ਕਾਨੂੰਨ ਨੂੰ ਆਪਣੇ ਹੱਥ ਵਿੱਚ ਲੈਣ ਵਾਲਿਆਂ ਵਿਰੁੱਧ ਹੋਵੇਗੀ ਹਰ ਹੀਲੇ ਕਾਰਵਾਈ :ਡੀਸੀ ਤੇ ਐਸਐਸਪੀ
ਬਠਿੰਡਾ, 6 ਨਵੰਬਰ: ਕੁਝ ਦਿਨ ਪਹਿਲਾਂ ਬਠਿੰਡਾ ਜਿਲੇ ਦੇ ਪਿੰਡ ਮਹਿਮਾ ਸਰਜਾ ਵਿਖੇ ਕਿਸਾਨਾਂ ਨੂੰ ਪਰਾਲੀ ਤੋਂ ਅੱਗ ਲਗਾਉਣ ਤੋਂ ਰੋਕਣ ਲਈ ਪ੍ਰੇਰਿਤ ਕਰਨ ਗਏ ਸਰਕਾਰੀ ਅਧਿਕਾਰੀਆਂ ਕੋਲੋਂ ਜਬਰੀ ਪਰਾਲੀ ਨੂੰ ਅੱਗ ਲਗਾਉਣ ਦਾ ਮਾਮਲਾ ਦਿਨ-ਬ- ਦਿਨ ਤੁਲ ਫੜਦਾ ਜਾ ਰਿਹਾ ਹੈ। ਇਸ ਮਾਮਲੇ ਦੇ ਵਿੱਚ ਜਿੱਥੇ ਵਾਇਰਲ ਹੋਣ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ, ਉਥੇ ਵਿਰੋਧੀ ਧਿਰ ਦੇ ਆਗੂਆਂ ਸਹਿਤ ਆਮ ਲੋਕਾਂ ਵਲੋਂ ਵੀ ਇਸ ਘਟਨਾ ਦੀ ਨਿੰਦਾ ਕੀਤੀ ਗਈ ਸੀ।ਇਸ ਦੌਰਾਨ ਜ਼ਿਲਾ ਪੁਲਸ ਵਲੋਂ ਵੀ ਇਸ ਘਟਨਾ ਦਾ ਸ਼ਿਕਾਰ ਹੋਏ ਐਸਡੀਓ ਹਰਪ੍ਰੀਤ ਸਾਗਰ ਦੇ ਬਿਆਨਾਂ ਉੱਪਰ ਥਾਣਾ ਨਹਿਆਵਾਲਾ ਵਿਚ ਪੌਣੀ ਦਰਜਨ ਦੇ ਕਰੀਬ ਕਿਸਾਨਾਂ ਵਿਰੁੱਧ ਵੱਖ ਵੱਖ ਧਾਰਾਵਾਂ ਤਹਿਤ ਪਰਚਾ ਦਰਜ ਕਰ ਲਿਆ ਗਿਆ ਸੀ।
ਇਸਤੋਂ ਇਲਾਵਾ ਇੱਕ ਕਿਸਾਨ ਨੂੰ ਹਿਰਾਸਤ ਵਿਚ ਲਿਆ ਗਿਆ ਸੀ ਪ੍ਰੰਤੂ ਬਾਅਦ ਵਿੱਚ ਉਸ ਦੀ ਭੂਮਿਕਾ ਸਾਹਮਣੇ ਨਾ ਆਉਣ ‘ਤੇ ਉਸਨੂੰ ਛੱਡ ਦਿੱਤਾ ਗਿਆ ਸੀ। ਹਾਲਾਂਕਿ ਇਸ ਮਾਮਲੇ ਵਿੱਚ ਕਿਸਾਨਾਂ ਵਿਰੁੱਧ ਦਰਜ ਪਰਚੇ ਨੂੰ ਰੱਦ ਕਰਵਾਉਣ ਤੇ ਫੜੇ ਗਏ ਕਿਸਾਨਾਂ ਨੂੰ ਛਡਾਉਣ ਦੇ ਲਈ ਬੀਤੇ ਕੱਲ ਕਿਸਾਨ ਜਥੇਬੰਦੀ ਸਿੱਧੂਪੁਰ ਵੱਲੋਂ ਥਾਣੇ ਅੱਗੇ ਧਰਨਾ ਲਗਾਇਆ ਗਿਆ ਸੀ। ਜਿਸਤੋਂ ਬਾਅਦ ਦੇਰ ਸ਼ਾਮ ਪੁਲਿਸ ਨੇ ਵਾਇਰਲ ਵੀਡੀਓ ਵਿੱਚ ਉਕਤ ਕਿਸਾਨ ਦੀ ਮੌਜੂਦਗੀ ਨਾ ਹੋਣ ਕਾਰਨ ਦੇਰ ਸ਼ਾਮ ਉਸਨੂੰ ਛੱਡ ਦਿੱਤਾ ਗਿਆ ਸੀ, ਜਿਸਨੂੰ ਬਾਅਦ ਵਿੱਚ ਕਿਸਾਨ ਆਗੂ ਉਸ ਦਾ ਹਾਰਾਂ ਨਾਲ ਸਵਾਗਤ ਕੀਤਾ ਗਿਆ।
ਦੂਜੇ ਪਾਸੇ ਅੱਜ ਇਸ ਮਾਮਲੇ ਦੇ ਵਿੱਚ ਇੱਕ ਵਿਸ਼ੇਸ਼ ਪ੍ਰੈਸ ਕਾਨਫਰੰਸ ਕਰਦਿਆਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਅਤੇ ਐਸਐਸਪੀ ਗੁਲਨੀਤ ਸਿੰਘ ਖਰਾਣਾ ਨੇ ਕਿਹਾ ਕਿ ਕਾਨੂੰਨ ਨੂੰ ਕਿਸੇ ਨੂੰ ਵੀ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਅਜਿਹਾ ਕਰਨ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਇਸ ਮਾਮਲੇ ਵਿੱਚ ਪੁਲੀਸ ਵੱਲੋਂ ਵੱਖ ਵੱਖ ਧਾਰਾਵਾਂ ਤਹਿਤ ਕਈ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਚਾਰ ਟੀਮਾਂ ਦਾ ਗਠਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਰਾਲੀ ਦੇ ਮਸਲੇ ਦਾ ਹੱਲ ਕਰਨ ਲਈ ਸਰਕਾਰ ਵੱਲੋਂ ਸਬਸਿਡੀ ਉੱਤੇ ਕਾਫੀ ਸਾਰੀ ਮਸੀਨਰੀ ਵੀ ਦਿੱਤੀ ਗਈ ਹੈ ਅਤੇ ਬੇਲਰ ਵੀ ਖੇਤਾਂ ਵਿਚ ਚੱਲ ਰਹੇ ਹਨ। ਜਿਸਦੇ ਚੱਲਦੇ ਕਿਸਾਨ ਪਰਾਲੀ ਸਾੜਨ ਕਾਰਨ ਆਮ ਲੋਕਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਸ਼ਾਸਨ ਅਤੇ ਸਰਕਾਰ ਦਾ ਸਹਿਯੋਗ ਕਰਨ।
ਉਨ੍ਹਾਂ ਖੁਲਾਸਾ ਕੀਤਾ ਕਿ ਮਹਿਮਾ ਸਰਜਾ ਵਿਖੇ ਵਾਪਰੀ ਘਟਨਾ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂਆਂ ਨਾਲ ਉਨ੍ਹਾਂ ਦੀ ਮੀਟਿੰਗ ਹੋਈ ਸੀ ਜਿਸ ਵਿੱਚ ਕਿਸਾਨ ਆਗੂਆਂ ਨੇ ਇਸ ਘਟਨਾ ਨੂੰ ਗਲਤ ਕਰਾਰ ਦਿੰਦਿਆਂ ਅਫਸੋਸ ਵੀ ਜਾਹਿਰ ਕੀਤਾ ਸੀ ਪ੍ਰੰਤੂ ਹੁਣ ਜਦ ਪੂਰੇ ਦੇਸ਼ ਵਿੱਚ ਇਸ ਘਟਨਾ ਦੀ ਨਿਖੇਦੀ ਕੀਤੀ ਜਾ ਰਹੀ ਹੈ ਤਾਂ ਕਿਸਾਨ ਜਥੇਬੰਦੀ ਗੈਰ ਕਾਨੂੰਨੀ ਢੰਗ ਨਾਲ ਕਾਰਵਾਈ ਕਰਨ ਵਾਲੇ ਵਿਅਕਤੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜਿੰਨ੍ਹਾਂ ਕਿਸਾਨਾਂ ਨੇ ਸਰਕਾਰੀ ਟੀਮ ਨਾਲ ਧੱਕੇਸ਼ਾਹੀ ਕਰਦਿਆਂ ਉਨ੍ਹਾਂ ਦੀ ਡਿਊਟੀ ਵਿਚ ਵਿਘਨ ਪਾਇਆ ਹੈ ਅਤੇ ਜਬਰੀ ਉਨ੍ਹਾਂ ਕੋਲੋਂ ਪਰਾਲੀ ਨੂੰ ਅੱਗ ਲਗਵਾਈ ਹੈ , ਹੁਣ ਇਸਦਾ ਖਮਿਆਜ਼ਾ ਭੁਗਤਣਾ ਪਵੇਗਾ।
ਇਸ ਮੌਕੇ ਮੌਜੂਦ ਐਸਐਸਪੀ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਵੱਖ-ਵੱਖ ਧਰਾਵਾਂ ਤਹਿਤ ਪਰਚਾ ਦਰਜ ਹੋ ਚੁੱਕਿਆ ਹੈ ਅਤੇ ਕਥਿਤ ਮੁਜਰਮਾਨ ਨੂੰ ਫੜਨ ਦੇ ਲਈ ਟੀਮਾਂ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ ਅਤੇ ਕਿਸੇ ਵੀ ਮੁਜਰਮ ਨੂੰ ਬਖਸ਼ਿਆ ਨਹੀਂ ਜਾਵੇਗਾ। ਉਹਨਾਂ ਕਿਹਾ ਕਿ ਕਾਨੂੰਨ ਸਾਰਿਆਂ ਦੇ ਲਈ ਇੱਕ ਬਰਾਬਰ ਹੈ ਅਤੇ ਇਹ ਘਟਨਾ ਬਿਲਕੁਲ ਗਲਤ ਹੈ ਜਿਸ ਦੀ ਨਿੰਦਾ ਕੀਤੀ ਜਾ ਰਹੀ ਹੈ।
Share the post "ਮਾਮਲਾ ਅਧਿਕਾਰੀਆਂ ਕੋਲੋਂ ਪਰਾਲੀ ਨੂੰ ਅੱਗ ਲਗਾਉਣ ਦਾ, ਜਿਲਾ ਪ੍ਰਸ਼ਾਸਨ ਸਖਤੀ ਦੇ ਮੂਡ ‘ਚ"