ਕਿਹਾ: ਹਸਪਤਾਲ ਸਟਾਫ ਦੀ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸਤ ਨਹੀਂ ਕੀਤੀ ਜਾਵੇਗੀ
ਪੰਜਾਬੀ ਖਬਰਸਾਰ ਬਿਉਰੋ
ਚੰਡੀਗੜ੍ਹ, 2 ਅਕਤੂਬਰ: ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਚਾਰ ਮੈਂਬਰੀ ਜਾਂਚ ਕਮੇਟੀ ਨੂੰ ਪਠਾਨਕੋਟ ਦੇ ਸਿਵਲ ਹਸਪਤਾਲ ਵਿੱਚ ਵਾਪਰੀ ਦਰਦਨਾਕ ਘਟਨਾ ਦੀ ਰਿਪੋਰਟ ਮੰਗਲਵਾਰ ਤੱਕ ਸੌਂਪਣ ਦੇ ਹੁਕਮ ਦਿੱਤੇ ਹਨ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸ. ਚੇਤਨ ਸਿੰਘ ਜੌੜਾਮਾਜਰਾ ਨੇ ਡਾ. ਰਾਜ ਕੁਮਾਰ- ਜ਼ਿਲ੍ਹਾ ਪਰਿਵਾਰ ਭਲਾਈ ਅਫਸਰ, ਡਾ. ਵੰਦਨਾ ਕੁੰਡਲ- ਡਿਪਟੀ ਮੈਡੀਕਲ ਕਮਿਸਨਰ, ਡਾ. ਹਰਨਵਨੀਤ- ਗਾਇਨੀਕੋਲੋਜਿਸਟ, ਡਾ. ਬਿੰਦੂ ਗੁਪਤਾ- ਸੀਨੀਅਰ ਮੈਡੀਕਲ ਅਫਸਰ ਆਦਿ ਚਾਰ ਮੈਂਬਰੀ ਕਮੇਟੀ ਮਾਮਲੇ ਦੀ ਜਾਂਚ ਲਈ ਗਠਿਤ ਕੀਤੀ ਸੀ। ਇਸ ਕਮੇਟੀ ਨੂੰ 4 ਅਕਤੂਬਰ ਤੱਕ ਆਪਣੀ ਜਾਂਚ ਰਿਪੋਰਟ ਸੌਂਪਣ ਦੇ ਹੁਕਮ ਦਿੱਤੇ ਗਏ ਹਨ। ਸਿਹਤ ਮੰਤਰੀ ਨੇ ਕਿਹਾ ਕਿ ਵਿਭਾਗ ਦੇ ਸਟਾਫ ਵੱਲੋਂ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸ. ਜੌੜਾਮਾਜਰਾ ਨੇ ਦੱਸਿਆ ਕਿ ਜਦੋਂ ਤੋਂ ਉਨ੍ਹਾਂ ਨੇ ਸਿਹਤ ਮੰਤਰੀ ਵਜੋਂ ਅਹੁਦਾ ਸੰਭਾਲਿਆ ਹੈ, ਉਨ੍ਹਾਂ ਵੱਲੋਂ ਸਟਾਫ ਨੂੰ ਮਰੀਜ਼ਾਂ ਨਾਲ ਨਿਮਰਤਾ ਨਾਲ ਪੇਸ ਆਉਣ ਲਈ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਰਕਾਰੀ ਹਸਪਤਾਲਾਂ ਵਿੱਚ ਸੇਵਾਵਾਂ ਲੈਣ ਸਮੇਂ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੁਹਰਾਇਆ ਕਿ ਜੇਕਰ ਇਸ ਜਾਂਚ ਵਿੱਚ ਲਾਪ੍ਰਵਾਹੀ ਵਰਤਣ ਵਾਲੇ ਕਰਮਚਾਰੀ ਦੋਸ਼ੀ ਪਾਏ ਗਏ ਤਾਂ ਉਨ੍ਹਾਂ ਖ਼ਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਸ. ਜੌੜਾਮਾਜਰਾ ਨੇ ਕਿਹਾ ਕਿ ਜਿਹੜੇ ਸਰਕਾਰੀ ਕਰਮਚਾਰੀ ਸੇਵਾ ਕਰਦੇ ਸਮੇਂ ਲਾਪਰਵਾਹੀ ਜਾਂ ਅਣਗਹਿਲੀ ਕਰਦੇ ਹਨ, ਉਨ੍ਹਾਂ ਲਈ ਸੇਵਾ ਨਿਯਮਾਂ ਅਨੁਸਾਰ ਸਜ਼ਾ ਦੀ ਵਿਵਸਥਾ ਪਹਿਲਾਂ ਹੀ ਹੈ। ਉਨ੍ਹਾਂ ਕਿਹਾ ਕਿ ਪਠਾਨਕੋਟ ਮਾਮਲੇ ਵਿੱਚ ਜੋ ਵੀ ਦੋਸ਼ੀ ਪਾਇਆ ਜਾਵੇਗਾ, ਉਸ ਖ਼ਿਲਾਫ ਬਣਦੀ ਅਨੁਸਾਸਨੀ ਕਾਰਵਾਈ ਕੀਤੀ ਜਾਵੇਗੀ।
Share the post "ਜੌੜਾਮਾਜਰਾ ਨੇ ਜਾਂਚ ਕਮੇਟੀ ਨੂੰ ਪਠਾਨਕੋਟ ਘਟਨਾ ਦੀ ਰਿਪੋਰਟ ਮੰਗਲਵਾਰ ਤੱਕ ਸੌਂਪਣ ਦੇ ਹੁਕਮ ਦਿੱਤੇ"