ਮੰਤਰੀ ਮੰਡਲ ਨੇ ਪੰਜਾਬ ਰਾਜ ਰੇਤ ਅਤੇ ਬਜਰੀ ਦੀ ਮਾਈਨਿੰਗ ਨੀਤੀ 2021 ਨੂੰ ਦਿੱਤੀ ਪ੍ਰਵਾਨਗੀ
ਸੁਖਜਿੰਦਰ ਮਾਨ
ਚੰਡੀਗੜ੍ਹ, 9 ਨਵੰਬਰ: ਪੰਜਾਬ ’ਚ ਪਿਛਲੇ 15 ਸਾਲਾਂ ਤੋਂ ਰੇਤ ਮਾਫ਼ੀਆ ਕਾਰਨ ਆਮ ਲੋਕਾਂ ਨੂੰ ਹੋ ਰਹੀ ਪ੍ਰੇਸ਼ਾਨੀ ਦੇ ਮੱਦੇਨਜ਼ਰ ਅੱਜ ਚੰਨੀ ਸਰਕਾਰ ਨੇ ਘੱਟੋ-ਘੱਟ ਸਸਤੀਆਂ ਦਰਾਂ ‘ਤੇ ਰੇਤਾ ਅਤੇ ਬਜਰੀ ਮੁਹੱਈਆ ਕਰਵਾਉਣ ਦੇ ਇਤਿਹਾਸਕ ਫੈਸਲਾ ਲਿਆ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ ਨੇ ਮੰਗਲਵਾਰ ਨੂੰ ਸੂਬੇ ਭਰ ਵਿੱਚ ਰੇਤ ਅਤੇ ਗਰੈਵਲ 5.50 ਰੁਪਏ ਪ੍ਰਤੀ ਕਿਊਬਕ ਫੁੱਟ ਦੀ ਕੀਮਤ ‘ਤੇ ਮੁਹੱਈਆ ਕਰਵਾਉਣ ਲਈ ‘ਪੰਜਾਬ ਸਟੇਟ ਸੈਂਡ ਐਂਡ ਗਰੈਵਲ ਮਾਈਨਿੰਗ ਪਾਲਿਸੀ-2021’ ਨੂੰ ਪ੍ਰਵਾਨਗੀ ਦਿੱਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਨਵੀਂ ਮਾਈਨਿੰਗ ਪਾਲਿਸੀ ਅਨੁਸਾਰ ਆਮ ਪਬਲਿਕ ਨੂੰ ਰੇਤ ਅਤੇ ਗਰੈਵਲ ਮਾਈਨਿੰਗ ਸਾਈਟਾਂ ਉਤੇ 5.50 ਰੁਪਏ ਪ੍ਰਤੀ ਕਿਊਬਕ ਫੁੱਟ ‘ਤੇ ਉਪਲੱਬਧ ਕਰਵਾਇਆ ਜਾਵੇਗਾ ਅਤੇ ਜਿਸ ਵਿੱਚ ਲੋਡਿੰਗ ਦਾ ਖਰਚਾ ਸਾਮਲ ਹੈ। ਇਸ ਤੋਂ ਇਲਾਵਾ ਜਨਤਕ ਹਿੱਤ ਵਿੱਚ ਆਰਡੀਨਰੀ ਕਲੇਅ ਅਤੇ ਆਰਡੀਨਰੀ ਮਿੱਟੀ ਲਈ ਰਾਇਲਟੀ ਦਾ ਰੇਟ 10 ਰੁਪਏ ਪ੍ਰਤੀ ਟਨ ਤੋਂ ਘੱਟ ਕਰਕੇ 2.50 ਰੁਪਏ ਪ੍ਰਤੀ ਟਨ ਕਰ ਦਿੱਤਾ ਜਾਵੇਗਾ।
