ਜਿਲ੍ਹੇ ਵਿੱਚ ਰੋਜਾਨਾ ਲਏ ਜਾ ਰਹੇ ਹਨ ਦੁੱਧ ਦੇ ਸੈਂਪਲ: ਡਾ. ਤੇਜਵੰਤ ਸਿੰਘ ਢਿੱਲੋਂ ਸਿਵਲ ਸਰਜਨ
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 25 ਅਗਸਤ :ਪੰਜਾਬ ਸਰਕਾਰ ਲੋਕਾਂ ਨੂੰ ਤੰਦਰੁਸਤ ਰੱਖਣ ਅਤੇ ਵਧੀਆਂ ਸਿਹਤ ਸੇਵਾਵਾਂ ਦੇਣ ਲਈ ਲਗਾਤਾਰ ਯਤਨਸ਼ੀਲ ਹੈ। ਪਿਛਲੇ ਸਮੇਂ ਵਿੱਚ ਪਸ਼ੂਆਂ ਵਿੱਚ ਫੈਲੀ ਲੰਪੀ ਸਕਿਨ ਦੀ ਬਿਮਾਰੀ ਕਾਰਨ ਦੁੱਧ ਦੀ ਪੈਦਾਵਾਰ ਵਿਚ ਕਮੀ ਆਉਣ ਕਾਰਨ ਮਿਲਾਵਟੀ ਦੁੱਧ ਦਾ ਕਾਰੋਬਾਰ ਵਧ ਗਿਆ ਹੈ। ਇਸ ਲਈ ਪੰਜਾਬ ਸਰਕਾਰ ਵੱਲੋਂ ਸਾਰੇ ਜਿਲ੍ਹਿਆਂ ਵਿੱਚ ਵਿਸ਼ੇਸ਼ ਮੁਹਿੰਮ ਚਲਾ ਕੇ 26 ਅਗਸਤ ਤੱਕ ਰੋਜਾਨਾ ਦੁੱਧ ਦੇ ਸੈਂਪਲ ਲੈ ਕੇ ਜਾਂਚ ਕਰਨ ਲਈ ਭੇਜੇ ਜਾ ਰਹੇ ਹਨ। ਡਾ ਤੇਜਵੰਤ ਸਿੰਘ ਢਿੱਲੋਂ ਸਿਵਲ ਸਰਜਨ ਬਠਿੰਡਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼੍ਰੀ ਅਭਿਨਵ ਤਰਿਖਾ ਕਮਿਸ਼ਨਰ ਫੂਡ ਅਤੇ ਡਰੱਗ ਐਡਮਿਨੀਸਟਰੇਟਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਦੇ ਸਾਰੇ ਜਿਲ੍ਹਿਆਂ ਵਿੱਚ ਦੁੱਧ ਦੀ ਮਿਲਾਵਟਖੋਰੀ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ ਤਾਂ ਜੋ ਲੋਕਾਂ ਨੂੰ ਮਿਲਾਵਟ ਰਹਿਤ ਸ਼ੁੱਧ ਦੁੱਧ ਮਿਲ ਸਕੇ। ਉਹਨਾ ਦੱਸਿਆ ਕਿ ਜਿਲ੍ਹਾ ਬਠਿੰਡਾ ਵਿੱਚ ਵੀ ਡਾ ਊਸ਼ਾ ਗੋਇਲ ਜਿਲ੍ਹਾ ਸਿਹਤ ਅਫਸਰ ਦੀ ਅਗਵਾਈ ਵਾਲੀ ਫੂਡ ਸੇਫਟੀ ਟੀਮ ਜਿਸ ਵਿੱਚ ਨਵਦੀਪ ਸਿੰਘ, ਦਵਿਆ ਅਤੇ ਸਰਬਜੀਤ ਸਿੰਘ ਫੂਡ ਸੇਫਟੀ ਅਫਸਰ, ਵੱਲੋਂ ਮਿਤੀ 20 ਅਗਸਤ ਤੋਂ ਲਗਾਤਾਰ ਸੈਂਪਲ ਲਏ ਜਾ ਰਹੇ ਹਨ। ਡਾ ਊਸ਼ਾ ਗੋਇਲ ਨੇ ਦੱਸਿਆ ਕਿ ਪਿੰਡਾਂ ਵਿਚ ਡੇਅਰੀਆਂ ਅਤੇ ਦੋਧੀਆਂ ਤੋਂ 31 ਦੁੱਧ ਦੇ ਸੈਂਪਲ ਇਕੱਤਰ ਕੀਤੇ ਗਏ ਅਤੇ ਜਾਂਚ ਲਈ ਭੇਜੇ ਗਏ ਹਨ। ਇਸ ਸਮੇਂ ਇਨ੍ਹਾਂ 31 ਵਿਕਰੇਤਾਵਾਂ ਦੇ ਫੂਡ ਸੇਫਟੀ ਐਕਟ ਅਧੀਨ ਰਜਿਸਟ੍ਰੇਸ਼ਨ ਵੀ ਚੈਕ ਕੀਤੀ ਗਈ, ਜਿਨ੍ਹਾਂ ਵਿੱਚੋਂ 20 ਵਿਕ੍ਰੇਤਾਵਾਂ ਕੋਲ ਰਜਿਸਟ੍ਰੇਸ਼ਨ ਨਹੀਂ ਸੀ, ਜਿਨ੍ਹਾਂ ਨੂੰ ਨੋਟਿਸ ਜਾਰੀ ਕਰ ਦਿੱਤੇ ਗਏ ਹਨ। ਦੁੱਧ ਦੇ ਸੈਂਪਲ ਲੈਣ ਦੀ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਮਿਲਾਵਟਖੋਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਸਮੇਂਸਮੇਂ ਤੇ ਖਾਣ ਪੀਣ ਵਾਲੀਆਂ ਵਸਤੂਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਿਥੇ ਕਿਤੇ ਵੀ ਕੋਈ ਮਿਲਾਵਟ ਦਾ ਸ਼ੱਕ ਹੁੰਦਾ ਹੈ ਤਾਂ ਉਨ੍ਹਾਂ ਵਸਤੂਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਜਾਂਦੇ ਹਨ ਅਤੇ ਜੇਕਰ ਜਾਂਚ ਦੌਰਾਨ ਕੋਈ ਮਿਲਾਵਟ ਸਾਹਮਣੇ ਆਉਂਦੀ ਹੈ ਤਾਂ ਕਾਨੂੰਨ ਅਨੁਸਾਰ ਲੋੜੀਂਦੀ ਕਾਨੂੰਨੀ ਕਾਰਵਾਈ ਕੀਤੀ ਜਾਂਦੀ ਹੈ।
ਮਿਲਾਵਟੀ ਦੁੱਧ ਵੇਚਣ ਤੋਂ ਰੋਕਣ ਲਈ ਸਿਹਤ ਵਿਭਾਗ ਵਲੋਂ ਮੁਹਿੰਮ ਲਗਾਤਾਰ ਜਾਰੀ
12 Views