Punjabi Khabarsaar
ਪੰਜਾਬ

ਦੁਖਦਾਇਕ ਖ਼ਬਰ: ਜੰਮੂ ਕਸ਼ਮੀਰ ਦੇ ਪੁੰਛ ‘ਚ ਅਤਿਵਾਦੀਆਂ ਨਾਲ ਹੋਏ ਮੁਕਾਬਲੇ ‘ਚ ਪੰਜਾਬ ਦੇ ਤਿੰਨ ਜਵਾਨ ਸ਼ਹੀਦ

ਮੁੱਖ ਮੰਤਰੀ ਵੱਲੋਂ ਸ਼ਹੀਦ ਨਾਇਬ ਸੂਬੇਦਾਰ ਜਸਵਿੰਦਰ ਸਿੰਘ, ਨਾਇਕ ਮਨਦੀਪ ਸਿੰਘ ਅਤੇ ਸਿਪਾਹੀ ਗੱਜਣ ਸਿੰਘ ਦੇ ਪਰਿਵਾਰਾਂ ਦੇ ਇਕ-ਇਕ ਮੈਂਬਰ ਲਈ ਸਰਕਾਰੀ ਨੌਕਰੀ ਅਤੇ 50 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗਰਾਂਟ ਦਾ ਐਲਾਨ

ਸੁਖਜਿੰਦਰ ਮਾਨ

ਚੰਡੀਗੜ੍ਹ, 11 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸ਼ਹੀਦ ਨਾਇਬ ਸੂਬੇਦਾਰ ਜਸਵਿੰਦਰ ਸਿੰਘ ਸੈਨਾ ਮੈਡਲ, ਨਾਇਕ ਮਨਦੀਪ ਸਿੰਘ ਅਤੇ ਸਿਪਾਹੀ ਗੱਜਣ ਸਿੰਘ ਦੇ ਪਰਿਵਾਰਾਂ ਦੇ ਇਕ-ਇਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ 50-50 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗਰਾਂਟ ਦੇਣ ਦਾ ਐਲਾਨ ਕੀਤਾ ਹੈ ਜੋ ਪੁੰਛ ਸੈਕਟਰ (ਜੰਮੂ ਕਸ਼ਮੀਰ) ਵਿਚ ਅੱਤਵਾਦੀਆਂ ਨਾਲ ਲੋਹਾ ਲੈਂਦਿਆਂ ਦੇਸ਼ ਸੇਵਾ ਵਿਚ ਆਪਣੀਆਂ ਜਾਨਾਂ ਨਿਛਾਵਰ ਕਰ ਗਏ।

ਬਹਾਦਰ ਸੈਨਿਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਜ਼ਾਹਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸੂਰਬੀਰਾਂ ਵੱਲੋਂ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਦਿਖਾਈ ਗਈ ਸਮਰਪਣ ਭਾਵਨਾ ਅਤੇ ਇੱਥੋਂ ਤੱਕ ਕਿ ਆਪਣੀਆਂ ਜ਼ਿੰਦਗੀਆਂ ਖ਼ਤਰੇ ਵਿਚ ਪਾ ਦੇਣ ਦਾ ਸਾਹਸ ਬਾਕੀ ਸੈਨਿਕਾਂ ਨੂੰ ਆਪਣੀ ਡਿਊਟੀ ਹੋਰ ਵੀ ਸ਼ਿੱਦਤ ਅਤੇ ਵਚਨਬੱਧਤਾ ਨਾਲ ਨਿਭਾਉਣ ਲਈ ਪ੍ਰੇਰਿਤ ਕਰਦਾ ਰਹੇਗਾ।

