ਸੁਖਜਿੰਦਰ ਮਾਨ
ਬਠਿੰਡਾ, 17 ਜਨਵਰੀ: ਨਰਮੇ ਦੀ ਫ਼ਸਲ ਦੇ ਖ਼ਰਾਬੇ ਦੀ ਮੰਗ ਨੂੰ ਲੈ ਕੇ ਪਿਛਲੇ ਕਈ ਮਹੀਨਿਆਂ ਤੋਂ ਸੰਘਰਸ਼ ਕਰਦੇ ਆ ਰਹੇ ਕਿਸਾਨਾਂ ਨੇ ਅੱਜ ਮੁੜ ਪ੍ਰਸ਼ਾਸ਼ਨ ਦੇ ਰਵੱਈਏ ਤੋਂ ਤੰਗ ਆ ਕੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਦਾ ਘਿਰਾਓ ਕਰ ਲਿਆ। ਡਿਪਟੀ ਕਮਿਸ਼ਨਰ ਵਲੋਂ ਕਿਸਾਨ ਆਗੂਆਂ ਦੇ ਵਫਦ ਨੂੰ ਮਿਲਣ ਤੋਂ ਟਾਲਾ ਵਟਣ ਦੀਆਂ ਕੰਨਸੋਆ ਮਿਲਣ ’ਤੇ ਵੱਡੀ ਗਿਣਤੀ ਵਿਚ ਇਕੱਠੇ ਹੋੲੈ ਕਿਸਾਨਾਂ ਨੇ ਅੱਜ ਸਕੱਤਰੇਤ ਵਿਚ ਧਾਵਾਂ ਬੋਲਦਿਆਂ ਡਿਪਟੀ ਕਮਿਸ਼ਨਰ ਦੇ ਮੁੱਖ ਦਫਤਰ ਅੱਗੇ ਧਰਨਾ ਜੜ ਦਿੱਤਾ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇਂ ਜ਼ਿਲਾ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ, ਜਗਦੇਵ ਸਿੰਘ ਜੋਗੇਵਾਲਾ ,ਬਸੰਤ ਸਿੰਘ ਕੋਠਾਗੁਰੂ ਪਰਮਜੀਤ ਕੌਰ ਪਿੱਥੋ ,ਹੁਸ਼ਿਆਰ ਸਿੰਘ ਚੱਕ ਫਤਿਹ ਸਿੰਘ ਵਾਲਾ ਦੀ ਅਗਵਾਈ ਵਿਚ ਕਿਸਾਨਾਂ ਦਾ ਇਹ ਵਫ਼ਦ ਕਿਸਾਨੀ ਮੰਗਾਂ ਸਬੰਧੀ ਡੀ ਸੀ ਨੂੰ ਮਿਲਣ ਪਹੁੰਚਿਆ ਹੋਇਆ ਸੀ। ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਡਿਪਟੀ ਕਮਿਸ਼ਨਰ ਵੱਲੋਂ ਲਗਾਤਾਰ ਕਿਸਾਨ ਆਗੂਆਂ ਨਾਲ ਮੀਟਿੰਗ ਕਰਨ ਤੋਂ ਵੱਟੇ ਜਾ ਰਹੇ ਟਾਲੇ ਦੇ ਵਿਰੋਧ ਵਿੱਚ ਕਿਸਾਨਾਂ ਨੂੰ ਇਹ ਕਦਮ ਚੁੱਕਣਾ ਪਿਆ। ਜਿਸਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਕਿਸਾਨ ਆਗੂਆਂ ਨਾਲ ਮੀਟਿੰਗ ਦੀ ਹਾਮੀ ਭਰੀ। ਮੀਟਿੰਗ ਦੌਰਾਨ ਨਰਮੇ ਦਾ ਮੁਆਵਜ਼ਾ ਵੰਡਣ ’ਚ ਕੀਤੀ ਜਾ ਰਹੀ ਦੇਰੀ ਅਤੇ ਤਹਿਸੀਲਦਾਰਾਂ ਵੱਲੋਂ ਕਿਸਾਨਾਂ ਨੂੰ ਚੈਕ ਦੇਣ ’ਤੇ ਚੋਣ ਕਮਿਸ਼ਨ ਵੱਲੋਂ ਰੋਕ ਲਗਾਉਣ ਦੇ ਕੀਤੇ ਜਾ ਰਹੇ ਦਾਅਵਿਆਂ ਨੂੰ ਝੁਠਲਾਉਂਦਿਆਂ ਕਿਸਾਨ ਆਗੂਆਂ ਨੇ ਡਿਪਟੀ ਕਮਿਸ਼ਨਰ ਕੋਲ ਮਸਲਾ ਚੁੱਕਿਆ। ਸੂਚਨਾ ਮੁਤਾਬਕ ਡੀਸੀ ਨੇ ਵੀ ਇਹ ਗੱਲ ਮੰਨੀ ਕਿ ਚੋਣ ਕਮਿਸ਼ਨ ਵੱਲੋਂ ਕੋਈ ਰੋਕ ਨਹੀਂ ਲਗਾਈ ਗਈ ਪ੍ਰੰਤੂ ਉਹ ਖ਼ੁਦ ਚੋਣ ਕਮਿਸ਼ਨ ਤੋਂ ਮਨਜ਼ੂਰੀ ਲੈ ਕੇ ਕੱਲ੍ਹ ਤੋਂ ਬਾਅਦ ਮੁਆਵਜ਼ਾ ਵੰਡਣਾ ਸ਼ੁਰੂ ਕਰ ਦੇਣਗੇ। ਇਸੇ ਤਰ੍ਹਾਂ ਬਾਕੀ ਰਹਿੰਦੀਆਂ ਮੰਗਾਂ ਬਾਰੇ ਭਲਕੇ ਕਿਸਾਨਾਂ ਨੂੰ ਮੀਟਿੰਗ ਦਾ ਸੱਦਾ ਦਿੱਤਾ ਗਿਆ।
24 Views