ਸੁਖਜਿੰਦਰ ਮਾਨ
ਬਠਿੰਡਾ, 22 ਮਾਰਚ: ਸੂਬੇ ’ਚ ਪੰਜ ਰਾਜਾਂ ਵਿਚ ਹੋਈਆਂ ਚੋਣਾਂ ਤੋਂ ਬਾਅਦ ਕੇਂਦਰ ਸਰਕਾਰ ਵਲੋਂ ਅਚਾਨਕ ਦੇਸ ਵਾਸੀਆਂ ’ਤੇ ਵੱਡਾ ਭਾਰ ਪਾਉਂਦਿਆਂ ਰਸੋਈ ਗੈਸ ਸਿਲੰਡਰਾਂ ਦੀ ਕੀਮਤਾਂ ਵਿਚ 50 ਰੁਪਏ ਵਾਧਾ ਕਰਨ ਦੇ ਵਿਰੋਧ ’ਚ ਅੱਜ ਬਠਿੰਡਾ ਦੀ ਧੋਬੀਆਣਾ ਬਸਤੀ ਦੇ ਲੋਕਾਂ ਵਲੋਂ ਸਰਕਾਰ ਵਿਰੁਧ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਅਪਣੇ ਘਰਾਂ ਦੇ ਬਾਹਰ ਖ਼ਾਲੀ ਗੈਸ ਸਿਲੈਡੰਰਾਂ ਨੂੰ ਸਿਰਾਂ ’ਤੇ ਚੱਕੀ ਬਸਤੀ ਦੇ ਲੋਕਾਂ ਨੇ ਕਿਹਾ ਕਿ ਹੁਣ ਆਮ ਵਿਅਕਤੀ ਵਲੋਂ ਦਿਹਾੜੀ ਕਰਕੇ ਅਪਣੇ ਪ੍ਰਵਾਰ ਦਾ ਪੇਟ ਪਾਲਣਾ ਵੀ ਔਖਾ ਹੋ ਗਿਆ ਹੈ। ਸੁਸੀਲ ਜਿੰਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਲੋਕਾਂ ਨੂੰ ਉਮੀਦ ਸੀ ਕਿ ਚੋਣਾਂ ਤੋਂ ਬਾਅਦ ਸਰਕਾਰ ਅਪਣੇ ਵਾਅਦੇ ਮੁਤਾਬਕ ਘਰੇਲੂ ਵਸਤੂਆਂ ਦੀਆਂ ਕੀਮਤਾਂ ਵਿਚ ਕਟੌਤੀ ਕਰੇਗੀ ਪ੍ਰੰਤੂ ਮੋਦੀ ਸਰਕਾਰ ਨੇ ਉਲਟਾ ਕਰਦਿਆਂ ਤੇਲ ਦੇ ਨਾਲ ਨਾਲ ਰਸੋਈ ਗੈਸ ਦੀਆਂ ਕੀਮਤਾਂ ਵਿਚ ਵੀ ਵੱਡਾ ਵਾਧਾ ਕਰ ਦਿੱਤਾ ਹੈ। ਜਿਸਨੇ ਆਮ ਲੋਕਾਂ ਦਾ ਬਜਟ ਵਿਗਾੜ ਕੇ ਰੱਖ ਦਿੱਤਾ ਹੈ। ਮਨਜੀਤ ਕੌਰ ਨੇ ਕਿਹਾ ਕਿ ਮੌਜੂਦਾ ਮਹਿੰਗਾਈ ਦੌਰਾਨ ਆਪ ਪ੍ਰਵਾਰਾਂ ਦਾ ਬਹੁਤ ਬੁਰਾ ਹਾਲ ਹੈ। ਰਮਨਦੀਪ ਕੌਰ ਨੇ ਕਿਹਾ ਕਿ ਤੇਲ ਤੇ ਗੈਸ ਕੀਮਤਾਂ ਦੇ ਨਾਲ-ਨਾਲ ਦਾਲਾਂ ਤੇ ਸਬਜੀਆਂ ਅਤੇ ਕਣਕ ਦੀਆਂ ਕੀਮਤਾਂ ਵੀ ਬਹੁਤ ਵਧ ਗਈਆਂ ਹਨ। ਇਸ ਮੌਕੇ ਇਕੱਠੇ ਹੋਏ ਲੋਕਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਰਾਜ ਮਿਸਤਰੀ ਦੇ ਤੌਰ ’ਤੇ ਕੰਮ ਕਰਨ ਵਾਲੇ ਮਹਾਂਦੇਵ ਧੀਰ ਨੇ ਕਿਹਾ ਕਿ ਦਿਨ-ਬ-ਦਿਨ ਵਧ ਰਹੀ ਮਹਿੰਗਾਈ ਨੇ ਆਮ ਲੋਕਾਂ ਦੀ ਕਮਰ ਤੋੜ ਕੇ ਰੱਖ ਦਿੱਤੀ ਹੈ ਜਦੋਂਕਿ ਪਹਿਲਾਂ ਹੀ ਮਹਿੰਗਾਈ ਨੇ ਅੱਤ ਚੁੱਕੀ ਹੋਈ ਸੀ। ਉਨ੍ਹਾਂ ਕਿਹਾ ਕਿ ਵਧ ਰਹੀ ਤੇਲ ਤੇ ਗੈਸ ਦੀਆਂ ਕੀਮਤਾਂ ਕਾਰਨ ਘਰ ਦਾ ਬਜ਼ਟ ਵਿਗੜ ਗਿਆ ਹੈ।