6 Views
ਮੁੱਖ ਮੰਤਰੀ ਦੀ ਤਰਫੋਂ ਪ੍ਰਨੀਤ ਕੌਰ ਨੂੰ ਵਧਾਈ ਦੇਣ ਖੇਡ ਮੰਤਰੀ ਉਚੇਚੇ ਤੌਰ ਤੇ ਪਹੁੰਚੇ ਮੁਹਾਲੀ ਹਵਾਈ ਅੱਡੇ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤਮਗ਼ਾ ਜੇਤੂਆਂ ਨੂੰ ਜਲਦ ਕਰਨਗੇ ਨਗਦ ਇਨਾਮੀ ਰਾਸ਼ੀ ਨਾਲ ਸਨਮਾਨਤ
ਪ੍ਰਨੀਤ ਕੌਰ ਨੇ ਵਿੱਤੀ ਮੱਦਦ ਲਈ ਸੂਬਾ ਸਰਕਾਰ ਦਾ ਕੀਤਾ ਉਚੇਚਾ ਧੰਨਵਾਦ
ਪੰਜਾਬ ਦੇ 32 ਖਿਡਾਰੀਆਂ ਨੇ 8 ਸੋਨੇ, 6 ਚਾਂਦੀ 6 ਕਾਂਸੀ ਦੇ ਤਮਗ਼ਿਆਂ ਸਣੇ ਕੁੱਲ 20 ਤਮਗ਼ੇ ਜਿੱਤ ਕੇ 72 ਸਾਲ ਦਾ ਰਿਕਾਰਡ ਤੋੜਿਆ
ਮਾਨਸਾ ਇਲਾਕੇ ਚ ਖਿਡਾਰੀਆਂ ਵਾਸਤੇ ਰੋਇੰਗ ਤੇ ਤੀਰ ਅੰਦਾਜ਼ੀ ਦੀਆਂ ਨਰਸਰੀਆਂ ਬਣਾਈਆਂ ਜਾਣਗੀਆਂ
ਚੰਡੀਗੜ੍ਹ/ਐੱਸ ਏ ਐੱਸ ਨਗਰ, 11 ਅਕਤੂਬਰ (ਅਸ਼ੀਸ਼ ਮਿੱਤਲ): ਹਾਂਗਜ਼ੂ ਏਸ਼ੀਅਨ ਗੇਮਜ਼ ਵਿੱਚ ਸੋਨ ਤਮਗ਼ਾ ਜਿੱਤ ਕੇ ਪਹਿਲੀ ਵਾਰ ਪੰਜਾਬ ਪਰਤੀ ਤੀਰਅੰਦਾਜ਼ ਪ੍ਰਨੀਤ ਕੌਰ ਦਾ ਅੱਜ ਮੁਹਾਲੀ ਦੇ ਸ਼ਹੀਦ ਭਗਤ ਸਿੰਘ ਅੰਤ ਰਾਸ਼ਟਰੀ ਹਵਾਈ ਅੱਡੇ ਉੱਤੇ ਪੁੱਜਣ ਉੱਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸ਼ਾਹਾਨਾ ਸਵਾਗਤ ਕੀਤਾ। ਮੀਤ ਹੇਅਰ ਨੇ ਪ੍ਰਨੀਤ ਕੌਰ ਦਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਤਰਫੋਂ ਸਵਾਗਤ ਤੇ ਸਨਮਾਨ ਕਰਦਿਆਂ ਕਿਹਾ ਕਿ ਪੰਜਾਬ ਦੇ ਮਾਨਸਾ ਜ਼ਿਲੇ ਦੀ ਇਸ ਮਾਣਮੱਤੀ ਧੀ ਨੇ ਏਸ਼ੀਅਨ ਗੇਮਜ਼ ਵਿੱਚ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ 32 ਖਿਡਾਰੀਆਂ ਨੇ 8 ਸੋਨੇ, 6 ਚਾਂਦੀ ਤੇ 6 ਕਾਂਸੀ ਦੇ ਤਮਗ਼ਿਆਂ ਸਣੇ ਕੁੱਲ 20 ਤਮਗ਼ੇ ਜਿੱਤ ਕੇ, ਖੇਡਾਂ ਦੇ 72 ਸਾਲ ਦੇ ਇਤਿਹਾਸ ਵਿੱਚ ਹੁਣ ਤੱਕ ਦਾ ਸਰਵੋਤਮ ਪ੍ਰਦਰਸ਼ਨ ਕੀਤਾ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੂਬੇ ਨੂੰ ਮੁੜ ਖੇਡ ਨਕਸ਼ੇ ਉਤੇ ਨਾਮ ਚਮਕਾਉਣ ਵਾਲੇ ਤਮਗ਼ਾ ਜੇਤੂਆਂ ਨੂੰ ਜਲਦ ਹੀ ਸਾਰੇ ਖਿਡਾਰੀਆਂ ਦੇ ਦੇਸ਼ ਵਾਪਸ ਆਉਣ ਉੱਤੇ ਵਿਸ਼ੇਸ਼ ਸਮਾਗਮ ਦੌਰਾਨ ਨਗਦ ਇਨਾਮ ਰਾਸ਼ੀ ਨਾਲ ਸਨਮਾਨਤ ਕਰਨਗੇ। ਮੀਤ ਹੇਅਰ ਨੇ ਅੱਗੇ ਕਿਹਾ ਕਿ ਪ੍ਰਨੀਤ ਕੌਰ ਆਪਣੀ ਸਖਤ ਮਿਹਨਤ ਅਤੇ ਲਗਨ ਨਾਲ ਛੋਟੀ ਜਿਹੀ ਉਮਰ ਵਿੱਚ ਵਿਸ਼ਵ ਚੈਂਪੀਅਨਸ਼ਿਪ, ਵਿਸ਼ਵ ਕੱਪ ਅਤੇ ਏਸ਼ੀਅਨ ਗੇਮਜ਼ ਵਿੱਚ ਸੋਨ ਤਮਗ਼ਾ ਜਿੱਤ ਕੇ ਸੂਬੇ ਦੀਆਂ ਲੜਕੀਆਂ ਲਈ ਪ੍ਰੇਰਨਾ ਸ੍ਰੋਤ ਬਣੀ ਹੈ। ਉਨ੍ਹਾਂ ਉਸ ਦੀ ਪ੍ਰਾਪਤੀ ਦਾ ਸਿਹਰਾ ਮਾਪਿਆਂ ਤੇ ਕੋਚਾਂ ਸਿਰ ਬੰਨ੍ਹਿਆਂ। ਇਸ ਮੌਕੇ ਪ੍ਰਨੀਤ ਕੌਰ ਨੇ ਸੂਬਾ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਸ ਨੂੰ ਖੇਡਾਂ ਦੀ ਤਿਆਰੀ ਲਈ ਪਹਿਲਾਂ ਹੀ 8 ਲੱਖ ਰੁਪਏ ਦੀ ਇਨਾਮ ਰਾਸ਼ੀ ਨਾਲ ਮੱਦਦ ਕੀਤੀ। ਉਸ ਨੇ ਕਿਹਾ ਕਿ ਉਹ ਭਵਿੱਖ ਵਿੱਚ ਇਸੇ ਤਰ੍ਹਾਂ ਦੇਸ਼ ਅਤੇ ਸੂਬੇ ਦਾ ਨਾਮ ਚਮਕਾਉਣ ਲਈ ਪੂਰੀ ਮਿਹਨਤ ਕਰੇਗੀ।
ਖੇਡ ਮੰਤਰੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪੰਜਾਬ ਦੇ ਖਿਡਾਰੀਆਂ ਨੂੰ ਤਿਆਰ ਕਰਨ ਲਈ ਖੇਡ ਨਰਸਰੀ ਸਥਾਪਤ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ਵਿਚਕਾਰ ਰੋਇੰਗ ਅਤੇ ਤੀਰਅੰਦਾਜ਼ੀ ਦੀਆਂ ਖੇਡਾਂ ਦੀਆਂ ਨਰਸਰੀਆਂ ਸਥਾਪਤ ਕਰਨ ਦਾ ਐਲਾਨ ਕੀਤਾ। ਖੇਡ ਮੰਤਰੀ ਮੀਤ ਹੇਅਰ ਨੇ ਪ੍ਰਨੀਤ ਕੌਰ, ਉਸ ਦੇ ਪਿਤਾ ਅਵਤਾਰ ਸਿੰਘ, ਮਾਤਾ ਜਗਮੀਤ ਕੌਰ, ਕੋਚ ਸੁਰਿੰਦਰ ਸਿੰਘ ਦਾ ਉਚੇਚਾ ਸਨਮਾਨ ਕੀਤਾ। ਇਸ ਮੌਕੇ ਡੇਰਾਬਸੀ ਤੋਂ ਵਿਧਾਇਕ ਸਿੰਘ ਰੰਧਾਵਾ, ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫੋਂ ਮੁੱਖ ਮੰਤਰੀ ਦੇ ਫ਼ੀਲਡ ਅਫ਼ਸਰ ਇੰਦਰ ਪਾਲ, ਡਿਪਟੀ ਡਾਇਰੈਕਟਰ ਸਪੋਰਟਸ ਪਰਮਿੰਦਰ ਸਿੰਘ ਸਿੱਧੂ, ਜਿਲ੍ਹਾ ਖੇਡ ਅਫਸਰ ਗੁਰਦੀਪ ਕੌਰ ਸਣੇ ਵੱਡੀ ਗਿਣਤੀ ਵਿੱਚ ਖੇਡ ਪ੍ਰਸੰਸਕ ਤੇ ਖਿਡਾਰੀ ਵੀ ਹਾਜ਼ਰ ਸਨ।
ਮੁਹਾਲੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸ ਮੌਕੇ ਪੰਜਾਬ ਦੀ ਇਸ ਮਾਣਮੱਤੀ ਧੀ ਦੇ ਸਵਾਗਤ ਲਈ ਢੋਲੀ, ਭੰਗੜਾ ਟੀਮ ਦਾ ਪ੍ਰਬੰਧ ਕੀਤਾ ਹੋਇਆ ਸੀ ਤੇ ਇਸ ਦੇ ਹਵਾਈ ਅੱਡੇ ਤੋਂ ਬਾਹਰ ਆਉਂਦੇ ਹੀ ਢੋਲ ਦੇ ਡਗੇ ਅਤੇ ਭੰਗੜੇ ਨਾ ਉਸ ਦਾ ਸਵਾਗਤ ਕੀਤਾ। ਇਸ ਮੌਕੇ ਜ਼ਿਲ੍ਹੇ ਦੇ ਉਭਰਦੇ ਖਿਡਾਰੀ ਵੀ ਪੂਰੇ ਜੋਸ਼ ਨਾਲ ਸਵਾਗਤ ਕਰਨ ਪੁੱਜੇ ਹੋਏ ਸਨ।
Share the post "ਮੀਤ ਹੇਅਰ ਵੱਲੋਂ ਏਸ਼ੀਅਨ ਗੇਮਜ਼ ਮੈਡਲਿਸਟ ਤੀਰਅੰਦਾਜ਼ ਪ੍ਰਨੀਤ ਕੌਰ ਦਾ ਸਵਾਗਤ ਤੇ ਸਨਮਾਨ"