ਸੁਖਜਿੰਦਰ ਮਾਨ
ਬਠਿੰਡਾ, 28 ਸਤੰਬਰ: ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ( ਬੀ.ਐਫ.ਜੀ.ਆਈ.), ਬਠਿੰਡਾ ਵਿਖੇ ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਵੱਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਵਸ ਸੰਬੰਧੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਉੱਘੇ ਨਾਵਲਕਾਰ ਅਤੇ ਪੰਜਾਬੀ ਕਹਾਣੀਕਾਰ ਸ. ਬਲਦੇਵ ਸਿੰਘ ਸੜਕਨਾਮਾ (ਸਾਹਿਤ ਅਕੈਡਮੀ ਐਵਾਰਡੀ) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਬੀ.ਐਫ.ਜੀ.ਆਈ. ਦੇ ਡਿਪਟੀ ਡਾਇਰੈਕਟਰ (ਐਕਟੀਵਿਟੀਜ਼) ਸ਼੍ਰੀ. ਬੀ.ਡੀ. ਸ਼ਰਮਾ ਨੇ ਆਏ ਹੋਏ ਮਹਿਮਾਨਾਂ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਸਾਨੂੰ ਹਮੇਸ਼ਾ ਉਹਨਾਂ ਨਾਇਕਾਂ ਨੂੰ ਯਾਦ ਰੱਖਣਾ ਚਾਹੀਦਾ ਹੈ, ਜਿਨ੍ਹਾਂ ਨੇ ਦੇਸ਼ ਵਾਸਤੇ ਕੁਰਬਾਨੀ ਕੀਤੀ ਹੋਵੇ। ਉਨ੍ਹਾਂ ਨੇ ਦੱਸਿਆ ਕਿ ਅੱਜ ਸਾਰਾ ਦੇਸ਼ ਉਸ ਸੂਰਬੀਰ ਸਰਦਾਰ ਭਗਤ ਸਿੰਘ ਦਾ 115ਵਾਂ ਜਨਮ ਦਿਹਾੜਾ ਮਨਾ ਰਿਹਾ ਹੈ, ਜਿਸ ਨੇ ਸਾਡੇ ਦੇਸ਼ ਨੂੰ ਆਜ਼ਾਦੀ ਦਿਵਾਉਣ ਲਈ ਗ਼ੁਲਾਮੀ ਦੀਆਂ ਜ਼ੰਜੀਰਾਂ ਕੱਟੀਆਂ।
ਸਮਾਗਮ ਦੇ ਮੁੱਖ ਮਹਿਮਾਨ ਸ. ਬਲਦੇਵ ਸਿੰਘ ਸੜਕਨਾਮਾ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਦੀਆਂ ਬਹੁਤ ਛੋਟੀਆਂ-ਛੋਟੀਆਂ ਤੇ ਰੋਚਕ ਘਟਨਾਵਾਂ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ। ਉਨ੍ਹਾਂ ਨੇ ਦੱਸਿਆ ਕਿ ਸਰਦਾਰ ਭਗਤ ਸਿੰਘ ਨੂੰ 3 ਸਾਲ ਦੀ ਉਮਰ ਵਿੱਚ ਹੀ ਦੇਸ਼ ਭਗਤੀ ਦੀ ਗੁੜ੍ਹਤੀ ਆਪਣੇ ਪਰਿਵਾਰ ਵਿੱਚੋਂ ਮਿਲੀ। ਉਨ੍ਹਾਂ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਦੇ ਵਿਭਿੰਨ ਪ੍ਰਸੰਗਾਂ ਦਾ ਜ਼ਿਕਰ ਕਰਦਿਆਂ ਦੱਸਿਆ ਸ਼ਹੀਦ ਭਗਤ ਸਿੰਘ ਕਿਵੇਂ ਇੱਕ ਆਮ ਇਨਸਾਨ ਹੁੰਦਾ ਹੋਇਆ ਵੀ ਆਪਣੀ ਸੋਚ ਅਤੇ ਪੜ੍ਹਨ ਦੀ ਆਦਤ ਕਰ ਕੇ ਖ਼ਾਸ ਬਣ ਕੇ ਉੱਭਰਿਆ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਸਰਦਾਰ ਭਗਤ ਸਿੰਘ ਨੂੰ ਸ਼ਹੀਦ-ਏ-ਆਜ਼ਮ ਕਿਉਂ ਕਿਹਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਭਗਤ ਸਿੰਘ ਦੇ ਜੀਵਨ ਅਤੇ ਉਨ੍ਹਾਂ ਦੀ ਪੜ੍ਹਨ ਦੀ ਆਦਤ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। ਵਿਦਿਆਰਥੀਆਂ ਨੇ ਇਸ ਭਾਸ਼ਣ ਵਿੱਚ ਡੂੰਘੀ ਦਿਲਚਸਪੀ ਦਿਖਾਈ। ਇਸ ਮੌਕੇ ‘ਸਰਦਾਰ ਭਗਤ ਸਿੰਘ-ਇੱਕ ਸੋਚ‘ ਵਿਸ਼ੇ ‘ਤੇ ਵਿਦਿਆਰਥੀਆਂ ਵੱਲੋਂ ਭਾਸ਼ਣ ਅਤੇ ਕਵਿਤਾਵਾਂ ਵੀ ਪੇਸ਼ ਕੀਤੀਆਂ ਗਈਆਂ ।
ਇਸ ਤੋਂ ਇਲਾਵਾ ਬਾਬਾ ਫ਼ਰੀਦ ਕਾਲਜ ਅਤੇ ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਐਨ.ਐਸ.ਐਸ. ਯੂਨਿਟਾਂ ਵੱਲੋਂ ਬੀ.ਐਫ.ਜੀ.ਆਈ. ਦੇ ਪੂਰੇ ਕੈਂਪਸ ਵਿੱਚ ਸ਼ਹੀਦ ਭਗਤ ਸਿੰਘ ਸੰਬੰਧੀ ਇੱਕ ਰੈਲੀ ਕੱਢੀ ਗਈ ਜਿਸ ਨੂੰ ਮੁੱਖ ਮਹਿਮਾਨ ਸ. ਬਲਦੇਵ ਸਿੰਘ ਸੜਕਨਾਮਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਰੈਲੀ ਦੌਰਾਨ ਐਨ.ਐਸ.ਐਸ. ਵਲੰਟੀਅਰਾਂ ਨੇ ਸ. ਭਗਤ ਸਿੰਘ ਦੀ ਸੋਚ ਤੇ ਵਿਚਾਰਾਂ ਨੂੰ ਮੁੜ ਸੁਰਜੀਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ।ਬੀ.ਐਫ.ਜੀ.ਆਈ. ਦੇ ਡਿਪਟੀ ਡਾਇਰੈਕਟਰ (ਐਕਟੀਵਿਟੀਜ਼) ਸ਼੍ਰੀ. ਬੀ.ਡੀ. ਸ਼ਰਮਾ, ਡਿਪਟੀ ਡਾਇਰੈਕਟਰ (ਸਹੂਲਤਾਂ) ਸ. ਹਰਪਾਲ ਸਿੰਘ ਅਤੇ ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਦੇ ਪਿ੍ਰੰਸੀਪਲ ਡਾ. ਮੰਗਲ ਸਿੰਘ ਨੇ ਆਏ ਹੋਏ ਮੁੱਖ ਮਹਿਮਾਨ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ । ਅੰਤ ‘ਚ ਡਿਪਟੀ ਡਾਇਰੈਕਟਰ (ਸਹੂਲਤਾਂ) ਸ. ਹਰਪਾਲ ਸਿੰਘ ਨੇ ਸਾਰੇ ਆਏ ਹੋਏ ਮਹਿਮਾਨਾਂ, ਸਟਾਫ਼ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ । ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਸਾਰਿਆਂ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ‘ਤੇ ਵਧਾਈ ਦਿੱਤੀ।
Share the post "ਬੀ.ਐਫ.ਜੀ.ਆਈ. ਵਿਖੇ‘ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ‘ ਦਾ 115ਵਾਂ ਜਨਮ ਦਿਹਾੜਾ ਮਨਾਇਆ"