ਇਸ ਨਵੀਂ ਪਾਲਿਸੀ ਅਨੁਸਾਰ ਜ਼ਮੀਨ ਦੇ ਮਾਲਕ ਜਾਂ ਜਿਸ ਦੇ ਕਬਜੇ ਵਿੱਚ ਜ਼ਮੀਨ ਹੈ, ਆਪਣੇ ਵਾਹੀਯੋਗ ਖੇਤਾਂ ਨੂੰ ਪੱਧਰਾ ਕਰਨ ਲਈ 3 ਫੁੱਟ ਤੱਕ ਖੁਦਾਈ ਜਾਂ ਹਟਾਈ ਗਈ ਮਿੱਟੀ ਨੂੰ ਨਿਪਟਾ ਸਕਦਾ ਹੈ। ਜ਼ਮੀਨ ਦੇ ਮਾਲਕ /ਪੰਚਾਇਤ ਵੱਲੋਂ ਆਪਣੀ ਜਮੀਨ ਨੂੰ ਲੇਵਲ ਕਰਨ ਦੀ ਜ਼ਰੂਰਤ ਅਤੇ ਹੋਰ ਧਾਰਮਿਕ ਅਤੇ ਵਿਕਾਸ ਗਤੀਵਿਧੀਆਂ ਦੀਆਂ ਜਰੂਰਤਾਂ ਨੂੰ ਪੂਰਾ ਕਰਨ ਲਈ ਮਾਈਨਰ ਮਿਨਰਲ ਦੀ ਖੁਦਾਈ ਕਰਨ ਦੀ ਆਗਿਆ ਹੈ। ਇਹਨਾਂ ਗਤੀਵਿਧੀਆਂ ਲਈ ਕੋਈ ਕਿਰਾਇਆ, ਰਾਇਲਟੀ ਜਾਂ ਪਰਮਿਟ ਫੀਸ ਅਤੇ ਕਿਸ ਪਰਮਿੰਟ ਦੀ ਜਰੂਰਤ ਨਹੀਂ ਹੈ। ਇਹਨਾਂ ਗਤੀਵਿਧੀਆਂ ਵਿੱਚ ਕਰਮਚਾਰੀਆਂ ਅਤੇ ਠੇਕੇਦਾਰਾਂ ਵਲੋਂ ਬਿਨਾ ਕਿਸੇ ਉਚਿਤ ਕਾਰਨ ਦੇ ਰੁਕਾਵਟ ਨਹੀਂ ਪਾਈ ਜਾਵੇਗੀ ਅਤੇ ਜੇਕਰ ਕੋਈ ਕਰਮਚਾਰੀ ਜਾਂ ਠੇਕੇਦਾਰ ਨੂੰ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਅਨੁਸਾਸਨੀ ਕਾਰਵਾਈ ਆਰੰਭੀ ਜਾਵੇਗੀ।
ਇਸ ਸਬੰਧੀ ਆਮ ਜਨਤਾ ਦੀ ਜਾਣਕਾਰੀ ਲਈ ਮੀਡੀਆ ਰਾਂਹੀ,ਮਾਈਨਾਂ ਸਾਈਟ ਦੇ ਪਿੱਟ ਹੈੱਡ, ਸਰਕਾਰੀ ਦਫਤਰਾਂ ਅਤੇ ਦਫਤਰਾਂ ਅਧੀਨ ਹੋਰ ਥਾਵਾਂ ‘ਤੇ ਨੋਟਿਸ ਬੋਰਡ ਲਗਾਕੇ ਪ੍ਰਚਾਰ ਕੀਤਾ ਜਾਵੇਗਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਵੀ ਵਿਅਕਤੀ ਨਿਰਧਾਰਤ ਰੇਟਾਂ ਤੋਂ ਵੱਧ ਰੇਟ ਨਾ ਵਸੂਲੇ। ਜੇਕਰ ਠੇਕੇਦਾਰ ਵੱਲੋਂ ਇਸ ਦੀ ਕੋਈ ਉਲੰਘਣਾ ਕੀਤੀ ਜਾਂਦੀ ਹੈ ਤਾਂ ਉਸ ਵਿਰੁੱਧ ਨਿਯਮਾਂ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇਗੀ।