ਸਮੂਹ ਲੀਡਰਸਪਿ ਨੂੰ ਨਾਲ ਲੈ ਕੇ ਕੀਤੀ ਸਰਬੱਤ ਦੇ ਭਲੇ ਦੀ ਅਰਦਾਸ
ਖੇਤੀ ਬਿੱਲ ਰੱਦ ਹੋਣੇ ਕਿਸਾਨੀ ਅਤੇ ਪੰਜਾਬੀਆਂ ਦੀ ਜਿੱਤ
ਵਪਾਰੀਆਂ ਦੇ ਸਹਿਯੋਗ ਲਈ ਧੰਨਵਾਦ : ਸਰੂਪ ਸਿੰਗਲਾ
ਹਰਸਿਮਰਤ ਕੌਰ ਬਾਦਲ ਦੇ ਅਸਤੀਫੇ ਅਕਾਲੀ ਦਲ ਵੱਲੋਂ ਭਾਜਪਾ ਨਾਲ ਗੱਠਜੋੜ ਤੋੜਣ ’ਤੇ ਦਿੱਤੀ ਕਿਸਾਨੀ ਸੰਘਰਸ਼ ਨੂੰ ਤਾਕਤ
ਸੁਖਜਿੰਦਰ ਮਾਨ
ਬਠਿੰਡਾ, 19 ਨਵੰਬਰ:-ਪਹਿਲੇ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਤੋਂ ਅਕਾਲੀ-ਬਸਪਾ ਉਮੀਦਵਾਰ ਤੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਪਰਿਵਾਰ ਤੇ ਦੀ ਸਮੂਹ ਲੀਡਰਸ਼ਿਪ ਸਹਿਤ ਗੁਰੂਘਰ ਕਿਲ੍ਹਾ ਮੁਬਾਰਕ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਕੇਂਦਰ ਸਰਕਾਰ ਵੱਲੋਂ 3 ਖੇਤੀ ਬਿੱਲ ਰੱਦ ਕਰਨ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਿਸਾਨਾਂ, ਮਜਦੂਰਾਂ ,ਮੁਲਾਜਮਾਂ, ਵਪਾਰੀਆਂ ਸਮੇਤ ਹਰ ਵਰਗ ਦੀ ਚਣ੍ਹਦੀ ਕਲਾ, ਕਰੋਨਾ ਮਹਾਂਮਾਰੀ ਦੇ ਕਾਲ਼ੇ ਦੌਰ ਸਮੇਤ ਕਿਸਾਨੀ ਅੰਦੋਲਨ ਕਰਕੇ ਵਪਾਰੀਆਂ ਦੇ ਹੋਏ ਵੱਡੇ ਨੁਕਸਾਨ ਦੀ ਭਰਪਾਈ ਅਤੇ ਆਪਸੀ ਭਾਈਚਾਰਕ ਸਾਂਝ ਮਜਬੂਤ ਬਣਾਉਣ ਲਈ ਅਰਦਾਸ ਕੀਤੀ।ਇਸ ਮੌਕੇ ਸਮੂਹ ਲੀਡਰਸ਼ਿਪ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕਿਸਾਨੀ ਅੰਦੋਲਨ ਦੀ ਪੂਰਨ ਹਮਾਇਤ ਕਰਦਿਆਂ ਭਾਜਪਾ ਨਾਲ ਸਭ ਤੋਂ ਪੁਰਾਣੇ ਗੱਠਜੋੜ ਤੋੜਨ ਅਤੇ ਲੋਕ ਸਭਾ ਹਲਕਾ ਬਠਿੰਡਾ ਤੋਂ ਸਾਂਸਦ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਕਿਸਾਨੀ ਅੰਦੋਲਨ ਦੇ ਹੱਕ ਵਿਚ ਕੇਂਦਰ ਦੀ ਕੁਰਸੀ ਤੋਂ ਅਸਤੀਫਾ ਦੇਕੇ ਕਿਸਾਨੀ ਸੰਘਰਸ਼ ਨੂੰ ਤਾਕਤ ਦੇਣ ਲਈ ਧੰਨਵਾਦ ਕੀਤਾ। ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਪਹਿਲੇ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਖ਼ੁਸ਼ਹਾਲ ਸਮਾਜ ਦੀ ਸਿਰਜਣਾ, ਹਰ ਵਰਗ ਦੀ ਤਰੱਕੀ ਅਤੇ ਖੁਸ਼ਹਾਲੀ, ਵਪਾਰੀਆਂ,ਕਿਸਾਨਾਂ ਤੇ ਮਜਦੂਰਾਂ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਹੋਵੇ ਅਤੇ ਆਪਸੀ ਭਾਈਚਾਰਕ ਸਾਂਝ ਮਜਬੂਤ ਹੋਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ 11 ਮਹੀਨੇ 24 ਦਿਨ ਪਹਿਲਾਂ ਵਿੱਢੇ ਸੰਘਰਸ਼ ਕਾਰਨ ਅੱਜ ਕਾਲੇ ਕਾਨੂੰਨ ਰੱਦ ਹੋਣਾ, ਕਿਸਾਨੀ ਸੰਘਰਸ਼ ਦੀ ਵੱਡੀ ਜਿੱਤ ਹੈ, ਜਿਸ ਲਈ ਹਰ ਵਰਗ ਵੱਲੋਂ ਸਹਿਯੋਗ ਦਿੱਤਾ ਗਿਆ, ਖਾਸ ਕਰਕੇ ਵਪਾਰੀਆਂ ਨੇ ਆਪਣੇ ਵਪਾਰ ਦਾ ਨੁਕਸਾਨ ਝੱਲਣ ਦੇ ਨਾਲ ਕਿਸਾਨਾਂ ਦੇ ਸੰਘਰਸ਼ ਦੀ ਪੂਰਨ ਹਮਾਇਤ ਕੀਤੀ, ਜਿਸ ਲਈ ਸ਼੍ਰੋਮਣੀ ਅਕਾਲੀ ਦਲ ਵਪਾਰੀਆਂ ਦਾ ਵੀ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਾ ਹੈ।ਉਨ੍ਹਾਂ ਕਿਹਾ ਕਿ ਇਕ ਪਾਸੇ ਕੇਂਦਰ ਸਰਕਾਰ ਕਿਸਾਨੀ ਕਿੱਤੇ ਨੂੰ ਬਰਬਾਦ ਕਰਨ ਦੇ ਫੈਸਲੇ ਲੈ ਰਹੀ ਸੀ, ਦੂਜੇ ਪਾਸੇ ਪੰਜਾਬ ਸਰਕਾਰ ਉਨ੍ਹਾਂ ਫੈਸਲਿਆਂ ਦੀ ਭਾਈਵਾਲ ਬਣਕ ਦੋਗਲੀ ਸਿਆਸਤ ਕਰਕੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਸੀ ਪ੍ਰੰਤੂ ਸ਼੍ਰੋਮਣੀ ਅਕਾਲੀ ਦਲ ਜੋ ਹਮੇਸ਼ਾਂ ਹੀ ਕਿਸਾਨੀ ਹਿੱਤ ਵਿੱਚ ਪਹਿਰਾ ਦਿੰਦਾ ਆਇਆ ਹੈ ਨੇ ਕਿਸਾਨਾਂ ਦੀ ਜਿੱਤ ਲਈ ਇਤਿਹਾਸਕ ਫੈਸਲੇ ਲਏ ਤੇ ਸੰਘਰਸ਼ ਦੀ ਪੂਰਨ ਹਮਾਇਤ ਕੀਤੀ। ਇਸ ਮੌਕੇ ਗੁਰਦੁਆਰਾ ਸਾਹਿਬ ਕਿਲਾ ਮੁਬਾਰਕ ਦੇ ਪ੍ਰਬੰਧਕਾਂ ਵੱਲੋਂ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦਾ ਸਿਰੋਪਾਓ ਦੇ ਕੇ ਸਨਮਾਨ ਵੀ ਕੀਤਾ।