ਧਰਨਕਾਰੀਆਂ ’ਤੇ ਭੜਕੇ ਰਾਹਗੀਰ, ਮੀਟਿੰਗ ਦਾ ਸਮਾਂ ਮਿਲਣ ’ਤੇ ਚੁੱਕਿਆ ਜਾਮ
ਸੁਖਜਿੰਦਰ ਮਾਨ
ਬਠਿੰਡਾ, 30 ਨਵੰਬਰ: ਪਿਛਲੇ ਕਈ ਸਾਲਾਂ ਤੋਂ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਵੱਖ ਵੱਖ ਵਿਭਾਗਾਂ ਦੇ ਹਜ਼ਾਰਾਂ ਆਉਟਸੋਰਸ ਤੇ ਠੇਕਾ ਮੁਲਾਜ਼ਮਾਂ ਵਲੋਂ ਅੱਜ ਸਥਾਨਕ ਥਾਣਾ ਕੈਂਟ ਨਜਦੀਕ ਕੌਮੀ ਮਾਰਗ ’ਤੇ ਜਾਮ ਲਗਾਇਆ ਗਿਆ। ਕਰੀਬ ਸਾਢੇ ਵਜੇਂ ਸ਼ੁਰੂ ਹੋਇਆ ਇਹ ਜਾਮ ਸ਼ਾਮ ਸਾਢੇ ਚਾਰ ਵਜੇਂ ਤੱਕ ਲੱਗੇ ਇਸ ਜਾਮ ਕਾਰਨ ਸੜਕ ’ਤੇ ਵਹੀਕਲਾਂ ਦੀਆਂ ਕਈ ਕਈ ਕਿਲੋਮੀਟਰ ਲੰਮੀਆਂ ਲਾਈਨਾਂ ਲੱਗ ਗਈਆਂ। ਇਸ ਮੌਕੇ ਕਈ ਵਾਰ ਰਾਹਗੀਰਾਂ ਦੀ ਧਰਨਾਕਾਰੀਆਂ ਨਾਲ ਬਹਿਸਬਾਜ਼ੀ ਵੀ ਹੋਈ। ਠੇਕਾ ਮੁਲਾਜਮਾਂ ਦੇ ਰੋਹ ਨੂੰ ਦੇਖਦਿਆਂ ਪੰਜਾਬ ਸਰਕਾਰ ਵਲੋਂ ਭਲਕੇ ਦੀ ਮੀਟਿੰਗ ਦਾ ਸਮਾਂ ਦੇਣ ਤੋਂ ਬਾਅਦ ਇਹ ਜਾਮ ਚੁੱਕਿਆ ਗਿਆ। ਜਿਸਦੇ ਨਾਲ ਆਮ ਲੋਕਾਂ ਦੇ ਨਾਲ-ਨਾਲ ਪੁਲਿਸ ਪ੍ਰਸ਼ਾਸਨ ਨੇ ਵੀ ਸੁੱਖ ਦਾ ਸਾਹ ਲਿਆ। ਇਸ ਜਾਮ ਦੌਰਾਨ ਠੇਕਾ ਮੁਲਾਜਮ ਸੰਘਰਸ਼ ਮੋਰਚੇ ਦੇ ਨਾਲ-ਨਾਲ ਕਿਸਾਨ ਤੇ ਹੋਰ ਕਈ ਜਥੇਬੰਦੀਆਂ ਵਲੋਂ ਸਮਰਥਨ ਦਿੱਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਮੋਰਚੇ ਦੇ ਸੂਬਾਈ ਆਗੂਆਂ ਜਗਰੂਪ ਸਿੰਘ,ਗੁਰਵਿੰਦਰ ਸਿੰਘ ਪੰਨੂੰ,ਵਰਿੰਦਰ ਸਿੰਘ ਬੀਬੀਵਾਲਾ,ਰਾਜੇਸ਼ ਕੁਮਾਰ,ਰੁਪਿੰਦਰ ਸਿੰਘ,ਬਲਵੰਤ ਸਿੰਘ,ਜਸਪ੍ਰੀਤ ਸਿੰਘ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਸਮੂਹ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਕਾਂਗਰਸ ਸਰਕਾਰ ਨੇ ਵਿਧਾਨ ਸਭਾ ਵਿੱਚ “ਪੰਜਾਬ ਪ੍ਰੋਟੈਕਸ਼ਨ ਐਂਡ ਰੈਗੂਲਰਾਈਜੇਸ਼ਨ ਆਫ਼ ਕੰਟਰੈਕਚੂਅਲ ਬਿੱਲ 2021’’ ਪਾਸ ਕਰਕੇ ਆਊਟਸੋਰਸ ਤੇ ਠੇਕਾ ਮੁਲਾਜ਼ਮਾਂ ਦੀਆਂ ਸਮੂਹ ਕੈਟਾਗਿਰੀਆਂ ਨੂੰ ਬਾਹਰ ਕਰ ਦਿੱਤਾ ਹੈ। ਜਿਸਦੇ ਨਾਲ ਸਰਕਾਰੀ ਥਰਮਲ ਪਲਾਂਟਾਂ,ਜਲ ਸਪਲਾਈ ਅਤੇ ਸੈਨੀਟੇਸ਼ਨ,ਪਾਵਰਕਾਮ ਜ਼ੋਨ ਬਠਿੰਡਾ,ਟ੍ਰਾਂਸਕੋ,ਮਨਰੇਗਾ ਆਦਿ ਵਿਭਾਗਾਂ ਵਿੱਚ ਪਿਛਲੇ 15-20 ਸਾਲਾਂ ਤੋਂ ਲਗਾਤਾਰ ਸੇਵਾਵਾਂ ਦੇ ਰਹੇ ਹਜ਼ਾਰਾਂ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਰਸਤਾ ਬੰਦ ਕਰ ਦਿੱਤਾ ਹੈ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਵਿਭਾਗਾਂ ਦੇ ਆਊਟਸੋਰਸ ਤੇ ਠੇਕਾ ਮੁਲਾਜ਼ਮਾਂ ਦੀਆਂ ਸਮੂਹ ਕੈਟਾਗਿਰੀਆਂ ਨੂੰ ਨਵੇਂ ਐਕਟ ਵਿੱਚ ਸ਼ਾਮਿਲ ਕਰਕੇ ਰੈਗੂਲਰ ਕੀਤਾ ਜਾਵੇ। ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਭਰੇ ਲਹਿਜ਼ੇ ਵਿੱਚ ਕਿਹਾ ਕਿ ਜੇਕਰ ਸਰਕਾਰ ਨੇ ਮੰਗ ਨਾ ਮੰਨੀ ਤਾਂ ਸੰਘਰਸ਼ ਨੂੰ ਹੋਰ ਤਿੱਖਾ ਤੇ ਪ੍ਰਚੰਡ ਕੀਤਾ ਜਾਵੇਗਾ। ਇਸ ਮੌਕੇ ਧਰਨੇ ਨੂੰ ਬੀਕੇਯੂ ਏਕਤਾ ਉੱਗਰਾਹਾਂ ਤੋਂ ਸਿੰਗਾਰਾ ਸਿੰਘ ਅਤੇ ਟੀ.ਐੱਸ.ਯੂ.(ਭੰਗਲ) ਸਤਵਿੰਦਰ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ।
ਪੱਕੇ ਕਰਨ ਦੀ ਮੰਗ ਨੂੰ ਲੈ ਕੇ ਆਉਟਸੋਰਸ ਤੇ ਠੇਕਾ ਮੁਲਾਜਮਾਂ ਨੇ ਲਗਾਇਆ ਜਾਮ
3 Views