ਬਠਿੰਡਾ ’ਚ ਡਿਪਟੀ ਕਮਿਸ਼ਨਰ ਨੇ ਫ਼ੁੱਲ ਡਰੈੱਸ ਰਿਹਰਸਲ ਦਾ ਲਿਆ ਜਾਇਜ਼ਾ

0
18

ਮੁੱਖ ਮੰਤਰੀ ਭਗਵੰਤ ਮਾਨ ਲਹਿਰਾਉਣਗੇ ਬਠਿੰਡਾ ਦੇ ਸਟੇਡੀਅਮ ’ਚ ਤਿਰੰਗਾ
ਵੱਖ-ਵੱਖ ਸਕੂਲੀ ਬੱਚਿਆਂ ਵਲੋਂ ਪੇਸ਼ ਕੀਤਾ ਗਿਆ ਸੱਭਿਆਚਾਰਕ ਪ੍ਰੋਗਰਾਮ
ਸੁਖਜਿੰਦਰ ਮਾਨ
ਬਠਿੰਡਾ, 24 ਜਨਵਰੀ : ਦੇਸ਼ ਦੇ 74ਵੇਂ ਗਣਤੰਤਰਤਾ ਦਿਵਸ ਮੌਕੇ 26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਸਬੰਧੀ ਸਥਾਨਕ ਸ਼ਹੀਦ ਭਗਤ ਸਿੰਘ ਸਟੇਡੀਅਮ ’ਚ ਫ਼ੁੱਲ ਡਰੈੱਸ ਰਿਹਰਸਲ ਕਰਵਾਈ ਗਈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵਲੋਂ ਫੁੱਲ ਡਰੈੱਸ ਰਿਹਰਸਲ ਦਾ ਜਾਇਜ਼ਾ ਲਿਆ ਗਿਆ। ਉਨਾਂ ਦੱਸਿਆ ਕਿ 74ਵੇਂ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ। ਫੁੱਲ ਡਰੈੱਸ ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਪੁਲਿਸ ਮੁਖੀ ਜੇ. ਇਲਨਚੇਲੀਅਨ, ਵਧੀਕ ਡਿਪਟੀ ਕਮਿਸ਼ਨਰ ਜਨਰਲ ਮੈਡਮ ਪਲਵੀ ਚੌਧਰੀ ਅਤੇ ਪਰੇਡ ਕਮਾਂਡਰ ਦਰਪਣ ਆਹਲੂਵਾਲੀਆ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।ਇਸ ਉਪਰੰਤ ਪਰੇਡ ਕਮਾਂਡਰ ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਮਾਰਚ ਪਾਸਟ ਕੀਤਾ ਗਿਆ। ਮਾਰਚ ਪਾਸਟ ਵਿੱਚ ਸ਼ਾਮਲ ਟੁਕੜੀਆਂ ਵਲੋਂ ਮੁੱਖ ਮਹਿਮਾਨ ਤੇ ਕੌਮੀ ਤਿਰੰਗੇ ਨੂੰ ਸਲਾਮੀ ਵੀ ਦਿੱਤੀ ਗਈ। ਇਸ ਮੌਕੇ ਪੁਲਿਸ ਤੇ ਆਰਮੀ ਬੈਂਡ ਵਲੋਂ ਵੀ ਮਨਮੋਹਿਕ ਧੁੰਨਾਂ ਰਾਹੀਂ ਬੈਂਡ ਦੀ ਸੇਵਾ ਨਿਭਾਈ ਗਈ। ਰਿਹਰਸਲ ਮੌਕੇ ਵੱਖ-ਵੱਖ ਸਕੂਲੀ ਵਿਦਿਆਰਥੀਆਂ ਵਲੋਂ ਪੀਟੀ ਸ਼ੋਅ, ਗੱਤਕਾ, ਮਲਵਈ ਗਿੱਧਾ, ਗਿੱਧਾ ਅਤੇ ਭੰਗੜੇ ਤੋਂ ਇਲਾਵਾ ਦੇਸ਼ ਭਗਤੀ ਨਾਲ ਸਬੰਧਤ ਕੋਰੀਓਗ੍ਰਾਫੀਆਂ ਵੀ ਪੇਸ਼ ਕੀਤੀਆਂ ਗਈਆਂ। ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਸਬੰਧੀ ਚੱਲ ਰਹੀਆਂ ਤਿਆਰੀਆਂ ਬਾਰੇ ਰੀਵਿਊ ਮੀਟਿੰਗ ਕੀਤੀ ਗਈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਮਾਗਮ ਨੂੰ ਸਫ਼ਲਤਾਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਜਾਣ। ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਵੀ ਕੀਤੀ। ਇਸ ਮੌਕੇ ਕਮਿਸ਼ਨਰ ਨਗਰ ਨਿਗਮ ਸ੍ਰੀਰਾਹੁਲ, ਸਿਖਲਾਈ ਅਧੀਨ (ਆਈਏਐਸ) ਅਧਿਕਾਰੀ ਮੈਡਮ ਮਾਨਸੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਆਰਪੀ ਸਿੰਘ, ਸਹਾਇਕ ਕਮਿਸ਼ਨਰ ਜਨਰਲ ਸਾਰੰਗ ਪ੍ਰੀਤ ਸਿੰਘ ਔਜਲਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨਾਂ ਦੇ ਨੁਮਾਇੰਦੇ ਮੌਜੂਦ ਸਨ।

LEAVE A REPLY

Please enter your comment!
Please enter your name here