ਸੁਖਜਿੰਦਰ ਮਾਨ
ਬਠਿੰਡਾ, 12 ਨਵੰਬਰ: ਭਾਰਤੀ ਕਿਸਾਨ ਯੂਨੀਅਨ ਮਾਨਸਾ ਦੀ ਸੂਬਾ ਪੱਧਰ ਦੀ ਵਿਸੇਸ ਮੀਟਿੰਗ ਸਥਾਨਕ ਚਿਲਡਰਨ ਪਾਰਕ ਵਿਖੇ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਬੋਘ ਸਿੰਘ ਮਾਨਸਾ ਨੇ 26 ਨਵੰਬਰ ਨੂੰ ਇਕ ਸਾਲ ਪੂਰਾ ਹੋਣ ਤੇ ਦਿੱਲੀ ਦੇ ਬਾਰਡਰਾਂ ’ਤੇ ਕੀਤੇ ਜਾਣ ਵਾਲੇ ਇਕੱਠਾਂ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਅਤੇ 29 ਨਵੰਬਰ ਤੋਂ ਪਾਰਲੀਮੈਂਟ ਵੱਲ ਕੀਤੇ ਜਾਣ ਵਾਲੇ ਮਾਰਚ ਬਾਰੇ ਵੱਖ ਵੱਖ ਜ਼ਿਲ੍ਹਿਆਂ ਤੋਂ ਕਿਸਾਨਾਂ ਦੀਆਂ ਤਿਆਰੀਆਂ ਬਾਰੇ ਚਰਚਾ ਕੀਤੀ। ਸੂਬਾ ਜਨਰਲ ਸਕੱਤਰ ਬੇਅੰਤ ਸਿੰਘ ਮਹਿਮਾ ਸਰਜਾ ਨੇ ਦੱਸਿਆ ਕਿ ਆਉਣ ਵਾਲੇ ਕੁਝ ਦਿਨਾਂ ਵਿੱਚ ਕਿਸਾਨ ਟਰੈਕਟਰ ਟਰਾਲੀਆਂ ਸਮੇਤ ਵੱਡੀ ਗਿਣਤੀ ਵਿੱਚ ਦਿੱਲੀ ਦੇ ਬਾਰਡਰਾਂ ’ਤੇ ਪਹੁੰਚਣਗੇ। ਇਸ ਸੰਬੰਧੀ ਕਿਸਾਨ ਔਰਤਾਂ ਨੂੰ ਵੀ ਵੱਡੀ ਗਿਣਤੀ ਵਿਚ ਲਾਮਬੰਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ 17 ਨਵੰਬਰ ਨੂੰ ਕਿਸਾਨ ਜਥੇਬੰਦੀਆਂ ਦੀ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਹੋਣ ਜਾ ਰਹੀ ਹੈ।ਜਿਸ ਵਿੱਚ ਕਿਸਾਨਾਂ ਨੂੰ ਡੀ ਏ ਪੀ ਖਾਦ ਦੀ ਪੂਰਤੀ ਕਰਾਉਣ ਸਬੰਧੀ, ਨਰਮੇ ਦਾ ਵਧੇਰੇ ਮੁਆਵਜ਼ਾ ਲੈਣ, ਝੋਨੇ ਦੀ ਪੇਂਡੂ ਮੰਡੀਆਂ ਵਿੱਚੋਂ ਖਰੀਦ ਜਾਰੀ ਰੱਖਣ ਅਤੇ ਕੋਆਪ੍ਰੇਟਿਵ ਸੁਸਾਇਟੀਆਂ ਉੱਪਰ ਕੇਂਦਰ ਸਰਕਾਰ ਦੇ ਕੰਟਰੋਲ ਨੂੰ ਰੁਕਵਾਉਣ ਸਬੰਧੀ ਮੁੱਦਿਆਂ ਤੇ ਚਰਚਾ ਕੀਤੀ ਜਾਵੇਗੀ। ਮੀਟਿੰਗ ਵਿਚ ਸੂਬਾ ਮੀਤ ਪ੍ਰਧਾਨ ਬਲਵਿੰਦਰ ਸਿੰਘ ਗੰਗਾ, ਮੇਜਰ ਸਿੰਘ ਰੰਧਾਵਾ, ਜਸਵਿੰਦਰ ਸਿੰਘ ਜਿਲਾ ਪ੍ਰਧਾਨ ਫਿਰੋਜਪੁਰ, ਜਗਸੀਰ ਸਿੰਘ ਪ੍ਰਧਾਨ ਬਠਿੰਡਾ, ਸੁਖਦੇਵ ਸਿੰਘ ਪ੍ਰਧਾਨ ਮਾਨਸਾ,ਲਖਵੀਰ ਸਿੰਘ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਤੋਂ ਇਲਾਵਾ ਵੱਖ ਵੱਖ ਜਲਿਾ ਕਮੇਟੀਆਂ ਦੇ ਆਗੂ, ਬਲਾਕਾਂ ਦੇ ਪ੍ਰਧਾਨ ,ਸਕੱਤਰ ਤੇ ਪਿੰਡਾਂ ਦੇ ਆਗੂ ਤੇ ਵਰਕਰ ਸ਼ਾਮਲ ਸਨ।