ਕੋਈ ਵੀ ਸ਼ਰਾਰਤੀ ਅਨਸਰ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਹੈਲਪਲਾਇਨ ਨੰਬਰ 112 ਤੇ ਕਰੋ ਕਾਲ : ਐਸਐਸਪੀ
ਸੁਖਜਿੰਦਰ ਮਾਨ
ਬਠਿੰਡਾ, 21 ਮਾਰਚ : ਸਾਨੂੰ ਸਭ ਧਰਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ, ਕਿਉਂਕਿ ਕੋਈ ਵੀ ਧਰਮ ਦੂਸਰੇ ਧਰਮ ਖਿਲਾਫ਼ ਵੈਰ-ਵਿਰੋਧਤਾ ਰੱਖਣੀ ਨਹੀਂ ਸਿਖਾਉਂਦਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਪੱਧਰੀ ਅਮਨ ਕਮੇਟੀ ਦੀ ਰੀਵਿਊ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਮੌਕੇ ਵਿਸ਼ੇਸ਼ ਤੌਰ ਤੇ ਮੌਜੂਦ ਹਲਕਾ ਭੁੱਚੋਂ ਮੰਡੀ ਤੋਂ ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਜਿੱਥੇ ਲਗਾਤਾਰ ਚੁੱਕੇ ਜਾ ਰਹੇ ਕਦਮਾਂ ਦੀ ਸ਼ਲਾਘਾ ਕੀਤੀ ਉੱਥੇ ਹੀ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਅੰਦਰ ਅਮਨ-ਸ਼ਾਂਤੀ ਬਣਾਈ ਰੱਖਣ ਤੇ ਵਧਾਈ ਵੀ ਦਿੱਤੀ। ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਭਾਰਤੀ ਸੰਵਿਧਾਨ ਦੀ ਪਾਲਣਾ ਕਰਦਿਆਂ ਆਪਸੀ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਅਮਨ-ਸ਼ਾਂਤੀ ਬਣਾਈ ਰੱਖਣ ਲਈ ਜ਼ਿਲ੍ਹਾ ਵਾਸੀਆਂ ਨੂੰ ਜਿਥੇ ਵਧਾਈ ਦਿੱਤੀ ਉੱਥੇ ਹੀ ਸਿਵਲ ਤੇ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਦੇਣ ਤੇ ਉਨ੍ਹਾਂ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਏਕਤਾ ਵਿੱਚ ਹੀ ਅਨੇਕਤਾ ਤੇ ਜ਼ੋਰ ਦਿੰਦਿਆਂ ਭਵਿੱਖ ਚ ਵੀ ਜ਼ਿਲ੍ਹਾ ਵਾਸੀਆਂ ਨੂੰ ਜ਼ਿਲ੍ਹੇ ਅੰਦਰ ਅਮਨ-ਸ਼ਾਂਤੀ ਬਰਕਰਾਰ ਰੱਖਣ ਦੀ ਅਪੀਲ ਵੀ ਕੀਤੀ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਜੇਕਰ ਕੋਈ ਵੀ ਸ਼ਰਾਰਤੀ ਅਨਸਰ ਜ਼ਿਲ੍ਹੇ ਅੰਦਰ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਦੀ ਜਾਣਕਾਰੀ ਤੁਰੰਤ ਸਬੰਧਤ ਐਸਡੀਐਮ, ਨੇੜੇ ਦੇ ਥਾਣੇ ਚ ਜਾਂ ਜ਼ਿਲ੍ਹਾ ਪ੍ਰਸ਼ਾਸਨ ਕੋਲ ਦਰਜ਼ ਕਰਵਾਈ ਜਾਵੇ।ਇਸ ਦੌਰਾਨ ਐਸਐਸਪੀ ਸ. ਗੁਲਨੀਤ ਸਿੰਘ ਖੁਰਾਣਾ ਨੇ ਕਿਹਾ ਕਿ ਮੌਜੂਦਾ ਸਮੇਂ ਜ਼ਿਲ੍ਹੇ ਅੰਦਰ ਪੂਰੀ ਤਰ੍ਹਾਂ ਅਮਨ-ਸ਼ਾਂਤੀ ਬਰਕਰਾਰ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਇਸੇ ਤਰ੍ਹਾਂ ਜ਼ਿਲ੍ਹੇ ਅੰਦਰ ਅਮਨ-ਸ਼ਾਂਤੀ ਬਣਾਈ ਰੱਖਣ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਸ਼ੋਸਲ ਮੀਡੀਆ ਤੇ ਫੈਲ ਰਹੀਆਂ ਝੂਠੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਵੀ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਸ਼ੋਸ਼ਲ ਮੀਡੀਆ ਰਾਹੀਂ ਗਲਤ ਅਫ਼ਵਾਹਾਂ ਫ਼ੈਲਾਉਂਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ਼ ਬਣਦੀ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਸ਼ਰਾਰਤੀ ਅਨਸਰ ਜ਼ਿਲ੍ਹੇ ਅੰਦਰ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਹੈਲਪਲਾਇਨ ਨੰਬਰ 112 ਤੇ ਕਾਲ ਕਰਕੇ ਜਾਣਕਾਰੀ ਦਿੱਤੀ ਜਾ ਸਕਦੀ ਹੈ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਲਾਲ ਅਗਰਵਾਲ, ਚੇਅਰਮੈਨ ਸ਼ੂਗਰਫੈਡ ਪੰਜਾਬ ਨਵਦੀਪ ਜੀਦਾ, ਮੇਅਰ ਰਮਨ ਗੋਇਲ, ਬਠਿੰਡਾ ਦਿਹਾਤੀ ਪ੍ਰਧਾਨ ਗੁਰਜੰਟ ਸਿਵੀਆਂ, ਪ੍ਰਧਾਨ ਵਪਾਰ ਮੰਡਲ ਬਠਿੰਡਾ ਅਮਿਤ ਕਪੂਰ, ਮੁਹੰਮਦ ਨਾਜ਼ਿਮ ਮੌਲਵੀ ਹਾਜ਼ੀ ਰਤਨ ਅਤੇ ਬਲਜਿੰਦਰ ਸਿੰਘ ਬਰਾੜ ਆਦਿ ਵਲੋਂ ਆਪੋਂ-ਆਪਣੇ ਵਿਚਾਰ ਸਾਂਝੇ ਕੀਤੇ। ਇਸ ਦੌਰਾਨ ਉਨ੍ਹਾਂ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਅੰਦਰ ਅਮਨ-ਸ਼ਾਂਤੀ ਬਰਕਰਾਰ ਰੱਖਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਵਿਸ਼ਵਾਸ਼ ਦਿਵਾਇਆ ਕਿ ਉਹ ਜ਼ਿਲ੍ਹੇ ਅੰਦਰ ਕਾਨੂੰਨ ਵਿਸਸਥਾ ਤੇ ਅਮਨ ਸ਼ਾਂਤੀ ਬਹਾਲ ਰੱਖਣ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਦਾ ਹਰ ਤਰ੍ਹਾਂ ਦਾ ਸਹਿਯੋਗ ਦਿੰਦੇ ਰਹਿਣਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪਲਵੀਂ ਚੌਧਰੀ, ਕਮਿਸ਼ਨਰ ਨਗਰ ਨਿਗਮ ਰਾਹੁਲ, ਸਿਖਲਾਈ ਅਧੀਨ ਆਈਏਐਸ ਮੈਡਮ ਮਾਨਸੀ, ਐਸਡੀਐਮ ਤਲਵੰਡੀ ਸਾਬੋ ਗਗਨਦੀਪ ਸਿੰਘ, ਐਸਡੀਐਮ ਰਾਮਪੁਰਾ ਓਮ ਪ੍ਰਕਾਸ਼, ਸਹਾਇਕ ਕਮਿਸ਼ਨਰ ਜਨਰਲ ਪੰਕਜ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ਼ਿਵਪਾਲ ਗੋਇਲ, ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਮੇਵਾ ਸਿੰਘ, ਆਪ ਦੇ ਸੂਬਾ ਪ੍ਰਧਾਨ ਮਹਿਲਾ ਵਿੰਗ ਬਲਜਿੰਦਰ ਕੌਰ ਤੁੰਗਵਾਲੀ, ਬੀ.ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮੈਡਮ ਮਨਦੀਪ ਕੌਰ ਰਾਮਗੜ੍ਹੀਆ ਅਤੇ ਬੱਲੀ ਬਲਜੀਤ ਤੋਂ ਇਲਾਵਾ ਵੱਖ-ਵੱਖ ਧਾਰਮਿਕ, ਸਮਾਜਿਕ, ਰਾਜਨੀਤਿਕ, ਸਮਾਜ ਸੇਵੀ ਸੰਸਥਾਵਾਂ, ਵਪਾਰਕ ਯੂਨੀਅਨਾਂ ਦੇ ਨੁਮਾਇੰਦੇ ਅਤੇ ਹੋਰ ਮੋਹਤਬਾਰ ਪਤਵੰਤੇ ਆਦਿ ਹਾਜ਼ਰ ਸਨ।
Share the post "ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਮੁੜ ਹੋਈ ਜ਼ਿਲ੍ਹਾ ਪੱਧਰੀ ਅਮਨ ਕਮੇਟੀ ਦੀ ਹੋਈ ਰੀਵਿਊ ਮੀਟਿੰਗ"