13 Views
ਸਰਕਾਰ ਦੇ ਖਰਚੇ ‘ਤੇ 200 ਕਰੋਡ਼ ਰੁਪਏ ਦਾ ਪਏਗਾ ਬੋਝ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 21 ਅਕਤੂਬਰ: ਚੋਣਾਂ ਤੋਂ ਪਹਿਲਾਂ ਆਪਣੇ ਕੀਤੇ ਹੋਏ ਇਕ ਹੋਰ ਵਾਅਦੇ ਨੂੰ ਪੂਰਾ ਕਰਦਿਆਂ ਸੂਬੇ ਦੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅੱਜ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫਾ ਦਿੰਦਿਆਂ ਉਨ੍ਹਾਂ ਦੀ ਪੁਰਾਣੀ ਪੈਨਸ਼ਨ ਬਹਾਲੀ ਦਾ ਐਲਾਨ ਕੀਤਾ ਹੈ। ਇਸਦੇ ਨਾਲ ਹੀ ਮੁਲਾਜ਼ਮਾਂ ਨੂੰ ਛੇ ਫੀਸਦੀ ਮਹਿੰਗਾਈ ਭੱਤਾ ਵਧਾ ਕੇ ਦੇਣ ਦਾ ਵੀ ਫ਼ੈਸਲਾ ਲਿਆ ਗਿਆ ਹੈ। ਅੱਜ ਇੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਦੀਵਾਲੀ ਤੋਂ ਐਨ ਦੋ ਦਿਨ ਪਹਿਲਾਂ ਸੂਬੇ ਦੇ ਲੱਖਾਂ ਮੁਲਾਜ਼ਮਾਂ ਨੂੰ ਖ਼ੁਸ਼ ਕਰਦਿਆਂ ਉਨ੍ਹਾਂ ਦੀ ਸਾਲ 2004 ਤੋਂ ਬੰਦ ਹੋਈ ਪੈਨਸ਼ਨ ਦੀ ਬਹਾਲੀ ਦਾ ਫੈਸਲਾ ਲਿਆ ਗਿਆ। ਪੰਜਾਬ ਮੰਤਰੀ ਮੰਡਲ ਵਿੱਚ ਹੋਏ ਫੈਸਲਿਆਂ ਦੀ ਜਾਣਕਾਰੀ ਦਿੰਦਿਆਂ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਜੋ ਵਾਅਦੇ ਕੀਤੇ ਸੀ ਉਨ੍ਹਾਂ ਨੂੰ ਇਕ ਇਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸੂਬੇ ਵਿੱਚ ਰਹੀਆਂ ਸਰਕਾਰਾਂ ਚੋਣਾਂ ਤੋਂ ਐਨ ਕੁੱਝ ਸਮਾਂ ਪਹਿਲਾਂ ਕੀਤੇ ਵਾਅਦਿਆਂ ਵਿੱਚੋਂ ਅੱਧ ਪਚੱਧੇ ਪੂਰੇ ਕਰਨ ਦਾ ਦਾਅਵਾ ਕਰਦੀਆਂ ਸਨ ਪ੍ਰੰਤੂ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਸੂਬੇ ਵਿੱਚ ਸਰਕਾਰ ਬਣਦਿਆਂ ਹੀ ਚੋਣ ਵਾਅਦੇ ਪੂਰੇ ਕਰਨੇ ਸ਼ੁਰੂ ਕਰ ਦਿੱਤੇ ਗਏ ਹਨ। ਇਸ ਸੰਬੰਧੀ ਮੁੱਖਮੰਤਰੀ ਭਗਵੰਤ ਮਾਨ ਨੇ ਵੀ ਜਾਰੀ ਵੀਡੀਓ ਰਾਹੀਂ ਇਸ ਫੈਸਲੇ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪੰਜਾਬ ਮੰਤਰੀ ਮੰਡਲ ਵਿੱਚ ਇਹ ਫ਼ੈਸਲਾ ਲਾਗੂ ਕਰਨ ਸਬੰਧੀ ਸਿਧਾਂਤਕ ਤੌਰ ਤੇ ਮਨਜ਼ੂਰੀ ਮਿਲ ਗਈ ਹੈ। ਉਨ੍ਹਾਂ ਸੂਬੇ ਦੇ ਸਮੂਹ ਮੁਲਾਜ਼ਮਾਂ ਨੂੰ ਦੀਵਾਲੀ ਦੀਆਂ ਵੀ ਵਧਾਈਆਂ ਦਿੱਤੀਆਂ। ਇੱਥੇ ਦੱਸਣਾ ਬਣਦਾ ਹੈ ਕਿ ਪੰਜਾਬ ਵਿੱਚ ਸਾਲ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਦੀ ਪੈਨਸ਼ਨ ਬੰਦ ਕਰ ਦਿੱਤੀ ਗਈ ਸੀ। ਇਸ ਤੋਂ ਇਲਾਵਾ ਕੈਬਨਿਟ ਵੱਲੋਂ ਲਏ ਗਏ ਹੋਰ ਮਹੱਤਵਪੂਰਨ ਫੈਸਲਿਆਂ ਵਿੱਚ ਧਾਰਮਿਕ ਗ੍ਰੰਥਾਂ ਨੂੰ ਲੈਕੇ ਜਾਣ ਵਾਲੀਆਂ ਗੱਡੀਆਂ ਨੂੰ ਟੈਕਸ ਮੁਕਤ ਕਰਨ ਦੇ ਫੈਸਲੇ ਨੂੰ ਮਨਜ਼ੂਰੀ ਦੇਣ ਤੋਂ ਇਲਾਵਾ ਨੌਕਰੀਆਂ ‘ਚ ਪੰਜਾਬ ਦੇ ਨੌਜਵਾਨਾਂ ਨੂੰ ਤਰਜੀਹ ਲਈ ਭਰਤੀ ਦੇ ਨੇਮਾਂ ‘ਚ ਬਦਲਾਅ ਨੂੰ ਮਨਜ਼ੂਰੀ ਦੇਣ ਦੇ ਨਾਲ ਨਾਲ ਮੁਹਾਲੀ ਮੈਡੀਕਲ ਕਾਲਜ ਦੀ ਨਵੀਂ ਥਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ।
Share the post "ਦੀਵਾਲੀ ਮੌਕੇ ਮਾਨ ਸਰਕਾਰ ਦਾ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਨੂੰ ਤੋਹਫ਼ਾ, ਪੁਰਾਣੀ ਪੈਨਸ਼ਨ ਬਹਾਲੀ ਦਾ ਐਲਾਨ "