ਸੁਖਜਿੰਦਰ ਮਾਨ
ਬਠਿੰਡਾ, 19 ਸਤੰਬਰ :-ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮਹੀਨਾਵਾਰ ਮੀਟਿੰਗ ਕਰਕੇ ਰੀਵਿਊ ਕੰਮਾਂ ਦੀ ਸਮੀਖਿਆ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਵੀ ਦਿੱਤੇ। ਬੈਠਕ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਜਲ ਸਪਲਾਈ ਵਿਭਾਗ ਨਾਲ ਤਾਲਮੇਲ ਕਰਕੇ ਸਾਰੇ ਸਕੂਲਾਂ ਦੇ ਪੀਣ ਯੋਗ ਪਾਣੀ ਦੇ ਸੈਂਪਲ ਲੈਣੇ ਯਕੀਨੀ ਬਣਾਏ ਜਾਣ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਸਕੂਲਾਂ ਚ ਪੀਣ ਵਾਲੇ ਪਾਣੀ ਦੀਆਂ ਟੈਂਕੀਆਂ ਨੂੰ ਸਾਫ਼ ਕਰਵਾਇਆ ਜਾਵੇ। ਇਸ ਮੌਕੇ ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਸਾਫ਼-ਸਫ਼ਾਈ ਨੂੰ ਪਹਿਲ ਦੇ ਆਧਾਰ ਤੇ ਕਰਨਾ ਲਾਜ਼ਮੀ ਬਣਾਇਆ ਜਾਵੇ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਿਲਾਈਆਂ ਜਾ ਰਹੀਆਂ ਪੋਲੀਓ ਬੂੰਦਾਂ ਨੂੰ ਡੋਰ ਟੂ ਡੋਰ ਖਾਸ ਤੌਰ ਤੇ ਸਲੱਮ ਏਰੀਏ ਚ ਜਾ ਕੇ ਜਲਦ ਨੇਪਰੇ ਚਾੜਿਆ ਜਾਵੇ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਏਐੱਨਐੱਮ ਦੀ ਮਦਦ ਨਾਲ 0 ਤੋਂ 5 ਸਾਲ ਤੱਕ ਦੇ ਬੱਚੇ ਦਾ ਆਧਾਰ ਕਾਰਡ ਬਣਾਉਣਾ ਯਕੀਨੀ ਬਣਾਇਆ ਜਾਵੇ। ਬੈਠਕ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਜਲਦ ਤੋਂ ਜਲਦ ਟੀਮਾਂ ਗਠਿਤ ਕਰਕੇ ਸਕੂਲ ਵਾਹਨਾਂ ਦੀ ਚੈਕਿੰਗ ਕਰਨੀ ਯਕੀਨੀ ਬਣਾਈ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਰਾਹੁਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ. ਮੇਵਾ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਸ਼੍ਰੀ ਸ਼ਿਵਪਾਲ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੈਡਮ ਰਵਨੀਤ ਕੌਰ ਅਤੇ ਟ੍ਰੈਫ਼ਿਕ ਪੁਲਿਸ ਦੇ ਇੰਚਾਰਜ ਸ. ਅਮਰੀਕ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਉਨ੍ਹਾਂ ਦੇ ਨੁਮਾਇੰਦੇ ਹਾਜ਼ਰ ਸਨ।