਿੱਚ ਚੱਲ ਰਹੀਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਉਂਦਿਆਂ ਕਿਸਾਨਾਂ ਨੂੰ ਪਰਾਲੀ ਸੰਭਾਲਣ ਦੇ ਵੱਖ ਵੱਖ ਤਰੀਕਿਆਂ ਅਤੇ ਮਸ਼ੀਨਰੀ ਬਾਰੇ ਜਾਣਕਾਰੀ ਦਿੱਤੀ ਤੇ ਖੇਤੀ ਦੇ ਸੁਨਿਹਰੇ ਭਵਿੱਖ ਲਈ ਵੀ ਕਾਮਨਾ ਕੀਤੀ। ਡਿਪਟੀ ਡਇਰੈਕਟਰ ਕਿ੍ਰਸ਼ੀ ਵਿਗਿਆਨ ਕੇਂਦਰ ਬਠਿੰਡਾ ਡਾ. ਗੁਰਦੀਪ ਸਿੰਘ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਣ ਲਈ ਪ੍ਰੇਰਿਤ ਕੀਤਾ। ਉਹਨਾਂ ਨੇ ਪਰਾਲੀ ਸਾਂਭ ਸੰਭਾਲ ਸਬੰਧੀ ਕਿ੍ਰਸ਼ੀ ਵਿਗਿਆਨ ਕੇਂਦਰ ਦੀਆਂ ਚੱਲ ਰਹੀਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ। ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਨਿਰਦੇਸ਼ਕ, ਖੇਤਰੀ ਖੋਜ ਕੇਂਦਰ, ਬਠਿੰਡਾ ਡਾ. ਪਰਮਜੀਤ ਸਿੰਘ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵੱਲੋਂ ਸਿਫਾਰਿਸ਼ ਕਿਸਮਾਂ ਦੀ ਹੀ ਕਾਸ਼ਤ ਕਰਨ। ਇਸ ਕਿਸਾਨ ਮੇਲੇ ਵਿੱਚ ਖੇਤੀਬਾੜੀ ਨਾਲ ਸੰਬੰਧਿਤ ਵੱਖ-ਵੱਖ ਅਦਾਰਿਆਂ ਦੇ ਨੁਮਾਇੰਦਿਆਂ ਨੇ ਆਪਣੇ ਤਕਨੀਕੀ ਭਾਸ਼ਣਾਂ ਰਾਹੀਂ ਕਿਸਾਨ ਵੀਰਾਂ ਅਤੇ ਬੀਬੀਆਂ ਨੂੰ ਪਾਣੀ, ਧਰਤੀ ਅਤੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਖੇਤੀਬਾੜੀ ਅਤੇ ਪਰਾਲੀ ਪ੍ਰਬੰਧ ਕਰਨ ਵਾਲੇ ਵੱਖ-ਵੱਖ ਸਹਾਇਕ ਕਿੱਤਿਆਂ ਵਿੱਚ ਮੁਹਾਰਤ ਹਾਸਲ ਕਰ ਚੁੱਕੇ 20 ਅਗਾਂਹਵਧੂ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੂੰ ਸਨਮਾਨਿਤ ਕੀਤਾ ਗਿਆ।ਇਸ ਮੇਲੇ ਦੌਰਾਨ ਅਗਾਂਹਵਧੂ ਕਿਸਾਨਾਂ/ਕਿਸਾਨ ਬੀਬੀਆਂ ਅਤੇ ਖੇਤੀਬਾੜੀ ਨਾਲ ਸੰਬੰਧਿਤ ਵੱਖ-ਵੱਖ ਅਦਾਰਿਆ ਵੱਲੋਂ ਸਟਾਲਾਂ ਵੀ ਲਗਾਈਆਂ ਗਈਆਂ। ਮੇਲੇ ਵਿੱਚ 500 ਤੋਂ ਵੱਧ ਕਿਸਾਨਾਂ ਨੇ ਹਿੱਸਾ ਲਿਆ। ਕਿਸਾਨ ਮੇਲੇ ਵਿੱਚ ਭਾਗ ਲੈਣ ਵਾਲੇ ਕਿਸਾਨਾਂ ਨੂੰ ਫਲਦਾਰ ਬੂਟੇ ਵੀ ਮੁੱਹਈਆ ਕਰਵਾਏ ਗਏ।
ਕਿ੍ਸ਼ੀ ਵਿਗਿਆਨ ਕੇਂਦਰ ਦੁਆਰਾ ਪਰਾਲੀ ਪ੍ਰਬੰਧਨ ਸਬੰਧੀ ਕਿਸਾਨ ਮੇਲਾ ਆਯੋਜਿਤ
15 Views