ਸੁਖਜਿੰਦਰ ਮਾਨ
ਬਠਿੰਡਾ 24 ਅਕਤੂਬਰ : ਨਰਮੇ ਦੀ ਫ਼ਸਲ ਦੇ ਹੋਏ ਖ਼ਰਾਬੇ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਪਿਛਲੇ ਕਰੀਬ ਤਿੰਨ ਹਫ਼ਤਿਆਂ ਤੋਂ ਸੰਘਰਸ ਵਿੱਢੀ ਬੈਠੇ ਕਿਸਾਨਾਂ ਵਲੋਂ ਭਲਕੇ ਸਥਾਨਕ ਮਿੰਨੀ ਸੈਕਟਰੀਏਟ ਦਾ ਘਿਰਾਓ ਕੀਤਾ ਜਾ ਰਿਹਾ ਹੈ। ਇਸ ਸਬੰਧ ਵਿਚ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਦੀ ਇੱਕ ਮੀਟਿੰਗ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਹਾਜੀ ਰਤਨ ਸਾਹਿਬ ਵਿਖੇ ਹੋਈ ਜਿਸ ਵਿੱਚ ਤਿਆਰੀਆਂ ਦਾ ਜਾਇਜਾ ਲਿਆ ਗਿਆ। ਇਸ ਮੌਕੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਦੱਸਿਆ ਕਿ ਕੱਲ ਨੂੰ ਹਜਾਰਾਂ ਕਿਸਾਨ ਪਰਿਵਾਰਾਂ ਸਮੇਤ ਸਰਕਾਰ ਵਲੋਂ ਲਾਈਆਂ ਰੋਕਾਂ ਤੋੜ ਕੇ ਮਿੰਨੀ ਸਕੱਤਰੇਤ ਦਾ ਅਣਮਿੱਥੇ ਸਮੇਂ ਦਾ ਘਿਰਾਓ ਕਰਨਗੇ। ਮੀਟਿੰਗ ਵਿੱਚ ਆਗੂਆਂ ਨੇ ਦੋਸ਼ ਲਗਾਇਆ ਕਿ ਚੰਨੀ ਸਰਕਾਰ ਵਲੋਂ ਧਾਰੀ ਚੁੱਪ ਕਾਰਨ ਕਿਸਾਨਾਂ ਵਿਚ ਭਾਰੀ ਰੋਸ਼ ਹੈ। ਜਿਸਦੇ ਚੱਲਦੇ ਇਸ ਘਿਰਾਓ ਨੂੰ ਸਫ਼ਲ ਬਣਾਂਉਣ ਲਈ ਵੱਡੀ ਗਿਣਤੀ ਵਿਚ ਕਿਸਾਨਾਂ ਤੋਂ ਇਲਾਵਾ ਹੋਰ ਵਰਗ ਵੀ ਪੁੱਜਣਗੇ। ਮੀਟਿੰਗ ਵਿੱਚ ਹਰਜਿੰਦਰ ਸਿੰਘ ਬੱਗੀ, ਮੋਠੂ ਸਿੰਘ ਕੋਟੜਾ,ਰਾਮ ਸਿੰਘ ਭੈਣੀਬਾਘਾ, ਗੁਰਭੇਜ ਸਿੰਘ , ਗੁਰਭਗਤ ਸਿੰਘ ਭਲਾਈਆਣਾ, ਜਗਤਾਰ ਸਿੰਘ ਕਾਲਾ ਝਾੜ ,ਨੱਥਾ ਸਿੰਘ ਰੋੜੀਕਪੂਰਾ, ਜੰਗੀਰ ਸਿੰਘ ਆਦਿ ਕਿਸਾਨ ਆਗੂ ਸਾਮਲ ਸਨ।
ਨਰਮੇ ਦੇ ਖਰਾਬੇ ਦੇ ਮੁਆਵਜ਼ੇ ਨੂੰ ਲੈ ਕੇ ਕਿਸਾਨ ਅੱਗੇ ਘੇਰਨਗੇ ਸਕੱਤਰੇਤ
1 Views