ਇਹ ਸਮਾਗਮ ਸਕੂਲ ਪੱਧਰ ’ਤੇ ਇਕੋ ਸਮੇਂ ਕਰਵਾਏ ਜਾਣਗੇ: ਹਰਜੋਤ ਬੈਂਸ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 26 ਜੁਲਾਈ: ਪੰਜਾਬ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਨੂੰ ਪੂਰਾ ਕਰਨ ਲਈ ਇੱਕ ਕਦਮ ਹੋਰ ਵਧਾਉਂਦਿਆਂ ਦਹਾਕਿਆਂ ਤੋਂ ਸਕੂਲ ਸਿੱਖਿਆ ਵਿਭਾਗ ਵਿੱਚ ਠੇਕੇ ’ਤੇ ਕੰਮ ਕਰ ਰਹੇ ਸਿੱਖਿਆ ਪ੍ਰੋਵਾਈਡਰ, ਆਈ. ਈ, ਈ.ਜੀ.ਐਸ, ਐਸ. ਟੀ. ਆਰ, ਏ.ਆਈ. ਈ, ਅਤੇ ਸਪੈਸ਼ਲ ਇਨਕਲੂਸਿਵ ਟੀਚਰਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਜਾ ਰਹੀ ਹੈ। ਇਸਦੀ ਪੁਸ਼ਟੀ ਖ਼ੁਦ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਰਦਿਆਂ ਦੱਸਿਆ ਹੈ ਕਿ ਇਸ ਸਬੰਧੀ 28 ਜੁਲਾਈ ਨੂੰ ਚੰਡੀਗੜ੍ਹ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਜਾਵੇਗਾ ਅਤੇ ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਉਨ੍ਹਾਂ ਕਿਹਾ ਕਿ ਇਸ ਮੌਕੇ ਮੁੱਖ ਮੰਤਰੀ ਠੇਕੇ ’ਤੇ ਕੰਮ ਕਰ ਰਹੇ ਇਨ੍ਹਾਂ 12,500 ਅਧਿਆਪਕਾਂ ਨੂੰ ਸਰਵਿਸ ਰੈਗੂਲਰਾਈਜ਼ੇਸ਼ਨ ਲੈਟਰ ਸੌਂਪਣਗੇ ਅਤੇ ਇਹ ਸਮਾਗਮ ਸੂਬੇ ਭਰ ਦੇ ਸਕੂਲਾਂ ਵਿੱਚ ਵੀ ਇੱਕੋ ਸਮੇਂ ਕਰਵਾਏ ਜਾਣਗੇ।ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਇਹਨਾਂ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਸਬੰਧੀ ਸਾਡੀ ਸਰਕਾਰ ਨੇ ਵਾਅਦਾ ਕੀਤਾ ਸੀ ਜਿਸ ਨੂੰ ਹੁਣ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅਧਿਆਪਕਾਂ ਵੱਲੋਂ ਦਹਾਕਿਆਂ ਤੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕਰਨ ਲਈ ਹਰੇਕ ਸਕੂਲ ਵਿੱਚ ਵਿਸ਼ੇਸ਼ ਪ੍ਰੋਗਰਾਮ ਕਰਵਾਏ ਜਾਣਗੇ, ਜਿਸ ਵਿੱਚ ਪ੍ਰਿੰਸੀਪਲ, ਸਕੂਲ ਕਮੇਟੀਆਂ ਦੇ ਮੈਂਬਰ, ਪੰਚਾਇਤਾਂ ਅਤੇ ਸ਼ਹਿਰੀ ਸੰਸਥਾਵਾਂ ਦੇ ਪ੍ਰਤੀਨਿਧਾਂ ਸਮੇਤ ਸਿੱਖਿਆ ਅਧਿਕਾਰੀਆਂ ਤੇ ਵਿਧਾਇਕ ਸ਼ਾਮਲ ਹੋਣਗੇ। ਹਰਜੋਤ ਸਿੰਘ ਬੈਂਸ ਨੇ ਪੱਕੇ ਹੋਣ ਵਾਲੇ ਸਾਰੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਲੋਕਾਂ ਨਾਲ ਕੀਤੇ ਗਏ ਹਰ ਵਾਅਦੇ ਨੂੰ ਨਿਭਾ ਰਹੀ ਹੈ।
Share the post "ਕੱਚੇ ਅਧਿਆਪਕਾਂ ਦਾ ਪੱਕੇ ਹੋਣ ਦਾ ਇੰਤਜਾਰ ਖ਼ਤਮ, ਮੁੱਖ ਮੰਤਰੀ 28 ਜੁਲਾਈ ਨੂੰ ਸਰਵਿਸ ਰੈਗੂਲਰਾਈਜ਼ੇਸ਼ਨ ਲੈਟਰ ਸੌਂਪਣਗੇ"