ਸੁਖਜਿੰਦਰ ਮਾਨ
ਬਠਿੰਡਾ, 14 ਅਕਤੂਬਰ : ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਸੁਖਦੇਵ ਸਿੰਘ ਸਿੱਧੂ ਤੇ ਮੁੱਖ ਖੇਤੀਬਾੜੀ ਅਫਸਰ ਡਾ. ਮਨਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਲਾਕ ਖੇਤੀਬਾੜੀ ਅਫਸਰ ਡਾ. ਜਗਦੀਸ ਸਿੰਘ ਦੀ ਪ੍ਰਧਾਨਗੀ ਹੇਠ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਨਵੀਆਂ ਤਕਨੀਕਾਂ ਅਤੇ ਸੁਧਰੀ ਖੇਤੀ ਮਸ਼ੀਨਰੀ ਦੀ ਮੱਦਦ ਨਾਲ ਸੁਚੱਜੀ ਸਾਂਭ-ਸੰਭਾਲ ਕਰਨ ਲਈ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।
ਇਸ ਮੌਕੇ ਹੋਰ ਜਾਣਕਾਰੀ ਦਿੰਦੇ ਹੋਏ ਖੇਤੀਬਾੜੀ ਅਫਸਰ ਡਾ. ਜਸਕਰਨ ਸਿੰਘ ਕੁਲਾਰ ਨੇ ਕਿਸਾਨਾਂ ਨੂੰ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਾਏ ਖੇਤ ਵਿੱਚ ਮਿਲਾਉਣ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ ਅਤੇ ਵਾਤਾਵਰਨ ਵੀ ਦੂਸ਼ਿਤ ਹੋਣ ਤੋਂ ਬਚਿਆ ਰਹਿੰਦਾ ਹੈ। ਇਸ ਮੌਕੇ ਡਾ. ਕੁਲਾਰ ਨੇ ਕਿਸਾਨਾਂ ਨੂੰ ਹੋਰ ਦੱਸਿਆ ਕਿ ਝੋਨੇ ਦੇ ਨਾੜ ਵਿੱਚ ਵੱਡੀ ਮਾਤਰਾ ਵਿੱਚ ਫਸਲਾਂ ਲਈ ਜ਼ਰੂਰੀ ਖੁਰਾਕੀ ਤੱਤ ਮੌਜੂਦ ਹੁੰਦੇ ਹਨ ਜਿਸ ਨੂੰ ਸਾੜਨ ਨਾਲ ਇਸ ਵਿੱਚੋਂ ਨਾਈਟ੍ਰੋਜਨ ਅਤੇ ਗੰਧਕ ਦਾ ਪੂਰੀ ਤਰ੍ਹਾਂ ਨੁਕਸਾਨ ਹੋ ਜਾਂਦਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਇੱਕ ਟਨ ਪਰਾਲੀ ਸਾੜਨ ਨਾਲ 400 ਕਿਲੋ ਜੈਵਿਕ ਕਾਰਬਨ, 5.5 ਕਿਲੋ ਨਾਈਟ੍ਰੋਜਨ, 2.3 ਕਿਲੋ ਫਾਸਫੋਰਸ, 25 ਕਿਲੋ ਪੋਟਾਸ਼, 1.2 ਕਿਲੋ ਸਲਫਰ ਵਰਗੇ ਜ਼ਰੂਰੀ ਤੱਤ ਸੜ ਕੇ ਸੁਆਹ ਹੋ ਜਾਂਦੇ ਹਨ। ਝੋਨੇ ਦੇ ਨਾੜ ਨੂੰ ਅੱਗ ਲਾਉਣ ਨਾਲ ਕਾਰਬਨ ਡਾਈਆਕਸਾਈਡ, ਕਾਰਬਨ ਮੋਨੋਆਕਸਾਈਡ, ਮੀਥੇਨ, ਨਾਈਟ੍ਰਿਕ ਆਕਸਾਈਡ ਵਰਗੀਆਂ ਗੈਸਾਂ ਪੈਦਾ ਹੁੰਦੀਆਂ ਹਨ ਜਿਹੜੀਆਂ ਕਿ ਵਾਤਾਵਰਨ ਪ੍ਰਦੂਸ਼ਿਤ ਕਰਨ ਦੇ ਨਾਲ-ਨਾਲ ਮਨੁੱਖਾਂ ਅਤੇ ਪਸ਼ੂਆਂ ਦੀ ਸਿਹਤ ਉੱਤੇ ਵੀ ਮਾੜਾ ਅਸਰ ਪਾਉਂਦੀਆਂ ਹਨ।
