ਸੁਖਜਿੰਦਰ ਮਾਨ
ਬਠਿੰਡਾ, 29 ਸਤੰਬਰ – ਸ਼੍ਰੋਮਣੀ ਅਕਾਲੀ ਦਲ ਵੱਲੋਂ ਗੁਲਾਬੀ ਸੁੰਡੀ ਕਾਰਨ ਨਰਮੇ ਦੇ ਹੋਏ ਨੁਕਸਾਨ ਦੇ ਮੁਆਵਜੇ ਲਈ ਬਠਿੰਡਾ ਦੇ ਭਾਈ ਘਨ੍ਹੱਈਆ ਚੌਕ ਵਿਖੇ 3 ਅਕਤੂਬਰ ਨੂੰ ਰੋਸ ਮੁਜ਼ਾਹਰਾ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧ ਵਿਚ ਅੱਜ ਇਸ ਮੁਜ਼ਾਹਰੇ ਦੀ ਤਿਆਰੀ ਸਬੰਧੀ ਹੋਈ ਮੀਟਿੰਗ ਤੋਂ ਬਾਅਦ ਕਿਸਾਨ ਵਿੰਗ ਦੇ ਪ੍ਰਧਾਨ ਸਿਕੰਦਰ ਸਿੰਘ ਮਲੂਕਾ, ਸਾਬਕਾ ਐਮ.ਪੀ ਜਗਮੀਤ ਸਿੰਘ ਬਰਾੜ, ਸੀਨੀਅਰ ਆਗੂ ਤੇਜਿੰਦਰ ਸਿੰਘ ਮਿੱਡੂਖੇੜਾ, ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ , ਸਰੂਪ ਚੰਦ ਸਿੰਗਲਾ , ਪ੍ਰਕਾਸ਼ ਸਿੰਘ ਭੱਟੀ ਤੇ ਦਰਸ਼ਨ ਸਿੰਘ ਕੋਟਫੱਤਾ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ ਤੇ ਜਨਰਲ ਸਕੱਤਰ ਮੋਹਿਤ ਗੁਪਤਾ ਨੇ ਦਸਿਆ ਕਿ ਸਾਰੇ ਵਿਧਾਨ ਸਭਾ ਹਲਕਿਆਂ ਵਿੱਚੋਂ ਵੱਡੀ ਗਿਣਤੀ ਵਿਚ ਕਿਸਾਨ ਅਤੇ ਪਾਰਟੀ ਵਰਕਰ ਮੁਜਾਹਰੇ ਵਿੱਚ ਸਾਮਲ ਹੋਣਗੇ। ਆਗੂਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਅਤੇ ਖੇਤੀਬਾੜੀ ਮਹਿਕਮੇ ਦੀ ਨਲਾਇਕੀ ਅਤੇ ਮਿਲੀ ਭੁਗਤ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ। ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਮਾਨ ਨੇ ਦੱਸਿਆ ਕਿ ਇਸ ਮੁਜ਼ਾਹਰੇ ਨੂੰ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਹੁਜਨ ਸਮਾਜ ਪਾਰਟੀ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੀ ਸੀਨੀਅਰ ਲੀਡਰਸ਼ਿਪ ਸੰਬੋਧਨ ਕਰਨ ਲਈ ਪਹੁੰਚੇਗੀ ।
ਗੁਲਾਬੀ ਸੁੰਡੀ ਦੇ ਹੋਏ ਖ਼ਰਾਬੇ ’ਚ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਅਕਾਲੀ ਦਲ 3 ਨੂੰ ਕਰੇਗਾ ਬਠਿੰਡਾ ’ਚ ਮੁਜ਼ਾਹਰਾ
29 Views