ਦੱਸਣਯੋਗ ਹੈ ਕਿ ਮੈਕਾਨਾਈਜ਼ਡ ਇਨਫੈਂਟਰੀ (1 ਸਿੱਖ) ਦੇ ਯੂਨਿਟ-4 ਦੇ ਨਾਇਬ ਸੂਬੇਦਾਰ ਜਸਵਿੰਦਰ ਸਿੰਘ ਕਪੂਰਥਲਾ ਜ਼ਿਲ੍ਹੇ ਵਿਚ ਸਥਿਤ ਪਿੰਡ ਮਾਨਾ ਤਲਵੰਡੀ ਦੇ ਵਾਸੀ ਸਨ ਜੋ ਆਪਣੇ ਪਿੱਛੇ ਪਤਨੀ ਸਰਦਾਰਨੀ ਰਾਜ ਕੌਰ ਅਤੇ ਧੀ ਸਿਮਰਜੀਤ ਕੌਰ ਛੱਡ ਗਏ। ਇਸੇ ਤਰ੍ਹਾਂ 11 ਸਿੱਖ ਦੇ ਨਾਇਕ ਮਨਦੀਪ ਸਿੰਘ ਜੋ ਗੁਰਦਾਸਪੁਰ ਜ਼ਿਲ੍ਹੇ ਵਿਚ ਘਣੀਕੇ ਬਾਂਗਰ (ਅਲੀਵਾਲ ਤੋਂ ਫਤਿਹਗੜ੍ਹ ਚੂੜੀਆਂ ਰੋਡ) ਨੇੜੇ ਪਿੰਡ ਚੱਠਾ ਸ਼ੀਰਾ ਦੇ ਸਨ, ਆਪਣੇ ਪਿੱਛੇ ਪਤਨੀ ਸਰਦਾਰਨੀ ਮਨਦੀਪ ਕੌਰ ਅਤੇ ਦੋ ਪੁੱਤਰ ਛੱਡ ਗਏ ਅਤੇ 23 ਸਿੱਖ ਦੇ ਸਿਪਾਹੀ ਗੱਜਣ ਸਿੰਘ ਰੋਪੜ ਜ਼ਿਲ੍ਹੇ ਵਿਚ ਪਿੰਡ ਪਛਰੰਦਾ ਦੇ ਵਾਸੀ ਸਨ, ਜਿਨ੍ਹਾਂ ਦਾ ਵਿਆਹ ਚਾਰ ਮਹੀਨੇ ਪਹਿਲਾਂ ਹੀ ਹੋਇਆ ਸੀ ਜੋ ਆਪਣੇ ਪਿੱਛੇ ਪਤਨੀ ਸਰਦਾਰਨੀ ਹਰਪ੍ਰੀਤ ਕੌਰ ਛੱਡ ਗਏ।

—-

Related posts

ਹਰਸਿਮਰਤ ਨੇ ਮੋਦੀ ਨੂੰ ਕਰਤਾਰਪੁਰ ਸਾਹਿਬ ਨੂੰ ਭਾਰਤ ਵਿਚ ਸ਼ਾਮਲ ਕਰਨ ਲਈ ਜ਼ਮੀਨ ਦੀ ਅਦਲਾ ਬਦਲੀ ਕਰਨ ਦੀ ਕੀਤੀ ਅਪੀਲ

punjabusernewssite

15 ਸਾਲਾਂ ਤੋਂ ਬੰਦ ਪਿਆ ਡਲਹੌਜ਼ੀ ਸਥਿਤ ਪੰਜਾਬ ਦਾ ਇੱਕੋ-ਇੱਕ ਸਰਕਾਰੀ ਰੇਸ਼ਮ ਬੀਜ ਉਤਪਾਦਨ ਸੈਂਟਰ ਮਾਨ ਸਰਕਾਰ ਵੱਲੋਂ ਮੁੜ ਸ਼ੁਰੂ

punjabusernewssite

ਟਾਈਟਲਰ ਨੂੰ ਅਹੁੱਦਾ ਦੇ ਕੇ ਕਾਂਗਰਸ ਨੇ ਸਿੱਖਾਂ ਦੇ ਜਖ਼ਮਾਂ ’ਤੇ ਲੂਣ ਛਿੜਕਿਆ: ਭਗਵੰਤ ਮਾਨ

punjabusernewssite