ਕੈਂਪ ਦੌਰਾਨ ਖੇਤੀਬਾੜੀ ਅਫਸਰ ਬਲਾਕ ਬਠਿੰਡਾ ਡਾ. ਜਗਦੀਸ ਸਿੰਘ ਨੇ ਕਿਸਾਨਾਂ ਨੂੰ ਆਉਣ ਵਾਲੀ ਕਣਕ ਦੀ ਫਸਲ ਦੀ ਸੁਚੱਜੀ ਕਾਸ਼ਤ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਬਿਨ੍ਹਾਂ ਸੁਪਰ ਐਸ.ਐਮ.ਐਸ. ਵਾਲੀ ਕੰਬਾਈਨ ਨਾਲ ਵਾਢੀ ਕਰਕੇ ਖੜੇ ਕਰਚਿਆਂ ਵਿੱਚ ਹੈਪੀ ਸੀਡਰ, ਸੁਪਰ ਸੀਡਰ ਜਾਂ ਜੀਰੋ ਟਿੱਲ ਡਰਿੱਲ ਨਾਲ ਕਣਕ ਦੀ ਬਿਜਾਈ ਕਰਨ, ਜਿਸ ਨਾਲ ਕਿਸਾਨਾਂ ਦਾ ਬਿਜਾਈ ਦਾ ਖਰਚਾ ਘਟੇਗਾ ਅਤੇ ਜਮੀਨ ਵਿਚਲੇ ਖੁਰਾਕੀ ਤੱਤ ਵੀ ਸਲਾਮਤ ਰਹਿਣ ਨਾਲ ਖਾਦਾਂ ਦੀ ਵਰਤੋਂ ਵੀ ਘੱਟ ਹੋਵੇਗੀ।
ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫਾਰਿਸ਼ ਕਣਕ ਦੀਆਂ ਕਿਸਮਾਂ ਦਾ ਤਸਦੀਕਸ਼ੁਦਾ ਬੀਜ ਸਬਸਿਡੀ ਤੇ ਲੈਣ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ 18 ਅਕਤੂਬਰ 2021 ਤੱਕ ਆਨ-ਲਾਈਨ ਪੋਰਟਲ http://.agrimachinerypb.com ਆਨ-ਲਾਈਨ ਅਪਲਾਈ ਕਰ ਸਕਦੇ ਹਨ।
ਇਸ ਦੌਰਾਨ ਖੇਤੀਬਾੜੀ ਉਪ ਨਿਰੀਖਕ ਸ੍ਰੀਮਤੀ ਅਮਨਵੀਰ ਕੌਰ ਨੇ ਕਿਸਾਨਾਂ ਨੂੰ ਤੇਲ ਬੀਜ ਫਸਲਾਂ ਦੀ ਕਾਸ਼ਤ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਨੋਲਾ ਸਰ੍ਹੋਂ ਦੀ ਬਿਜਾਈ ਨੂੰ ਪਹਿਲ ਦਿੱਤੀ ਜਾਵੇ ਜਿਸ ਵਿਚਲੇ ਖੁਰਾਕੀ ਤੱਤ ਮਨੁੱਖਾਂ ਅਤੇ ਪਸ਼ੂਆਂ ਦੀ ਸਿਹਤ ਲਈ ਲਾਹੇਵੰਦ ਹਨ।
ਇਸ ਮੌਕੇ ਬੀ.ਟੀ.ਐਮ. ਸ੍ਰੀ ਗੁਰਮਿਲਾਪ ਸਿੰਘ ਤੋਂ ਇਲਾਵਾ ਪਿੰਡ ਫੂਸ ਮੰਡੀ ਦੀ ਪੰਚਾਇਤ, ਵੱਡੀ ਗਿਣਤੀ ਵਿੱਚ ਕਿਸਾਨਾਂ ਦੇ ਨਾਲ-ਨਾਲ ਨੇੜਲੇ ਹੋਰ ਪਿੰਡਾਂ ਦੇ ਕਿਸਾਨਾਂ ਨੇ ਵੀ ਭਾਗ ਲਿਆ।