ਅਮਿਤ ਸ਼ਾਹ ਚੰਡੀਗਡ਼੍ਹ ਚ ਕਰਵਾਉਣਗੇ ਸ਼ਮੂਲੀਅਤ
ਸਾਬਕਾ ਅਕਾਲੀ ਵਿਧਾਇਕ ਸਰੂਪ ਸਿੰਗਲਾ ਵੀ ਹੋਣਗੇ ਭਾਜਪਾ ਸ਼ਾਮਲ
ਸੁਖਜਿੰਦਰ ਮਾਨ
ਚੰਡੀਗੜ੍ਹ, 4 ਜੂਨ: ਪਿਛਲੀਆਂ ਵਿਧਾਨ ਸਭਾ ਚੋਣਾਂ ਚ ਵੱਡੀ ਹਾਰ ਦਾ ਸਾਹਮਣਾ ਕਰਨ ਵਾਲੀ ਕਾਂਗਰਸ ਪਾਰਟੀ ਨੂੰ ਅੱਜ ਹੋਰ ਵੱਡਾ ਝਟਕਾ ਲੱਗਣ ਜਾ ਰਿਹਾ ਹੈ। ਪਾਰਟੀ ਦੇ ਚਾਰ ਸਾਬਕਾ ਮੰਤਰੀਆਂ ਸਹਿਤ ਕਈ ਸਾਬਕਾ ਵਿਧਾਇਕ ਅਤੇ ਹੋਰ ਦਿੱਗਜ ਆਗੂ ਪਾਰਟੀ ਛੱਡ ਭਾਜਪਾ ਵਿੱਚ ਸ਼ਮੂਲੀਅਤ ਕਰਨ ਜਾ ਰਹੇ ਹਨ, ਜਿਨ੍ਹਾਂ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਚੰਡੀਗੜ੍ਹ ਵਿੱਚ ਜੀ ਆਇਆਂ ਆਖਣਗੇ। ਸੂਤਰਾਂ ਮੁਤਾਬਕ ਭਾਜਪਾ ਵਿੱਚ ਸਮੂਲੀਅਤ ਕਰਨ ਜਾ ਰਹੇ ਆਗੂਆਂ ਦੀ ਲਿਸਟ ਵਿੱਚ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਬਲਬੀਰ ਸਿੰਘ ਸਿੱਧੂ, ਰਾਜ ਕੁਮਾਰ ਵੇਰਕਾ ਤੇ ਸ਼ਾਮ ਸੁੰਦਰ ਅਰੋੜਾ ਤੋਂ ਇਲਾਵਾ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਤੇ ਅਮਰੀਕ ਸਿੰਘ ਸਮਰਾਲਾ ਅਤੇ ਬਠਿੰਡਾ ਜਿਲ੍ਹੇ ਦੇ ਸਾਬਕਾ ਪ੍ਰਧਾਨ ਨਰਿੰਦਰ ਸਿੰਘ ਭਲੇਰੀਆ ਆਦਿ ਦੇ ਨਾਮ ਸਾਮਲ ਹਨ। ਇੰਨਾਂ ਸਾਬਕਾ ਮੰਤਰੀਆਂ ਤੇ ਆਗੂਆਂ ਵਲੋਂ ਅੱਜ ਚੰਡੀਗੜ੍ਹ ਵਿੱਚ ਭਾਜਪਾ ਆਗੂ ਸੁਨੀਲ ਜਾਖਡ਼ ਅਤੇ ਮਨਜਿੰਦਰ ਸਿੰਘ ਸਿਰਸਾ ਨਾਲ ਮੁਲਾਕਾਤ ਕੀਤੀ। ਇਸ ਤੋਂ ਇਲਾਵਾ ਅਕਾਲੀ ਦਲ ਦੇ ਸਾਬਕਾ ਵਿਧਾਇਕ ਸਰੂਪ ਸਿੰਗਲਾ ਵੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਵਿੱਚ ਭਾਜਪਾ ‘ਚ ਸ਼ਾਮਲ ਹੋਣ ਜਾ ਰਹੇ ਹਨ। ਗੌਰਤਲਬ ਹੈ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਚ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋ ਕੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਢੀਂਡਸਾ ਧੜੇ ਨਾਲ ਮਿਲ ਕੇ ਚੋਣਾਂ ਲੜਨ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਬੇਸ਼ੱਕ ਜ਼ਿਆਦਾ ਸਫ਼ਲਤਾ ਹਾਸਲ ਨਹੀਂ ਹੋਈ ਪ੍ਰੰਤੂ ਹੁਣ ਉਸ ਦੀ ਅੱਖ 2022 ਦੀਆਂ ਲੋਕ ਸਭਾ ਚੋਣਾਂ ‘ਤੇ ਹੈ ਜਿਸ ਦੇ ਚਲਦੇ ਉਹ ਆਪਣੇ ਪਰਿਵਾਰ ਵਿੱਚ ਲਗਾਤਾਰ ਵਾਧਾ ਕਰ ਰਹੀ ਹੈ। ਉਧਰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਉਕਤ ਸਾਬਕਾ ਮੰਤਰੀਆਂ ਦੀ ਸੰਭਾਵੀ ਭਾਜਪਾ ਵਿੱਚ ਸ਼ਮੂਲੀਅਤ ਦੇ ਮੁੱਦੇ ਤੇ ਟਿੱਪਣੀ ਕਰਦਿਆਂ ਦਾਅਵਾ ਕੀਤਾ ਕਿ ਇਸ ਦੇ ਨਾਲ ਨੁਕਸਾਨ ਨਹੀਂ ਬਲਕਿ ਫ਼ਾਇਦਾ ਹੋਵੇਗਾ ਕਿਉਂਕਿ ਹੁਣ ਨਵੇਂ ਲੋਕਾਂ ਨੂੰ ਇਨ੍ਹਾਂ ਹਲਕਿਆਂ ਵਿੱਚ ਅੱਗੇ ਆਉਣ ਦਾ ਮੌਕਾ ਮਿਲੇਗਾ।
Share the post "ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲੱਗਣ ਦੀ ਤਿਆਰੀ, ਚਾਰ ਸਾਬਕਾ ਮੰਤਰੀਆਂ ਸਹਿਤ ਵੱਡੇ ਚਿਹਰੇ ਹੋਣਗੇ ਭਾਜਪਾ ਚ ਸ਼ਾਮਲ"