ਈ.ਡੀ. ਦੀ ਕਾਰਵਾਈ ਨੇ ਸਚਾਈ ਸਾਹਮਣੇ ਲਿਆਂਦੀ
ਭਗਵੰਤ ਮਾਨ ਸਤਲੁਜ ਯਮੁਨਾ ਲਿੰਕ ਨਹਿਰ ਦੇ ਮਾਮਲੇ ’ਤੇ ਕੇਜਰੀਵਾਲ ਦੇ ਸਟੈਂਡ ਬਾਰੇ ਸਪੱਸ਼ਟ ਕਰਨ
ਸੁਖਜਿੰਦਰ ਮਾਨ
ਬਠਿੰਡਾ, 20 ਜਨਵਰੀ: ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਸੂਬੇ ’ਚ ਰੇਤ ਮਾਫ਼ੀ ਦੀ ਸਰਪ੍ਰਸਤੀ ਕਰਨ ਦਾ ਦੋਸ਼ ਲਗਾਉਂਦਿਆਂ ਦਾਅਵਾ ਕੀਤਾ ਕਿ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਮੁੱਖ ਮੰਤਰੀ ਦੇ 111 ਦਿਨਾਂ ਦੇ ਕਾਰਜਕਾਲ ਦੌਰਾਨ ਕਰੋੜਾਂ ਰੁਪਏ ਇਕੱਠੇ ਕੀਤੇ ਹਨ। ਅੱਜ ਬਠਿੰਡਾ ਜ਼ਿਲ੍ਹੇ ਵਿਚ ਪੁੱਜੀ ਸ਼੍ਰੀਮਤੀ ਬਾਦਲ ਨੇ ਗੱਲਬਾਤ ਕਰਦਿਆਂ ਕਿਹਾ ਕਿ ‘‘ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਵੱਲੋਂ ਮੁੱਖ ਮੰਤਰੀ ਦੇ ਭਾਣਜੇ ਦੀ ਰਿਹਾਇਸ਼ ’ਤੇ ਮਾਰੇ ਛਾਪਿਆਂ ਦੌਰਾਨ 11 ਕਰੋੜ ਰੁਪਏ ਨਗਦ ਦੀ ਬਰਾਮਦੀ ਨੇ ਇਹ ਗੱਲ ਸਪਸ਼ਟ ਕਰ ਦਿੱਤੀ ਹੈ। ’’ ਉਨ੍ਹਾਂ ਮੰਗ ਕੀਤੀ ਕਿ ਅਖੌਤੀ ਗਰੀਬ ਮੁੱਖ ਮੰਤਰੀ ਪੰਜਾਬੀਆਂ ਨੁੰ ਦੱਸਣ ਕਿ ਕਿਵੇਂ ਉਹਨਾਂ ਦੇ ਨਜ਼ਦੀਕੀ ਰਿਸ਼ਤੇਦਾਰ ਕੋਲੋਂ 11 ਕਰੋੜ ਰੁਪਏ ਬੇਨਾਮੀ ਮਿਲੇ ਹਨ। ਬੀਬੀ ਬਾਦਲ ਨੇ ਇਹ ਵੀ ਦਾਅਵਾ ਕੀਤਾ ਕਿ ਅਜਿਹੀਆਂ ਵੀ ਰਿਪੋਰਟਾਂ ਹਨ ਕਿ ਮੁੱਖ ਮੰਤਰੀ ਨੇ ਆਪਣੀ ਮੋਰਿੰਡਾ ਰਿਹਾਇਸ਼ ਤੋਂ ਵੱਡੀ ਮਾਤਰਾ ਵਿਚ ਨਗਦੀ ਚੰਡੀਗੜ੍ਹ ਵਿਚ ਆਪਣੀ ਸਰਕਾਰੀ ਰਿਹਾਇਸ਼ ’ਤੇ ਪਹੁੰਚਾਏ ਹਨ। ਉਹਨਾਂ ਕਿਹਾ ਕਿ ਇਹ ਬਹੁਤ ਹੀ ਸੰਵਦੇਨਸ਼ੀਲ ਮਾਮਲਾ ਹੈ ਤੇ ਇਸਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਤੇ ਚੰਗਾ ਹੋਵੇਗਾ ਜੇਕਰ ਇਹ ਸੀਨੀਅਰ ਜੱਜ ਵੱਲੋਂ ਕੀਤੀ ਜਾਵੇ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਸਰਕਾਰ ਦੇ ਪੰਜ ਸਾਲਾਂ ਕਾਰਜ਼ਕਾਲ ਦੌਰਾਨ ਪਿਛਲੀ ਅਕਾਲੀ ਸਰਕਾਰ ਦੌਰਾਨ ਕੀਤੇ ਕੰਮਾਂ ਨੂੰ ਠੱਪ ਕਰਕੇ ਪੰਜਾਬ ਨੂੰ ਤਬਾਹੀ ਦੇ ਕੰਡੇ ਵੱਲ ਧੱਕ ਦਿੱਤਾ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਵਰ੍ਹਦਿਆਂ ਹਰਸਿਮਰਤ ਕੌਰ ਬਾਦਲ ਨੇ ਦੋਸ਼ ਲਗਾਉਂਦਿਆਂ ਦਾਅਵਾ ਕੀਤਾ ਕਿ ਵਿਧਾਨ ਸਭਾ ਲਈ ਟਿਕਟਾਂ ਵੇਚਣ ਤੋਂ ਬਾਅਦ ਉਹਨਾਂ ਨੇ ਇਕ ਜਾਅਲੀ ਜਿਹਾ ਫੋਨ ਸਰਵੇਖਣ ਕਰਵਾ ਕੇ ਪਾਰਟੀ ਦੇ ਮੁੱਖ ਮੰਤਰੀ ਦੇ ਅਹੁਦੇ ਲਈ ਚੇਹਰੇ ਦੀ ਪੋਸਟ ਵੀ ਵੇਚ ਦਿੱਤੀ ਹੈ। ਉਨ੍ਹਾਂ ਭਗਵੰਤ ਮਾਨ ਨੁੰ ਸਵਾਲ ਪੁਛਦਿਆਂ ਕਿਹਾ ਕਿ ਉਹ ਪੰਜਾਬੀਆਂ ਨੂੰ ਦਸਣ ਕਿ ਪੰਜਾਬ ਦੇ ਦਰਿਆਈ ਪਾਣੀ ਹਰਿਆਣਾ ਤੇ ਦਿੱਲੀ ਨੁੰ ਦੇਣ ਦਾ ਵਿਰੋਧ ਕਰਨਗੇ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਅਕਾਲੀ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ, ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ, ਕੌਮੀ ਮੀਤ ਪ੍ਰਧਾਨ ਜਗਸੀਰ ਸਿੰਘ ਜੱਗਾ ਕਲਿਆਣਾ, ਜ਼ਿਲ੍ਹਾ ਯੂਥ ਪ੍ਰਧਾਨ ਗੁਰਲਾਭ ਸਿੰਘ ਢੇਲਵਾਂ, ਹਰਮੀਤ ਸਿੰਘ ਬਾਹੀਆ, ਜਗਤਾਰ ਸਿੰਘ ਸੇਮਾ, ਸੁਖਰਾਜ ਸਿੰਘ ਬੀਬੀਵਾਲਾ, ਹਰਪ੍ਰੀਤ ਸਿੰਘ ਮਾਹਲ ਤੂੰਗਵਾਲੀ, ਸੁਖਦਰਸ਼ਨ ਸਿੰਘ ਪੰਨੂੰ ਘੁੱਦਾ ਤੇ ਹਰਮੀਤ ਸਿੰਘ ਜੰਡਾਵਾਲਾ ਆਦਿ ਹਾਜ਼ਰ ਸਨ।
9 Views