ਸੁਖਜਿੰਦਰ ਮਾਨ
ਬਠਿੰਡਾ, 23 ਸਤੰਬਰ :ਨਰਮਾ ਪੱਟੀ ਦੇ ਪਿੰਡਾਂ ’ਚ ਗੁਲਾਬੀ ਸੁੰਡੀ ਕਾਰਨ ਫ਼ਸਲ ਦੇ ਹੋਏ ਵੱਡੇ ਨੁਕਸਾਨ ਦੀ ਭਰਪਾਈ ਲਈ ਅੱਜ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਖੁਸਬਾਜ ਸਿੰਘ ਜਟਾਣਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੋਲ ਮਾਮਲਾ ਚੁੱਕਦਿਆਂ ਉਨ੍ਹਾਂ ਨੂੰ ਇੱਕ ਪੱਤਰ ਵੀ ਦਿੱਤਾ। ਇੱਥੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਜਟਾਣਾ ਨੇ ਦਸਿਆ ਕਿ ਮੁੱਖ ਮੰਤਰੀ ਚੰਨੀ ਸਾਹਿਬ ਨੂੰੂ ਹਲਕਾ ਤਲਵੰਡੀ ਸਾਬੋ ਵਿੱਚ ਨਰਮੇ ਦੀ ਫਸਲ ’ਤੇ ਗੁਲਾਬੀ ਸੁੰਡੀ ਦੇ ਹੋਏ ਹਮਲੇ ਬਾਰੇ ਜਾਣਕਾਰੀ ਦਿੱਤੀ ਤੇ ਹਲਕੇ ਦੇ ਸਾਰੇ ਪਿੰਡਾਂ ਵਿੱਚ ਸ਼ਪੈਸ਼ਲ ਗਿਰਦਾਵਰੀ ਕਰਵਾ ਕੇ ਕਿਸਾਨ ਅਤੇ ਮਜਦੂਰ ਭਰਾਵਾਂ ਨੂੰ ਬਣਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ। ਹਲਕਾ ਤਲਵੰਡੀ ਸਾਬੋ ਦੇ ਇੰਚਾਰਜ਼ ਜਟਾਣਾ ਨੇ ਦਾਅਵਾ ਕੀਤਾ ਕਿ ਮੁੱਖ ਮੰਤਰੀ ਵੱਲੋਂ ਕਿਸਾਨ ਭਰਾਵਾਂ ਦੀ ਇਸ ਸਮੱਸਿਆ ਨੂੰ ਮੁੱਖ ਰੱਖਦੇ ਹੋਏ ਮੌਕੇ ’ਤੇ ਹੀ ਮੁੱਖ ਸਕੱਤਰ ਨੂੰ ਫੋਨ ਕਰਕੇ ਹਲਕਾ ਤਲਵੰਡੀ ਸਾਬੋ ਦੇ ਸਾਰੇ ਪਿੰਡਾਂ ਵਿੱਚ ਹੋਏ ਨੁਕਸਾਨ ਦੀ ਦੋ ਦਿਨਾਂ ਵਿੱਚ ਰਿਪੋਰਟ ਬਣਾਕੇ ਦੇਣ ਸਬੰਧੀ ਹੁਕਮ ਦਿੱਤੇ। ਜਿਸਦੇ ਚੱਲਦੇ ਉਨ੍ਹਾਂ ਨੂੰ ਮੁੱਖ ਮੰਤਰੀ ਵੱਲੋਂ ਪੂਰਾ ਭਰੋਸਾ ਦਿਵਾਇਆ ਗਿਆ ਕਿ ਜੋ ਕਿਸਾਨ ਭਰਾਵਾਂ ਦਾ ਨੁਕਸਾਨ ਹੋਇਆ ਉਸ ਨੂੰ ਜਲਦੀ ਤੋਂ ਜਲਦੀ ਸਪੈਸ਼ਲ ਗਿਰਦਾਵਰੀ ਕਰਵਾਕੇ ਮੁਆਵਜ਼ਾ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਸ: ਚੰਨੀ ਨੂੰ ਮੁੱਖ ਮੰਤਰੀ ਬਣਨ ’ਤੇ ਵਧਾਈ ਵੀ ਦਿੱਤੀ।