ਸੁਖਜਿੰਦਰ ਮਾਨ
ਬਠਿੰਡਾ, 28 ਜੂਨ: ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਰਾਜਨ ਗਰਗ ਨੇ ਸ਼ਹਿਰ ਵਿਚ ਵਿਗੜ ਰਹੀ ਅਮਨ ਤੇ ਕਾਨੂੰਨ ਦੀ ਸਥਿਤੀ ਅਤੇ ਲਗਾਤਾਰ ਲੱਗ ਰਹੇ ਬਿਜਲੀ ਦੇ ਕੱਟਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਇਸ ਪਾਸੇ ਧਿਆਨ ਨਹੀਂ ਦਿੱਤਾ ਗਿਆ ਤਾਂ ਕਾਂਗਰਸ ਪਾਰਟੀ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗੀ ਅਤੇ ਅਫ਼ਸਰਾਂ ਦੇ ਘਰਾਂ, ਦਫ਼ਤਰਾਂ ਅਤੇ ਬਿਜਲੀ ਦਫਤਰਾਂ ਦਾ ਘਿਰਾਉ ਕੀਤਾ ਜਾਵੇਗਾ। ਇੱਥੇ ਜਾਰੀ ਇੱਕ ਬਿਆਨ ਵਿਚ ਰਾਜਨ ਗਰਗ ਨੇ ਕਿਹਾ ਕਿ ਰੋਜ਼ਾਨਾ ਲੁੱਟ-ਖੋਹ, ਚੋਰੀ, ਵਹੀਕਲ ਚੋਰੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ਪਰ ਪੁਲਿਸ ਦੀ ਕਾਰਗੁਜ਼ਾਰੀ ਕੀਤੇ ਨਜ਼ਰ ਨਹੀਂ ਆ ਰਹੀ ਹੈ। ਜਿਸਦੇ ਚੱਲਦੇ ਲੋਕ ਖੁਦ ਚੋਰਾ ਨੂੰ ਸਜ਼ਾ ਦੇਣ ਲਈ ਮਜਬੂਰ ਹੋ ਰਹੇ ਹਨ । ਇਸਤੋਂ ਇਲਾਵਾ ਉਨ੍ਹਾਂ ਕਿਹਾ ਕਿ ਇੱਕ ਪਾਸੇ ਸਰਕਾਰ ਬਿਜਲੀ ਪੂਰੀ ਕਰਨ ਦੇ ਦਾਅਵੇ ਕਰ ਰਹੀ ਹੈ ਪਰ ਜ਼ਮੀਨੀ ਹਾਲਾਤ ਇਹ ਹਨ ਕਿ ਬਿਜਲੀ ਦੇ ਵੱਡੇ ਵੱਡੇ ਕੱਟ ਲੱਗ ਰਹੇ ਹਨ। ਜਿਸ ਕਾਰਨ ਆਮ ਲੋਕਾਂ ਦੇ ਨਾਲ ਨਾਲ ਵਪਾਰੀਆਂ ਤੇ ਕਿਸਾਨਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਜਲਦ ਹਾਲਾਤ ਕਾਬੂ ਹੇਠ ਨਾ ਆਏ ਤਾਂ ਆਉਣ ਵਾਲੇ ਦਿਨਾਂ ਵਿੱਚ ਕਾਂਗਰਸ ਪਾਰਟੀ ਸ਼ਹਿਰ ਵਾਸੀਆਂ ਅਤੇ ਆਮ ਲੋਕਾਂ ਨੂੰ ਨਾਲ ਲੈ ਕੇ ਸੜਕਾਂ ਤੇ ਆਉਣ ਲਈ ਮਜਬੂਰ ਹੋਵੇਗੀ। ਇਸ ਮੌਕੇ ਬਲਜਿੰਦਰ ਸਿੰਘ , ਹਰਵਿੰਦਰ ਸਿੰਘ ਲੱਡੂ, ਬਲਰਾਜ ਪੱਕਾ, ਰੁਪਿੰਦਰ ਬਿੰਦਰਾ ਆਦਿ ਹਾਜ਼ਰ ਸਨ ।
Share the post "ਬਿਜਲੀ ਕੱਟਾਂ ਅਤੇ ਵਿਗੜ ਰਹੇ ਅਮਨ ਕਾਨੂੰਨ ਦੇ ਹਲਾਤ ਵੱਲ ਧਿਆਨ ਦੇਵੇ ਪ੍ਰਸ਼ਾਸਨ, ਨਹੀਂ ਕਰਾਂਗੇ ਪ੍ਰਦਰਸ਼ਨ: ਰਾਜਨ ਗਰਗ"