Punjabi Khabarsaar
ਲੁਧਿਆਣਾ

ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੀ ਹੋਈ ਸੂਬਾ ਮੀਟਿੰਗ, ਮੰਤਰੀਆਂ ਦੇ ਘਰਾਂ ਦੇ ਘਿਰਾਓ ’ਚ ਸ਼ਮੂਲੀਅਤ ਦਾ ਫੈਸਲਾ

ਪੰਜਾਬੀ ਖ਼ਬਰਸਾਰ ਬਿਉਰੋ
ਲੁਧਿਆਣਾ, 10 ਜੁਲਾਈ : ਪੰਜਾਬ ਅੰਦਰ ਕੰਮ ਕਰਦੇ ਮਾਣ-ਭੱਤਾ ਵਰਕਰਾਂ, ਪੈਨਸ਼ਨਰਾਂ, ਕੱਚੇ ਮੁਲਾਜ਼ਮਾਂ ਅਤੇ ਰੈਗੂਲਰ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਸੰਬੰਧੀ ’ਆਪ’ ਸਰਕਾਰ ਵੱਲੋਂ ਕੀਤੀ ਜਾ ਰਹੀ ਟਾਲਮਟੋਲ ਦੇ ਖਿਲਾਫ਼ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਵੱਲੋਂ ਬੀਬੀ ਅਮਰ ਕੌਰ ਯਾਦਗਾਰੀ ਲਾਇਬਰੇਰੀ ਲੁਧਿਆਣਾ ਵਿਖੇ ਕੀਤੀ ਗਈ ਸੂਬਾਈ ਮੀਟਿੰਗ ਵਿੱਚ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਾਂਝੇ ਫਰੰਟ ਦੇ ਕਨਵੀਨਰ ਸਾਥੀ ਠਾਕੁਰ ਸਿੰਘ ਅਤੇ ਪ੍ਰੇਮ ਸਾਗਰ ਸ਼ਰਮਾਂ ਨੂੰ ਸ਼ਰਧਾਂਜਲੀ ਭੇਂਟ ਕੀਤੀਆਂ ਗਈਆਂ। ਮੀਟਿੰਗ ਵਿੱਚ ਸੂਬਾ ਪ੍ਰਧਾਨ ਜਰਮਨਜੀਤ ਸਿੰਘ, ਜਰਨਲ ਸਕੱਤਰ ਹਰਦੀਪ ਟੋਡਰਪੁਰ, ਵਿੱਤ ਸਕੱਤਰ ਹਰਿੰਦਰ ਦੁਸਾਂਝ ਅਤੇ ਵਿਕਰਮਦੇਵ ਸਿੰਘ ਨੇ 1 ਜੁਲਾਈ ਨੂੰ ਸੰਗਰੂਰ ਵਿਖੇ ਕੱਚੇ ਅਧਿਆਪਕਾਂ ’ਤੇ ਕੀਤੇ ਗਏ ਪੁਲੀਸ ਤਸ਼ੱਦਦ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਪੰਜਾਬ ਸਰਕਾਰ ਦਾ ਵਤੀਰਾ ਬਿਲਕੁਲ ਵੀ ਗੰਭੀਰ ਨਹੀਂ ਹੈ। ਉਹਨਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਂਝੇ ਫਰੰਟ ਨੂੰ ਤਿੰਨ ਵਾਰ ਮੀਟਿੰਗ ਦਾ ਸਮਾਂ ਦੇਕੇ ਵੀ ਮੀਟਿੰਗ ਨਹੀਂ ਕੀਤੀ ਗਈ ਅਤੇ ਵਿੱਤ ਮੰਤਰੀ ਨਾਲ ਹੋਈਆਂ ਤਿੰਨ ਮੀਟਿੰਗਾਂ ਵੀ ਲਾਰੇ ਸਾਬਤ ਹੋਈਆਂ।