ਸੁਖਜਿੰਦਰ ਮਾਨ
ਚੰਡੀਗੜ੍ਹ, 12 ਅਪਰੈਲ: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਗੈਰ ਹਾਜ਼ਰੀ ਚ ਪੰਜਾਬ ਸਰਕਾਰ ਦੇ ਉੱਚ ਅਧਿਕਾਰੀਆਂ ਨਾਲ ਦਿੱਲੀ ਚ ਮੀਟਿੰਗ ਕਰਨ ਦਾ ਮਾਮਲਾ ਗਰਮਾ ਗਿਆ ਹੈ। ਉਧਰ ਪਤਾ ਲੱਗਿਆ ਹੈ ਕਿ ਮਾਮਲਾ ਭਖਣ ਤੋਂ ਬਾਅਦ ਭਗਵੰਤ ਮਾਨ ਵੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੀਟਿੰਗ ਕਰਨ ਲਈ ਦਿੱਲੀ ਪੁੱਜ ਗਏ ਹਨ। ਗੌਰਤਲਬ ਹੈ ਕਿ ਬੀਤੇ ਕੱਲ ਸ੍ਰੀ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਤਿਵਾੜੀ ਅਤੇ ਬਿਜਲੀ ਸਕੱਤਰ ਦਲੀਪ ਕੁਮਾਰ ਸਹਿਤ ਬੋਰਡ ਦੇ ਕਈ ਅਧਿਕਾਰੀਆਂ ਨਾਲ ਦਿੱਲੀ ਵਿਖੇ ਮੀਟਿੰਗ ਕੀਤੀ ਸੀ। ਚਰਚਾ ਮੁਤਾਬਕ ਇਸ ਮੀਟਿੰਗ ਵਿਚ ਚੋਣਾਂ ਤੋਂ ਪਹਿਲਾ ਪੰਜਾਬੀਆਂ ਨਾਲ ਤਿੱਨ ਸੌ ਯੂਨਿਟ ਬਿਜਲੀ ਮੁਫ਼ਤ ਦੇਣ ਦੇ ਕੀਤੇ ਵਾਅਦੇ ਨੂੰ ਪੂਰਾ ਕਰਨ ਦੇ ਢੰਗ ਤਰੀਕਿਆਂ ਉੱਪਰ ਚਰਚਾ ਕਰਨ ਲਈ ਸੱਦੀ ਗਈ ਸੀ। ਪੰਜਾਬ ਚ ਸਮੂਹ ਸਿਆਸੀ ਵਿਰੋਧੀ ਧਿਰਾਂ ਨੇ ਇਸ ਮੀਟਿੰਗ ਦਾ ਸਖ਼ਤ ਵਿਰੋਧ ਕਰਦਿਆਂ ਆਮ ਆਦਮੀ ਪਾਰਟੀ ਅਤੇ ਦੋਨਾਂ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਘੇਰਦਿਆਂ ਸਵਾਲ ਕੀਤਾ ਹੈ ਕਿ ਸ੍ਰੀ ਕੇਜਰੀਵਾਲ ਨੇ ਕਿਸ ਹੈਸੀਅਤ ਵਿੱਚ ਪੰਜਾਬ ਦੇ ਅਧਿਕਾਰੀਆਂ ਨੂੰ ਦਿੱਲੀ ਬੁਲਾ ਕੇ ਮੀਟਿੰਗ ਕੀਤੀ ਹੈ। ਉਨ੍ਹਾਂ ਇਸ ਨੂੰ ਸਮੂਹ ਪੰਜਾਬੀਆਂ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਤੌਹੀਨ ਕਰਾਰ ਦਿੰਦਿਆਂ ਦਾਅਵਾ ਕੀਤਾ ਕਿ ਉਨ੍ਹਾਂ ਪਹਿਲਾਂ ਹੀ ਪੰਜਾਬੀਆਂ ਨੂੰ ਸੁਚੇਤ ਕੀਤਾ ਸੀ ਕਿ ਪੰਜਾਬ ਵਿੱਚ ਸਰਕਾਰ ਬਣਨ ਤੋਂ ਬਾਅਦ ਇਸ ਨੂੰ ਦਿੱਲੀ ਤੋਂ ਅਰਵਿੰਦ ਕੇਜਰੀਵਾਲ ਰਿਮੋਟ ਕੰਟਰੋਲ ਰਾਹੀਂ ਚਲਾਉਣਗੇ ਜਦੋਂ ਕਿ ਭਗਵੰਤ ਮਾਨ ਨੂੰ ਇੱਕ ਰਬੜ ਸਟੈਂਪ ਦੇ ਤੌਰ ‘ਤੇ ਵਰਤਿਆ ਜਾਵੇਗਾ। ਅੱਜ ਇੱਥੇ ਜਾਰੀ ਵੱਖ ਵੱਖ ਟਵੀਟਾਂ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਜਰੀਵਾਲ ਦੇ ਇਸ ਕਦਮ ਨੂੰ ਗੈਰਕਾਨੂੰਨੀ ਅਤੇ ਨਾਸਹਿਣਯੋਗ ਕਰਾਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ‘ਤੇ ਸਥਿਤੀ ਸਪੱਸ਼ਟ ਕਰਨ ਲਈ ਕਿਹਾ ਹੈ। ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜਾਰੀ ਟਵੀਟ ਰਾਹੀਂ ਆਪ ਸਰਕਾਰ ‘ਤੇ ਸਿਆਸੀ ਵਿਅੰਗ ਕਸਦਿਆਂ ਪੁੱਛਿਆ ਕਿ ਕੀ ਹੁਣ ਪੰਜਾਬ ਦੇ ਅਧਿਕਾਰੀ ਦਿੱਲੀ ਦਰਬਾਰ ਵਿਚ ਹਾਜ਼ਰੀ ਭਰਿਆ ਕਰਨਗੇ ਅਤੇ ਕੀ ਪੰਜਾਬ ਦਾ ਮੁੱਖ ਮੰਤਰੀ ਸਿਰਫ਼ ਨਾਮ ਦਾ ਮੁੱਖ ਮੰਤਰੀ ਹੀ ਹੈ? ਇਸੇ ਤਰ੍ਹਾਂ ਪ੍ਰਤਾਪ ਸਿੰਘ ਬਾਜਵਾ ਨੇ ਵੀ ਭਗਵੰਤ ਮਾਨ ਨੂੰ ਪੁੱਛਿਆ ਕਿ ਦਿੱਲੀ ਦੇ ਮੁੱਖ ਮੰਤਰੀ ਅਤੇ ਮੰਤਰੀ ਕਿਸ ਹੈਸੀਅਤ ਵਿੱਚ ਪੰਜਾਬ ਦੇ ਅਧਿਕਾਰੀਆਂ ਨਾਲ ਸਾਡੇ ਮੁੱਖ ਮੰਤਰੀ ਅਤੇ ਮੰਤਰੀਆਂ ਦੀ ਗ਼ੈਰ ਹਾਜ਼ਰੀ ਵਿੱਚ ਮੀਟਿੰਗ ਕਰ ਰਹੇ ਹਨ ਕੀ ਇਹ ਗ਼ੈਰਸੰਵਿਧਾਨਕ ਅਤੇ ਸਾਡੇ ਸੂਬੇ ਦੇ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਨਹੀਂ ਉਹਨਾਂ ਤੰਜ ਕੱਸਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਦਿੱਲੀ ਤੋਂ ਰਿਮੋਟ ਕੰਟਰੋਲ ਨਾਲ ਚੱਲਣ ਵਾਲੀ ਸਰਕਾਰ ਨੂੰ ਵੋਟਾਂ ਨਹੀਂ ਪਾਈਆਂ ਸਨ। ਇਸੇ ਤਰ੍ਹਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਜਾਰੀ ਇਕ ਟਵੀਟ ਵਿਚ ਇਸ ਘਟਨਾ ਨੂੰ ਬਹੁਤ ਹੀ ਦੁਖਦਾਈ ਕਰਾਰ ਦਿੰਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਪੰਜਾਬ ਚ ਰਬੜ ਸਟੰਪ ਸਰਕਾਰ ਬਣਾਉਣ ਦੀਆਂ ਚਰਚਾਵਾਂ ਨੂੰ ਹੁਣ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਿੱਧ ਕਰ ਦਿੱਤਾ ਹੈ । ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਇਸ ਨੂੰ ਗ਼ੈਰ ਸੰਵਿਧਾਨਕ ਅਤੇ ਨਾਸਹਿਣਯੋਗ ਕਰਾਰ ਦਿੱਤਾ ਹੈ।
Share the post "ਭਗਵੰਤ ਮਾਨ ਦੀ ਗੈਰਹਾਜਰੀ ‘ਚ ਪੰਜਾਬ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਦੇ ਮਾਮਲੇ ਵਿੱਚ ਵਿਰੋਧੀਆਂ ਨੇ ਕੇਜਰੀਵਾਲ ਨੂੰ ਘੇਰਿਆ"