ਮਿਸ਼ਨ ਗਰੀਨ ਪੰਜਾਬ ਤਹਿਤ ਬਠਿੰਡਾ ਨੂੰ ਬਣਾਇਆ ਜਾਵੇਗਾ ਹਰਿਆ ਭਰਿਆ : ਸ਼ੌਕਤ ਅਹਿਮਦ ਪਰੇ

0
1
23 Views

ਵੱਖ-ਵੱਖ ਅਧਿਕਾਰੀਆਂ ਅਤੇ ਸਮਾਜ ਸੇਵੀ ਮੁਖੀਆਂ ਨਾਲ ਕੀਤੀ ਮੀਟਿੰਗ
ਸੁਖਜਿੰਦਰ ਮਾਨ
ਬਠਿੰਡਾ, 28 ਜੁਲਾਈ : ਮਿਸ਼ਨ ਗਰੀਨ ਪੰਜਾਬ ਤਹਿਤ ਬਠਿੰਡਾ ਜ਼ਿਲ੍ਹੇ ਨੂੰ ਵੱਖ-ਵੱਖ ਤਰ੍ਹਾਂ ਦੇ ਪੌਦੇ ਲਗਾ ਕੇ ਹਰਿਆ ਭਰਿਆ ਬਣਾਉਣ ਲਈ ਅੱਜ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੀ ਅਗਵਾਈ ਹੇਠ ਵੱਖ-ਵੱਖ ਅਧਿਕਾਰੀਆਂ, ਨਗਰ ਨਿਗਮ ਦੇ ਕੌਂਸਲਰਾਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਪ੍ਰਦੂਸ਼ਣ ਦੀ ਸਮੱਸਿਆ ਤੋਂ ਰਾਹਤ ਪਾਉਣ ਲਈ ਸਭਨਾਂ ਨੂੰ ਰਲ-ਮਿਲ ਕੇ ਵੱਖ-ਵੱਖ ਤਰ੍ਹਾਂ ਦੇ ਪੌਦੇ ਲਗਾਉਣ ਅਤੇ ਇਸਦੇ ਲਈ ਪੂਰੇ ਸਮਾਜ ਨੂੰ ਜਾਗਰੂਕ ਕਰਨ ਦੀ ਅਪੀਲ ਵੀ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਿਸ਼ਨ ਗ੍ਰੀਨ ਪੰਜਾਬ ਤਹਿਤ ਜਲਦ ਹੀ ਇੱਕ ਪੋਰਟਲ ਬਣਾਇਆ ਜਾਵੇਗਾ। ਜਿਸ ਰਾਹੀਂ ਵੱਖ-ਵੱਖ ਸੰਸਥਾਵਾਂ ਜਾਂ ਲੋਕਾਂ ਵੱਲੋਂ ਲਗਾਏ ਗਏ ਪੌਦਿਆਂ ਦੀ ਜਾਣਕਾਰੀ ਅਪਲੋਡ ਕੀਤੀ ਜਾਇਆ ਕਰੇਗੀ, ਤਾਂ ਜੋ ਲੋਕਾਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਉਤਸ਼ਾਹਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀ ਨਗਰ ਨਿਗਮ ਤੋਂ ਮੁਫ਼ਤ ਵਿੱਚ ਪੌਦੇ ਲੈ ਕੇ ਲਗਾ ਸਕਦੇ ਹਨ। ਇਸ ਤੋਂ ਇਲਾਵਾ ਪਿੰਡਾਂ/ਵਾਰਡਾਂ/ਮੁਹੱਲਾ ਵਾਸੀ ਜੰਗਲਾਤ ਦਫ਼ਤਰ ਤੋਂ ਵੀ ਮੁਫ਼ਤ ਪੌਦੇ ਪ੍ਰਾਪਤ ਕਰਕੇ ਲਗਾ ਕੇ ਉਨ੍ਹਾਂ ਦੀ ਸੰਭਾਲ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਗਰ ਨਿਗਮ ਅਧੀਨ ਆਉਂਦੇ ਪਾਰਕਾਂ ਵਿੱਚ ਪੌਦੇ ਲਗਾਉਣ ਤੋਂ ਇਲਾਵਾ ਜ਼ਿਲ੍ਹੇ ਭਰ ਦੇ ਸਕੂਲੀ ਬੱਚਿਆਂ ਨੂੰ ਵੀ ਪੌਦੇ ਲਗਾਉਣ ਸਬੰਧੀ ਜਾਗਰੂਕ ਕੀਤਾ ਜਾਵੇਗਾ। ਇਸ ਮੌਕੇ ਬਾਬਾ ਫਰੀਦ ਗਰੁੱਪ ਦੇ ਚੈਅਰਮੈਨ ਡਾ.ਗੁਰਮੀਤ ਸਿੰਘ ਧਾਲੀਵਾਲ, ਡਿਪਟੀ ਡਾਇਰੈਕਟਰ ਹਰਪਾਲ ਸਿੰਘ, ਡਿਪਟੀ ਮੇਅਰ ਹਰਿਮੰਦਰ ਸਿੰਘ ਸਿੱਧੂ, ਸਕੱਤਰ ਰੈੱਡ ਕਰਾਸ ਦਰਸ਼ਨ ਕੁਮਾਰ, ਨਗਰ ਨਿਗਮ ਦੇ ਵੱਖ-ਵੱਖ ਵਾਰਡਾਂ ਦੇ ਕੌਂਸਲਰ, ਸਮਾਜ ਸੇਵੀ ਸੰਸਥਾਵਾਂ ਦੇ ਮੁਖੀਆਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here