ਬੁਲਾਰੇ ਨੇ ਦੱਸਿਆ ਕਿ ਖਪਤਕਾਰ ਨੂੰ ਸਮਰਪਿਤ ਟੋਲ ਫਰੀ ਨੰਬਰ ਉਪਲੱਬਧ ਕਰਵਾਇਆ ਜਾਵੇਗਾ। ਜੇਕਰ ਕੋਈ ਵਿਅਕਤੀ ਨਿਰਧਾਰਤ ਰੇਟ ਤੋਂ ਵੱਧ ਰੇਟ ਵਸੂਲ ਕਰਦਾ ਹੈ ਤਾਂ ਖਪਤਕਾਰ ਇਸ ਟੋਲ ਫਰੀ ਨੰਬਰ ਰਾਹੀਂ ਆਪਣੀ ਸਕਿਾਇਤਾਂ ਦਰਜ ਕਰਵਾ ਸਕਦੇ ਹਨ।
ਜ਼ਿਕਰਯੋਗ ਹੈ ਕਿ ਪੰਜਾਬ ਰਾਜ ਵਿੱਚ ਰੇਤ ਅਤੇ ਗਰੈਵਲ ਦੀਆਂ ਮਾਈਨਾਂ ਈ-ਆਕਸਨ ਰਾਂਹੀ ਵੱਖ-ਵੱਖ ਠੇਕੇਦਾਰਾਂ ਨੂੰ ਪੰਜਾਬ ਸੈਂਡ ਐਂਡ ਗਰੈਵਲ ਮਾਈਨਿੰਗ ਪਾਲਿਸੀ-2018 ਅਨੁਸਾਰ ਅਲਾਟ ਕੀਤੀਆਂ ਗਈਆਂ ਹਨ। ਮਾਈਨਾਂ ਵਿੱਚੋਂ ਨਿਕਾਸੀ ਕਰਨ ਦੀ ਮਾਤਰਾ 350 ਲੱਖ ਮੀਟਰਕ ਟਨ ਸਲਾਨਾ ਨਿਰਧਾਰਤ ਕੀਤੀ ਗਈ ਸੀ। ਇਸ ਪਾਲਿਸੀ ਅਨੁਸਾਰ ਸਰਕਾਰ ਨੇ ਰੇਤ ਅਤੇ ਗਰੈਵਲ ਦਾ ਪਿਟ ਹੈਂਡ ‘ਤੇ ਵਿਕਰੀ ਕੀਮਤ 9 ਰੁਪਏ ਪ੍ਰਤੀ ਕਿਊਬਿਕ ਫੁੱਟ ਨਿਰਧਾਰਤ ਕੀਤੀ ਹੈ ਜਿਸ ਵਿੱਚ ਲੋਡਿੰਗ ਦਾ ਖਰਚਾ ਸਾਮਲ ਹੈ। ਪੰਜਾਬ ਦੇ ਵੱਖ-ਵੱਖ ਸਹਿਰਾਂ ਵਿੱਚ ਰੇਤ ਅਤੇ ਗਰੈਵਲ ਦੀ ਔਸਤ ਵਿਕਰੀ ਕੀਮਤ ਮੂਲ ਸਰੋਤ ਤੋਂ ਪਹੁੰਚ ਸਥਾਨ ਦੀ ਦੂਰੀ ਦੇ ਅਧਾਰ ‘ਤੇ 20 ਰੁਪਏ ਤੋਂ ਲੈ ਕੇ 35 ਰੁਪਏ ਪ੍ਰਤੀ ਕਿਊਬਿਕ ਫੁੱਟ ਹੈ।
Share the post "ਪੰਜਾਬ ’ਚ ਰੇਤੇ ਦੀਆਂ ਕੀਮਤਾਂ ’ਚ ਵੱਡੀ ਕਟੌਤੀ, ਸਾਢੇ ਪੰਜ ਰੁਪਏ ਪ੍ਰਤੀ ਫੁੱਟ ਮਿਲੇਗਾ"