ਆਗੂਆਂ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਮਾਣਭੱਤਾ ਵਰਕਰਾਂ ਦੀਆਂ ਉਜਰਤਾਂ ਵਿੱਚ ਤੁਰੰਤ ਵਾਧਾ ਕੀਤਾ ਜਾਵੇਗਾ, ਪਹਿਲੀ ਕੈਬਨਿਟ ਮੀਟਿੰਗ ਵਿੱਚ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣਗੇ, ਛੇਵੇਂ ਤਨਖਾਹ ਕਮਿਸ਼ਨ ਨੂੰ ਸੋਧ ਕੇ ਮੁਲਾਜ਼ਮ ਤੇ ਪੈਨਸ਼ਨਰ ਪੱਖੀ ਬਣਾਇਆ ਜਾਵੇਗਾ, ਪੈਨਸ਼ਨਰਾਂ ਦੀ ਪੈਨਸ਼ਨ ਦੁਹਰਾਈ 2.59 ਦੇ ਗੁਣਾਂਕ ਨਾਲ ਕੀਤੀ ਜਾਵੇਗੀ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇਗੀ, ਪਰਖ ਕਾਲ ਸੰਬੰਧੀ 15-01-2015 ਦਾ ਨੋਟੀਫਿਕੇਸ਼ਨ ਰੱਦ ਕੀਤਾ ਜਾਵੇਗਾ, 17 ਜੁਲਾਈ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ ’ਤੇ ਵੀ ਪੰਜਾਬ ਦੇ ਸਕੇਲ ਲਾਗੂ ਕੀਤੇ ਜਾਣਗੇ, ਪੇਂਡੂ ਭੱਤਾ, ਸਫਰੀ ਭੱਤਾ, ਤੇਲ ਭੱਤਾ ਅਤੇ ਬਾਰਡਰ ਏਰੀਆ ਭੱਤੇ ਸਮੇਤ ਕੱਟੇ ਗਏ 37 ਕਿਸਮਾਂ ਦੇ ਭੱਤੇ ਅਤੇ ਏ.ਸੀ.ਪੀ. ਆਦਿ ਬਹਾਲ ਕੀਤੇ ਜਾਣਗੇ। ਪ੍ਰੰਤੂ ਇਹਨਾ ਦਾ ਹੱਲ ਕਰਨ ਦੀ ਬਜਾਏ ਪੈਨਸ਼ਨਰਾਂ ’ਤੇ ਵੀ 200 ਰੁਪਏ ਪ੍ਰਤੀ ਮਹੀਨਾ ਜਬਰੀ ਵਿਕਾਸ ਟੈਕਸ ਥੋਪ ਦਿੱਤਾ ਹੈ। ਜਿਸ ਕਾਰਨ ਪੰਜਾਬ ਦੇ ਮੁਲਾਜ਼ਮਾਂ, ਪੈਨਸ਼ਨਰਾਂ, ਕੱਚੇ ਮੁਲਾਜ਼ਮਾਂ ਅਤੇ ਮਾਣਭੱਤਾ ਵਰਕਰਾਂ ਵਿੱਚ ਪੰਜਾਬ ਸਰਕਾਰ ਦੇ ਖਿਲਾਫ ਰੋਸ ਅਤੇ ਗੁੱਸਾ ਹੈ। ਉਹਨਾ ਨੇ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ 01-01-2016 ਤੋਂ ਪੈਨਸ਼ਨਰਾਂ ਲਈ 113% ਡੀ.ਏ. ਦੀ ਬਜਾਏ 119% ਡੀ.ਏ. ਦੇ ਅਧਾਰ ’ਤੇ ਪੈਨਸ਼ਨ ਦੁਹਰਾਈ ਕਰਨ ਦੇ ਫੈਸਲੇ ਨੂੰ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ’ਤੇ ਤੁਰੰਤ ਲਾਗੂ ਕਰਨਾ ਬਣਦਾ ਹੈ ਜਦਕਿ ਸਾਂਝੇ ਫਰੰਟ ਵੱਲੋਂ ਛੇਵੇਂ ਤਨਖਾਹ ਕਮਿਸ਼ਨ ਲਈ 01-01-2016 ਨੂੰ 125% ਡੀ.ਏ. ਅਨੁਸਾਰ ਗੁਣਾਂਕ ਤਹਿ ਕਰਨ ਦੀ ਮੰਗ ਕੀਤੀ ਗਈ ਹੈ।ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਜੇਕਰ ਕੈਬਨਿਟ ਸਬ ਕਮੇਟੀ ਵੱਲੋਂ 18 ਜੁਲਾਈ ਨੂੰ ਸਾਂਝੇ ਫਰੰਟ ਨਾਲ ਕੀਤੀ ਜਾ ਰਹੀ ਮੀਟਿੰਗ ਦੇ ਕੋਈ ਸਾਰਥਕ ਸਿੱਟੇ ਨਾ ਨਿਕਲੇ ਤਾਂ ਪੰਜ ਕੈਬਨਿਟ ਮੰਤਰੀਆਂ ਦੇ ਘਰਾਂ ਦੇ ਸਾਂਝੇ ਫਰੰਟ ਵੱਲੋਂ ਕੀਤੇ ਜਾ ਰਹੇ ਘਿਰਾਓ ਵਿੱਚ ਡੀ.ਐਮ.ਐਫ. ਵੱਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਜਿਸ ਤਹਿਤ 23 ਜੁਲਾਈ ਨੂੰ ਸੰਗਰੂਰ ਵਿਖੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਦੇ ਘਰ ਦਾ ਘਿਰਾਓ, 30 ਜੁਲਾਈ ਨੂੰ ਪੱਟੀ ਵਿਖੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਘਰ ਦਾ ਘਿਰਾਓ, 6 ਅਗਸਤ ਨੂੰ ਪਟਿਆਲਾ ਵਿਖੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਘਰ ਦਾ ਘਿਰਾਓ, 13 ਅਗਸਤ ਨੂੰ ਕਰਤਾਰਪੁਰ ਵਿਖੇ ਕੈਬਨਿਟ ਮੰਤਰੀ ਬਲਕਾਰ ਸਿੰਘ ਦੇ ਘਰ ਦਾ ਘਿਰਾਓ ਅਤੇ 20 ਅਗਸਤ ਨੂੰ ਸੰਗਰੂਰ ਵਿਖੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ।ਮੀਟਿੰਗ ਵਿਚ ਸਿਕੰਦਰ ਸਿੰਘ ਧਾਲੀਵਾਲ,ਜਗਪਾਲ ਸਿੰਘ ਬੰਗੀ ਬਠਿੰਡਾ, ਪ੍ਰਮੋਦ ਗਿੱਲ ਹੁਸਿਆਰਪੁਰ,ਗੁਰਿੰਦਰਜੀਤ ਸਿੰਘ ਕਪੂਰਥਲਾ,ਸੁਖਵਿੰਦਰ ਲੀਲ੍ਹ,ਰਮਨਜੀਤ ਸੰਧੂ ਲੁਧਿਆਣਾ, ਜਸਵੀਰ ਸਿੰਘ ਅਕਾਲਗੜ੍ਹ ,ਗੁਰਪ੍ਰੀਤ ਸਿੰਘ ਮੋਗਾ,ਜਸਵਿੰਦਰ ਸਿੰਘ ,ਲਖਵਿੰਦਰ ਕੌਰ ਫਰੀਦਕੋਟ,ਮਮਤਾ ਸ਼ਰਮਾ ਅੰਮ੍ਰਿਤਸਰ, ਕਮਲਜੀਤ ਕੌਰ ਪੱਤੀ ਬਰਨਾਲਾ,ਮਨਦੀਪ ਕੌਰ ਬਿਲਗਾ,ਗੁਰਜੀਤ ਕੌਰ ਅਤੇ ਪ੍ਰਵੀਨ ਕੁਮਾਰੀ ਆਦਿ ਵੀ ਹਾਜਰ ਸਨ।

Related posts

ਬੀ.ਡੀ.ਪੀ.ਓ. 30,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

punjabusernewssite

ਮੰਦਭਾਗੀ ਖ਼ਬਰ: ਕੈਨੇਡਾ ’ਚ ਦੋ ਹੋਰ ਪੰਜਾਬੀ ਨੌਜਵਾਨ ਦੀ ਹੋਈ ਮੌ+ਤ

punjabusernewssite

12 ਸਾਲਾਂ ਬੱਚੀ ਨਾਲ ਤਸਦੱਦ ਕਰਨ ਵਾਲੀ ਸਾਬਕਾ ਮਹਿਲਾ ਅਧਿਕਾਰੀ ਵਿਰੁਧ ਪਰਚਾ ਦਰਜ਼

punjabusernewssite