ਪੂਰੇ ਹਲਕੇ ਦਾ ਕਾਇਆ ਕਲਪ ਕਰਨ ਲਈ ਮੁਢਲੇ ਤੌਰ ਉੱਤੇ ਨਕਸ਼ਾ ਤਿਆਰ – ਅਮਨ ਅਰੋੜਾ
ਸੁਖਜਿੰਦਰ ਮਾਨ
ਜਖੇਪਲ/ਸੁਨਾਮ ਊਧਮ ਸਿੰਘ ਵਾਲਾ, 16 ਜੁਲਾਈ: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਅੱਜ ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ ਪਿੰਡ ਜਖੇਪਲ ਚੌਵਾਸ ਵਿਖੇ 50 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਪਿੰਡ ਵਾਸੀਆਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਿਨਟ ਮੰਤਰੀ ਸ਼੍ਰੀ ਅਰੋੜਾ ਨੇ ਕਿਹਾ ਕਿ ਉਹਨਾ ਵੱਲੋ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਸਭ ਤੋਂ ਪਹਿਲਾਂ ਇਸ ਪਿੰਡ ਵਿਖੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾ ਰਹੇ ਹਨ ਇਸ ਲਈ ਪਿੰਡ ਵਾਸੀਆ ਦਾ ਵੀ ਇਹ ਫਰਜ਼ ਬਣਦਾ ਹੈ ਕਿ ਗਰਾਂਟ ਲਈ ਜਾਰੀ ਰਾਸ਼ੀ ਦੀ ਪੂਰੀ ਇਮਾਨਦਾਰੀ ਨਾਲ ਵਰਤੋਂ ਕੀਤੀ ਜਾਵੇ। ਉਹਨਾਂ ਕਿਹਾ ਕਿ ਪੂਰੇ ਹਲਕੇ ਦਾ ਕਾਇਆ ਕਲਪ ਕਰਨ ਲਈ ਮੁਢਲੇ ਤੌਰ ਉੱਤੇ ਨਕਸ਼ਾ ਤਿਆਰ ਕੀਤਾ ਜਾ ਚੁੱਕਾ ਹੈ ਜਿਸ ਨੂੰ ਤਿਆਰ ਕਰਨ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਤੋਂ ਪ੍ਰਾਪਤ ਕੀਤੀਆਂ ਗਈਆਂ ਮੰਗਾਂ ਨੂੰ ਪੂਰਾ ਕਰਨ ਲਈ ਵੀ ਧਿਆਨ ਰੱਖਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਮਿਲੇ ਨਿੱਘੇ ਪਿਆਰ ਲਈ ਉਹ ਸਦਾ ਧੰਨਵਾਦੀ ਰਹਿਣਗੇ ਤੇ ਸੁਨਾਮ ਹਲਕੇ ਦੇ ਲੋਕਾਂ ਦੀ ਹਰ ਮੁਸ਼ਕਿਲ ਨੂੰ ਆਪਣੀ ਨਿੱਜੀ ਸਮੱਸਿਆ ਸਮਝ ਕੇ ਹੱਲ ਕਰਵਾਉਣਗੇ। ਇਸ ਮੌਕੇ ਉਹਨਾਂ ਇਹ ਵੀ ਦਸਿਆ ਕਿ ਹਰ ਹਫ਼ਤੇ ਸ਼ਨੀਵਾਰ ਅਤੇ ਐਤਵਾਰ ਉਹਨਾਂ ਵਲੋਂ ਆਪਣੀ ਸੁਨਾਮ ਸਥਿਤ ਰਿਹਾਇਸ਼ ਵਿਖੇ ਹਲਕੇ ਦੇ ਲੋਕਾਂ ਦੀਆਂ ਸਮਸਿਆਵਾਂ ਸੁਣੀਆਂ ਜਾਣਗੀਆਂ ਅਤੇ ਢੁਕਵਾਂ ਹੱਲ ਕਰਵਾਇਆ ਜਾਵੇਗਾ।ਇਸ ਮੌਕੇ ਸ਼੍ਰੀ ਅਰੋੜਾ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਹ ਰਾਜ ਦੇ ਲੋਕਾਂ ਦੀ ਸੇਵਾ ਪ੍ਰਤੀ ਆਪਣੀ ਡਿਊਟੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ।ਇਸ ਮੌਕੇ ਉਨ੍ਹਾਂ ਆਪਣੇ ਪਿਤਾ ਸ਼੍ਰੀ ਭਗਵਾਨ ਦਾਸ ਅਰੋੜਾ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਆਪਣੇ ਪਿਤਾ ਤੋਂ ਮਿਲੀ ਪ੍ਰੇਰਨਾ ਸਦਕਾ ਹੀ ਲੰਬੇ ਸੰਘਰਸ਼ ਤੋਂ ਬਾਅਦ ਇਸ ਮੁਕਾਮ ਤੱਕ ਪਹੁੰਚੇ ਹਨ।ਇਸ ਦੌਰਾਨ ਪ੍ਰਬੰਧਕਾਂ ਵੱਲੋਂ ਸ਼੍ਰੀ ਅਰੋੜਾ ਨੂੰ ਵਿਸ਼ੇਸ਼ ਤੌਰ ਉੱਤੇ ਸਨਮਾਨਿਤ ਵੀ ਕੀਤਾ ਗਿਆ।
Share the post "ਕੈਬਿਨਟ ਮੰਤਰੀ ਅਮਨ ਅਰੋੜਾ ਨੇ ਜਖੇਪਲ ਚੌਵਾਸ ਵਿਖੇ 50 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ"