ਕਿਹਾ, ਰਿਵਾਇਤੀ ਫਸਲੀ ਚੱਕਰ ਚੋਂ ਬਾਹਰ ਨਿਕਲ ਕੇ ਕਿਸਾਨ ਘੱਟ ਪਾਣੀ ਵਾਲੀਆਂ ਫ਼ਸਲਾਂ ਨੂੰ ਦੇਣ ਤਰਜੀਹ
ਖੇਤੀ ਅਧਾਰਿਤ ਇਕਾਈਆਂ ਨੂੰ 1 ਕਰੋੜ ਰੁਪਏ ਦੇ ਚੈਕਾਂ ਦੀ ਕੀਤੀ ਵੰਡ
ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ 13 ਕਿਸਾਨ ਮੋਟਰ ਸਾਈਕਲਾਂ ਨਾਲ ਕੀਤੇ ਸਨਮਾਨਿਤ
ਬੰਬੀਹਾ ਵਿਖੇ ਪਰਾਲੀ ਪ੍ਰੋਸੈਸਿੰਗ ਯੂਨਿਟ ਦਾ ਕੀਤਾ ਉਦਘਾਟਨ
ਸੁਖਜਿੰਦਰ ਮਾਨ
ਬਠਿੰਡਾ, 23 ਜਨਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਾਤਾਵਰਣ ਦੀ ਸਾਂਭ-ਸੰਭਾਲ ਕਰਨ, ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ, ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਤੋਂ ਇਲਾਵਾ ਪੰਜਾਬ ਚ ਬੇਰੁਜਗਾਰਾਂ, ਉਦਮੀਆਂ ਅਤੇ ਕਿਰਤੀਆਂ ਨੂੰ ਰੁਜਗਾਰ ਦੇ ਵਸੀਲੇ ਪੈਦਾ ਕਰਨ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾ ਖੇਤੀਬਾੜੀ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਘੁੱਦਾ ਵਿਖੇ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਕਰਨ ਵਾਲੇ ਕਿਸਾਨਾਂ ਨੂੰ ਸਨਮਾਨ ਸਬੰਧੀ ਕਰਵਾਏ ਗਏ ਸਮਾਗਮ ਚ ਸ਼ਿਰਕਤ ਕਰਨ ਮੌਕੇ ਕੀਤਾ। ਇਸ ਦੌਰਾਨ ਉਨ੍ਹਾਂ ਵਲੋਂ ਖੇਤੀ ਅਧਾਰਿਤ ਇਕਾਈਆਂ ਨੂੰ 1 ਕਰੋੜ ਰੁਪਏ ਦੇ ਚੈਕਾਂ ਦੀ ਵੰਡ ਵੀ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ, ਵਿਧਾਇਕ ਬਠਿੰਡਾ (ਦਿਹਾਤੀ) ਸ. ਅਮਿਤ ਰਤਨ ਅਤੇ ਵਿਧਾਇਕ ਲੰਬੀ ਸ. ਗੁਰਮੀਤ ਸਿੰਘ ਖੁੱਡੀਆ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।
ਇਸ ਮੌਕੇ ਖੇਤੀਬਾੜੀ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਈ ਕਿਸਾਨਾਂ ਨੂੰ ਸਬਸਿਡੀ ਤੇ ਆਧੁਨਿਕ ਮਸ਼ੀਨਰੀ ਮੁਹੱਈਆ ਕਰਵਾਈ ਗਈ, ਜਿਨ੍ਹਾਂ ਸਦਕਾ ਪਿਛਲੇ ਸਾਲਾਂ ਨਾਲੋਂ ਇਸ ਵਾਰ 30 ਫ਼ੀਸਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀਆਂ ਘਟਨਾਵਾਂ ਵਿੱਚ ਕਮੀ ਪਾਈ ਗਈ ਹੈ। ਉਨ੍ਹਾਂ ਇਹ ਵੀ ਦਾਅਵੇ ਨਾਲ ਕਿਹਾ ਕਿ ਅਗਲੇ ਵਰ੍ਹੇ ਸੂਬਾ ਸਰਕਾਰ ਵਲੋਂ ਵਾਤਾਵਰਣ ਦੀ ਸੁੱਧਤਾ ਨੂੰ ਮੁੱਖ ਰੱਖਦਿਆਂ ਹੋਰ ਵੀ ਯਤਨ ਕੀਤੇ ਜਾਣਗੇ।ਇਸ ਦੌਰਾਨ ਕੈਬਨਿਟ ਮੰਤਰੀ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਰਿਵਾਇਤੀ ਫ਼ਸਲੀ ਚੱਕਰ ਵਿੱਚੋਂ ਬਾਹਰ ਨਿਕਲੇ ਘੱਟ ਪਾਣੀ ਵਾਲੀਆਂ ਫ਼ਸਲਾਂ ਨੂੰ ਤਰਜ਼ੀਹ ਦਿੱਤੀ ਜਾਵੇ ਤਾਂ ਜੋ ਧਰਤੀ ਦੇ ਡਿੱਗ ਰਹੇ ਹੇਠਲੇ ਪਾਣੀ ਦੇ ਪੱਧਰ ਨੂੰ ਰੋਕਿਆ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ 12 ਫ਼ਰਵਰੀ ਨੂੰ ਲੁਧਿਆਣਾ ਵਿਖੇ ਮੁੱਖ ਮੰਤਰੀ ਦੀ ਯੋਗ ਅਗਵਾਈ ਹੇਠ ਅਗਾਂਹ ਵਧੂ ਕਿਸਾਨਾਂ ਨਾਲ ਵਿਸ਼ੇਸ਼ ਮਿਲਣੀ ਵੀ ਕੀਤੀ ਜਾਵੇਗੀ, ਜਿਸ ਵਿੱਚ 5 ਹਜ਼ਾਰ ਤੋਂ ਵਧੇਰੇ ਅਗਾਂਹ ਵਧੂ ਕਿਸਾਨਾਂ ਵਲੋਂ ਸਮੂਲੀਅਤ ਕੀਤੀ ਜਾਵੇਗੀ, ਇਸ ਦੌਰਾਨ ਕਿਸਾਨਾਂ ਨੂੰ ਲਾਹੇਵੰਦ ਤੇ ਬਦਲਵੀਆਂ ਫ਼ਸਲਾਂ ਉਗਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ। ਇਸ ਮੌਕੇ ਕੈਬਨਿਟ ਮੰਤਰੀ ਸ. ਧਾਲੀਵਾਲ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਲੋਂ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਤੇ ਘੱਟ ਖਰਚ ਤੇ ਵੱਧ ਆਮਦਨ ਵਾਲੀਆਂ ਫ਼ਸਲਾਂ ਉਗਾਉਣ ਲਈ 31 ਮਾਰਚ ਨੂੰ ਨਵੀਂ ਖੇਤੀਬਾੜੀ ਪਾਲਿਸੀ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਵਾਲੇ ਪਿੰਡ ਦੀਆਂ ਪੰਚਾਇਤਾਂ ਨੂੰ ਪਿੰਡਾਂ ਦੇ ਵਿਕਾਸ ਲਈ ਵਿਸ਼ੇਸ਼ ਤਰਜੀਹ ਦਿੱਤੀ ਜਾਵੇਗੀ ਤੇ ਪੰਚਾਇਤਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਜਾਵੇਗਾ। ਇਸ ਦੌਰਾਨ ਕੈਬਨਿਟ ਮੰਤਰੀ ਨੇ ਵੱਖ-ਵੱਖ ਪਿੰਡਾਂ ਦੇ 13 ਅਗਾਂਹ ਵਧੂ ਕਿਸਾਨਾਂ ਜਿਨ੍ਹਾ ਵਲੋਂ ਪਰਾਲੀ ਨੂੰ ਅੱਗ ਨਹੀਂ ਲਗਾਈ ਗਈ, ਨੂੰ ਮੋਟਰ ਸਾਈਕਲ ਦੇ ਕੇ ਸਨਮਾਨਿਤ ਵੀ ਕੀਤਾ।
ਇਸ ਉਪਰੰਤ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡ ਬੰਬੀਹਾ ਵਿਖੇ ਪਰਾਲੀ ਪ੍ਰੋਸੈਸਿੰਗ ਯੂਨਿਟ ਦਾ ਉਦਘਾਟਨ ਕੀਤਾ ਅਤੇ 14 ਲੱਖ ਰੁਪਏ ਦਾ ਸਬਸਿਡੀ ਚੈਕ ਵੀ ਭੇਂਟ ਕੀਤਾ।ਇਸ ਮੌਕੇ ਚੇਅਰਮੈਨ, ਪੰਜਾਬ ਅਤੇ ਗਰਾਮ ਉਦਯੋਗ ਬੋਰਡ ਸ. ਇੰਦਰਜੀਤ ਸਿੰਘ, ਚੇਅਰਮੈਨ ਪੰਜਾਬ ਜੰਗਲਾਤ ਵਿਭਾਗ ਸ੍ਰੀ ਰਾਕੇਸ਼ ਪੁਰੀ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਲਾਅ ਅਫ਼ਸਰ ਕਰਮਜੀਤ ਸਿੰਘ ਚਹਿਲ, ਡਿਪਟੀ ਡਾਇਰੈਕਟਰ ਖਾਦੀ ਤੇ ਗ੍ਰਾਮ ਉਦਯੋਗ ਬੋਰਡ ਸ. ਭਰਪੂਰ ਸਿੰਘ ਦੁੱਲਟ, ਬੀਸੀਐਲ ਗਰੁੱਪ ਦੇ ਐਮਡੀ ਕੁਸ਼ਲ ਮਿੱਤਲ, ਪਸਵ ਬੇਲਰ ਕੰਪਨੀ ਦੇ ਨੁਮਾਇੰਦੇ ਸਨੇਹਇੰਦਰ ਸ਼ਰਮਾ, ਆਪ ਦੇ ਜ਼ਿਲ੍ਹਾ ਯੂਥ ਪ੍ਰਧਾਨ ਸ੍ਰੀ ਅਮਰਦੀਪ ਸਿੰਘ ਰਾਜਨ, ਆਪ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਸਤਬੀਰ ਕੌਰ, ਪਿੰਡ ਘੁੱਦਾ ਦੀ ਮਹਿਲਾ ਸਰਪੰਚ ਸੀਮਾ ਰਾਣੀ ਅਤੇ ਸ. ਗੁਰਚਰਨ ਸਿੰਘ ਮਾਨ ਤੁੰਗਵਾਲੀ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਤੇ ਪਤਵੰਤੇ ਹਾਜ਼ਰ ਸਨ।
Share the post "ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਲਿਆਂਦੀ ਜਾਵੇਗੀ ਨਵੀਂ ਨੀਤੀ : ਕੁਲਦੀਪ ਸਿੰਘ ਧਾਲੀਵਾਲ"