10 Views
ਸੈਂਕੜੇ ਔਰਤਾਂ ਸਮੇਤ ਹਜ਼ਾਰਾਂ ਕਿਸਾਨਾਂ ਵੱਲੋਂ ਰਾਤ ਨੂੰ ਵੀ ਡਟੇ ਰਹਿਣ ਅਤੇ ਮੰਗਾਂ ਲਾਗੂ ਕਰਾਉਣ ਤੱਕ ਕੋਠੀ ਦਾ ਘਿਰਾਓ ਜਾਰੀ ਰੱਖਣ ਦਾ ਐਲਾਨ
ਪੰਜਾਬੀ ਖਬਰਸਾਰ ਬਿਉਰੋ
ਸੰਗਰੂਰ, 24 ਅਕਤੂਬਰ: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਮੰਨੀਆਂ ਮੰਗਾਂ ਲਾਗੂ ਕਰਨ ‘ਚ ਪੰਜਾਬ ਸਰਕਾਰ ਵੱਲੋਂ ਲਗਾਤਾਰ ਕੀਤੇ ਜਾ ਰਹੇ ਟਾਲਮਟੋਲ ਵਿਰੁੱਧ ਇੱਥੇ ਲਾਏ ਗਏ ਪੱਕੇ ਕਿਸਾਨ ਮੋਰਚੇ ਦੇ ਸੋਲ੍ਹਵੇਂ ਦਿਨ ਸੰਘਰਸ਼ੀ ਦੀਵਾਲੀ ਵੀ ਮੁੱਖ ਮੰਤਰੀ ਦੀ ਕੋਠੀ ਮੂਹਰੇ ਹੀ ਮਨਾਈ ਜਿਸ ਵਿੱਚ ਸੈਂਕੜੇ ਔਰਤਾਂ ਸਮੇਤ ਹਜ਼ਾਰਾਂ ਕਿਸਾਨ ਮਜ਼ਦੂਰ ਨੌਜਵਾਨ ਸ਼ਾਮਲ ਹੋਏ। ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਦੋਸ਼ ਲਾਇਆ ਕਿ ਮੋਰਚੇ ਦੌਰਾਨ ਸ਼ਹੀਦ ਹੋਏ ਦੋ ਕਿਸਾਨਾਂ ਦੇ ਵਾਰਸਾਂ ਨੂੰ 10-10 ਲੱਖ ਰੁਪਏ ਦੇ ਮੁਆਵਜ਼ੇ ਬਾਰੇ ਵੀ ਸਰਕਾਰ ਚੁੱਪ ਧਾਰੀ ਬੈਠੀ ਹੈ। ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਦੱਸਿਆ ਕਿ ਠੋਸ ਸੁਝਾਵਾਂ ਸਮੇਤ 8 ਦਿਨ ਪਹਿਲਾਂ ਭੇਜੇ ਗਏ ਯਾਦ ਪੱਤਰ ‘ਚ ਦਰਜ ਮੰਗਾਂ ਬਾਰੇ ਵੀ ਜ਼ਿਲ੍ਹਾ ਸੰਗਰੂਰ ਦੇ ਅਧਿਕਾਰੀਆਂ ਰਾਹੀਂ ਤਾਂ ਵਾਰ ਵਾਰ ਕੁੱਝ ਵੇਰਵੇ ਭੇਜੇ ਜਾ ਰਹੇ ਹਨ ਪ੍ਰੰਤੂ ਕਿਸਾਨ ਆਗੂਆਂ ਵੱਲੋਂ ਇਨ੍ਹਾਂ ਵੇਰਵਿਆਂ ਵਿੱਚ ਸੰਭਵ ਵਾਧੇ ਕਰਨ ਬਾਰੇ ਮੁੱਖ ਮੰਤਰੀ ਦੁਆਰਾ ਸਮਾਂ ਕੱਢਣ ਦੀ ਅਪੀਲ ਲਗਾਤਾਰ ਅਣਸੁਣੀ ਕੀਤੀ ਗਈ ਹੈ। ਯਾਦ ਪੱਤਰ ਵਿੱਚ ਪੰਜਾਬ ਦੇ ਹਿੱਸੇ ਆਏ ਦਰਿਆਈ ਪਾਣੀਆਂ ਦੀ ਖੇਤੀ ਲਈ ਪੂਰੀ ਪੂਰੀ ਵਰਤੋਂ ਦਾ ਰੋਡ ਮੈਪ ਤਿਆਰ ਕਰਕੇ ਕਿਸਾਨਾਂ ਨੂੰ ਦੇਣ ਅਤੇ ਇਸਦੀ ਨਾਂ-ਮਾਤਰ ਵਰਤੋਂ ਬਾਰੇ ਲੋਕ ਸਭਾ ਵਿੱਚ ਪੇਸ਼ ਕੀਤੀ ਗਈ ਰਿਪੋਰਟ ਸਮੇਤ ਪੰਜਾਬ ਖੇਤੀਬਾੜੀ ਵਿਭਾਗ ਦੇ ਵੇਰਵੇ ਵੀ ਜਨਤਕ ਕੀਤੇ ਜਾਣ। ਜ਼ੀਰੇ ਨੇੜੇ ਪ੍ਰਦੂਸ਼ਣ ਦਾ ਗੜ੍ਹ ਬਣੀ ਦੀਪ ਮਲਹੋਤਰਾ ਦੀ ਸ਼ਰਾਬ ਫੈਕਟਰੀ ਦਾ ਪ੍ਰਦੂਸ਼ਣ ਰੋਕਣ ਬਾਰੇ ਜਥੇਬੰਦੀ ਨਾਲ ਬਣੀ ਸਹਿਮਤੀ ਅਨੁਸਾਰ ਇਸ ਫੈਕਟਰੀ ਨੂੰ ਤੁਰਤ ਬੰਦ ਕਰਨ; ਪੀਣ ਵਾਲੇ ਪਾਣੀ ਦੀ ਸਪਲਾਈ ਦੇ ਨਿੱਜੀਕਰਨ ਬਾਰੇ ਪੰਜਾਬ ਦੀਆਂ ਪਹਿਲੀਆਂ ਸਰਕਾਰਾਂ ਵੱਲੋਂ ਸੰਸਾਰ ਬੈਂਕ ਨਾਲ ਕੀਤੇ ਸਮਝੌਤੇ ਰੱਦ ਕਰਨ ਅਤੇ ਪੀਣ ਵਾਲੇ ਸਾਫ਼ ਪਾਣੀ ਲਈ ਸਰਕਾਰੀ ਜਲ ਸਪਲਾਈ ਪ੍ਰਬੰਧ ਪਹਿਲਾਂ ਵਾਂਗ ਮੁੜ ਬਹਾਲ ਕਰਨ ਬਾਰੇ ਠੋਸ ਰੋਡ ਮੈਪ ਬਣਾਉਣ ਦਾ ਵਚਨ ਦਿੱਤਾ ਜਾਵੇ। ਭਾਰਤ ਮਾਲ਼ਾ ਹਾਈਵੇ ਪ੍ਰਾਜੈਕਟ ਲਈ ਜਬਰੀ ਜ਼ਮੀਨਾਂ ਐਕਵਾਇਰ ਕਰਨ ਖ਼ਿਲਾਫ਼ ਚਾਰ ਜ਼ਿਲ੍ਹਿਆਂ ਵਿੱਚ ਲਗਾਤਾਰ ਧਰਨੇ ਲਾਈ ਬੈਠੇ ਕਿਸਾਨਾਂ ਨੂੰ ਮੀਟਿੰਗ ਵਿੱਚ ਤਹਿ ਹੋਏ ਤਰੀਕੇ ਮੁਤਾਬਕ ਮੁਆਵਜ਼ੇ ਦੀ ਰਾਸ਼ੀ ਜਾਰੀ ਕਰਨ ਦਾ ਫੈਸਲਾ ਸਿਰੇ ਲਾ ਕੇ ਘਰੀਂ ਤੋਰਿਆ ਜਾਵੇ।ਆਪਣੀ ਜ਼ਮੀਨ ਨੂੰ ਨਿਰਵਿਘਨ ਪੱਧਰ/ਨੀਵੀਂ ਕਰਨ ਲਈ ਵਾਹੀਯੋਗ ਜ਼ਮੀਨ ਨੂੰ ਮਾਈਨਿੰਗ ਕਾਨੂੰਨ ‘ਚੋਂ ਬਾਹਰ ਕੱਢਿਆ ਜਾਵੇ। ਔਸਤ ਝਾੜ ਅਤੇ ਕਾਸ਼ਤ ਗਰਦੌਰੀ ਦੀਆਂ ਸ਼ਰਤਾਂ ਰੱਦ ਕਰਕੇ ਅਤੇ ਨਮੀ 22% ਕਰਕੇ ਝੋਨੇ ਦੀ ਨਿਰਵਿਘਨ ਖਰੀਦ ਦੀ ਗਰੰਟੀ ਕੀਤੀ ਜਾਵੇ। ਝੋਨੇ ਦੀ ਥਾਂ ਸੌਣੀ ਦੀਆਂ ਹੋਰ ਫ਼ਸਲਾਂ ਦੀ ਲਾਭਕਾਰੀ ਐੱਮ ਐੱਸ ਪੀ ਮਿਥ ਕੇ ਪੂਰੀ ਖ੍ਰੀਦ ਦੀ ਕਾਨੂੰਨੀ ਗਰੰਟੀ ਲਈ ਠੋਸ ਰੋਡ ਮੈਪ ਲਿਆਉਣ ਦਾ ਵਾਅਦਾ ਕੀਤਾ ਜਾਵੇ। ਕੁਦਰਤੀ ਕਰੋਪੀਆਂ ਜਾਂ ਨਵੇਂ ਨਵੇਂ ਰੋਗਾਂ ਸੁੰਡੀਆਂ ਨਾਲ ਹੋਏ ਸਾਰੀਆਂ ਫਸਲਾਂ ਦੇ ਖਰਾਬੇ ਦੀ ਰਹਿੰਦੀ ਗਰਦੌਰੀ ਤੁਰੰਤ ਮੁਕੰਮਲ ਕਰਕੇ ਤਹਿਸ਼ੁਦਾ ਮੁਆਵਜ਼ੇ ਕਾਸ਼ਤਕਾਰ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਵੰਡਣ ਦਾ ਕੰਮ ਤੁਰੰਤ ਨਿਪਟਾਇਆ ਜਾਵੇ। ਲੰਪੀ ਸਕਿਨ ਰੋਗ ਨਾਲ ਮਰੀਆਂ ਗਊਆਂ ਦਾ ਮੁਆਵਜ਼ਾ ਦੇਣ, ਭੰਗਾਲਾ(ਫਾਜਿਲਕਾ) ਵਿਖੇ 1300 ਏਕੜ ਰਕਬੇ ਨੂੰ ਬੰਦ ਪਏ ਨਹਿਰੀ ਪਾਣੀ ਦੀ ਸਪਲਾਈ ਬਹਾਲ ਕਰਨ ਅਤੇ ਅਬਾਦਕਾਰਾਂ ਨੂੰ ਨਾ ਉਜਾੜਨ ਦੇ ਮੀਟਿੰਗ ਵਿੱਚ ਨਿੱਬੜੇ ਠੋਸ ਕੇਸਾਂ ਦੇ ਨਿਪਟਾਰੇ ਲਈ ਲੋੜੀਂਦੇ ਲਿਖਤੀ ਦਸਤਾਵੇਜ਼ ਸੌਂਪੇ ਜਾਣ। ਬਿਨਾਂ ਸਾੜੇ ਪਰਾਲੀ ਦੇ ਨਿਪਟਾਰੇ ਲਈ 200 ਪ੍ਰਤੀ ਕੁਇੰਟਲ ਬੋਨਸ ਦੇਣਾ ਤਾਂ ਦੂਰ ਦੀ ਗੱਲ ਰਹੀ, ਮਜਬੂਰੀ ਵੱਸ ਪਰਾਲੀ ਸਾੜਨ ਵਾਲੇ ਕਿਸਾਨਾਂ ਉੱਤੇ ਸਖ਼ਤੀ ਬੰਦ ਕਰਨ ਦੀ ਖ਼ੁਦ ਮੰਨੀ ਹੋਈ ਮੰਗ ਨੂੰ ਠੋਸ ਰੂਪ ਵਿੱਚ ਲਾਗੂ ਕਰਨ ਬਾਰੇ ਲਿਖਤੀ ਹਦਾਇਤਨਾਮਾ ਜਾਰੀ ਕੀਤਾ ਜਾਵੇ। ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਕਿਸਾਨਾਂ ਮਜ਼ਦੂਰਾਂ ਨੂੰ ਚੌਕਸ ਕੀਤਾ ਕਿ ਪੰਜਾਬ ਦੇ ਕੁੱਝ ਖਾਨਦਾਨੀ ਫਿਰਕਾਪ੍ਰਸਤ ਆਗੂਆਂ ਅਤੇ ਕੁੱਝ ਭਟਕੇ ਹੋਏ ਨੌਜਵਾਨਾਂ ਵੱਲੋਂ ਲੋਕਾਂ ਦੇ ਭਖਦੇ ਮਸਲਿਆਂ ਤੋਂ ਧਿਆਨ ਭਟਕਾ ਕੇ ਕੇਂਦਰ ਤੇ ਪੰਜਾਬ ਦੀਆਂ ਸਰਕਾਰਾਂ ਨੂੰ ਸੰਘਰਸ਼ ਦੀ ਫੇਟ ਤੋਂ ਬਚਾਉਣ ਲਈ ਲੋਕਾਂ ‘ਚ ਪਾਟਕ ਪਾਉਣ ਦੀ ਨੀਤੀ ਦੀ ਸਖ਼ਤ ਨਿੰਦਾ ਕੀਤੀ। ਇਸੇ ਤਰ੍ਹਾਂ ਐਸ ਵਾਈ ਐੱਲ ਨਹਿਰ ਵਰਗੇ ਭਰਾਤਰੀ ਭਾਵ ਨਾਲ ਹੱਲ ਹੋ ਸਕਣ ਵਾਲੇ ਮੁੱਦਿਆਂ ਨੂੰ ਬੇਲੋੜਾ ਵਾਦ-ਵਿਵਾਦ ਬਣਾ ਕੇ ਉਭਾਰਨ ਦੀ ਵੀ ਸਖ਼ਤ ਅਲੋਚਨਾ ਕੀਤੀ। ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਆਗੂ ਜਗਰੂਪ ਸਿੰਘ ਲਹਿਰਾ ਨੇ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਹਰ ਕਿਰਤੀ ਵਰਗ ਨਾਲ ਧੋਖਾ ਕਰਨ ਦੀ ਨਿਖੇਧੀ ਕੀਤੀ ਅਤੇ ਕਿਸਾਨ ਮੋਰਚੇ ਦੀ ਹਮਾਇਤ ਜਾਰੀ ਰੱਖਣ ਦਾ ਐਲਾਨ ਕੀਤਾ। ਸਟੇਜ ਸਕੱਤਰ ਦੀ ਭੂਮਿਕਾ ਬਹਾਦਰ ਸਿੰਘ ਸੰਗਰੂਰ ਨੇ ਨਿਭਾਈ ਅਤੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ, ਜਰਨੈਲ ਸਿੰਘ ਜਵੰਦਾ, ਮਨਜੀਤ ਸਿੰਘ ਘਰਾਚੋਂ, ਹਰਮੰਦਰ ਸਿੰਘ ਡੇਮਰੂ, ਗੁਰਪ੍ਰੀਤ ਕੌਰ ਬਰਾਸ, ਮਨਜੀਤ ਕੌਰ ਸੁਨਾਮ ਨੇ ਵੀ ਸੰਬੋਧਨ ਕੀਤਾ। ਇਸ ਮੌਕੇਂ ਸੂਬਾ ਆਗੂ ਰੂਪ ਸਿੰਘ ਛੰਨਾਂ, ਜਨਕ ਸਿੰਘ ਭੁਟਾਲ, ਜਗਤਾਰ ਸਿੰਘ ਕਾਲਾਝਾੜ ਅਤੇ ਜ਼ਿਲ੍ਹਾ ਪੱਧਰੇ ਆਗੂ ਅਮਰੀਕ ਸਿੰਘ ਗੰਢੂਆਂ, ਸੁਦਾਗਰ ਸਿੰਘ ਘੁਡਾਣੀ, ਅਮਰਜੀਤ ਸਿੰਘ ਸੈਦੋਕੇ, ਗੁਰਭੇਜ ਸਿੰਘ ਰੋਹੀਵਾਲਾ, ਬਸੰਤ ਸਿੰਘ ਕੋਠਾਗੁਰੂ ਵੀ ਹਾਜ਼ਰ ਸਨ। ਪੰਡਾਲ ਨੂੰ ਜਾਣਕਾਰੀ ਦਿੱਤੀ ਗਈ ਕਿ ਰਾਤ ਨੂੰ ਲੋਕ ਕਲਾ ਮੰਚ ਮੁੱਲਾਂਪੁਰ ਦੀ ਟੀਮ ਵੱਲੋਂ ਸੁਰਿੰਦਰ ਸ਼ਰਮਾ ਦੀ ਅਗਵਾਈ ਹੇਠ ਅਗਾਂਹਵਧੂ ਨਾਟਕ “ਇਨ੍ਹਾਂ ਜ਼ਖਮਾਂ ਦਾ ਕੀ ਕਰੀਏ” ਦੀ ਪੇਸ਼ਕਾਰੀ ਕੀਤੀ ਜਾਵੇਗੀ।