ਮਜਦੂਰ ਜਥੈਬੰਦੀਆਂ ਵਲੋਂ 26 ਜਨਵਰੀ ਨੂੰ ਹਰ ਹਾਲ ਪ੍ਰਦਰਸ਼ਨ ਕਰਨ ਦਾ ਐਲਾਨ
ਕਿਸਾਨ ਯੂਨੀਅਨ ਏਕਤਾ ਉਗਰਾਹਾ ਵੱਲੋਂ ਵੀ ਨਿਖੇਧੀ
ਸੁਖਜਿੰਦਰ ਮਾਨ
ਬਠਿੰਡਾ, 24 ਜਨਵਰੀ: ਮਜ਼ਦੂਰ ਜਥੇਬੰਦੀਆਂ ਦੁਆਰਾ 26 ਜਨਵਰੀ ਨੂੰ ਬਠਿੰਡਾ ਵਿਖੇ ਝੰਡਾ ਲਹਿਰਾਉਣ ਲਈ ਪਹੁੰਚ ਰਹੇ ਮੁੱਖ ਮੰਤਰੀ ਦਾ ਕਾਲੇ ਝੰਡਿਆਂ ਨਾਲ ਵਿਰੋਧ ਕਰਨ ਦੇ ਉਲੀਕੇ ਪ੍ਰੋਗਰਾਮ ਨੂੰ ਸਾਬੋਤਾਜ ਕਰਨ ਲਈ ਬਠਿੰਡਾ ਪੁਲਿਸ ਵੱਲੋਂ ਮਜ਼ਦੂਰ ਆਗੂਆਂ ਦੀ ਫ਼ੜੋ-ਫ਼ੜੀ ਸ਼ੁਰੂ ਕਰ ਦਿੱਤੀ ਗਈ ਹੈ। ਇਸਦੀ ਪੁਸ਼ਟੀ ਕਰਦਿਆਂ ਮਜ਼ਦੂਰ ਆਗੂਆਂ ਨੇ ਦੱਸਿਆ ਕਿ ਪੁਲਿਸ ਮੁਲਾਜ਼ਮਾਂ ਵੱਲੋਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜ਼ੋਰਾ ਸਿੰਘ ਨਸਰਾਲੀ ਦੀ ਕੋਟੜਾ ਕੋਟੜਾ ਵਿਖੇ ਰਿਹਾਇਸ਼ ਉਤੇ ਛਾਪਾ ਮਾਰਿਆ ਗਿਆ। ਸਾਂਝੇ ਮਜ਼ਦੂਰ ਮੋਰਚੇ ਦੇ ਆਗੂਆਂ ਲਛਮਣ ਸਿੰਘ ਸੇਵੇਵਾਲਾ,ਮਹੀਪਾਲ, ਕੁਲਵੰਤ ਸਿੰਘ ਸੇਲਬਰਾਹ,ਅਮੀ ਚੰਦ, ਹਰਵਿੰਦਰ ਸਿੰਘ ਸੇਮਾਂ ,ਸੁਖਪਾਲ ਸਿੰਘ ਖਿਆਲੀਵਾਲਾ ਅਤੇ ਸੁਰਜੀਤ ਸਿੰਘ ਸਰਦਾਰਗੜ੍ਹ ਨੇ ਸਰਕਾਰ ਦੇ ਇਸ ਵਤੀਰੇ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕਰਦਿਆਂ ਆਖਿਆ ਕਿ ਇਹ ਸਰਕਾਰ ਵੀ ਪਹਿਲੀਆਂ ਕਾਂਗਰਸੀ ਤੇ ਅਕਾਲੀ ਸਰਕਾਰਾਂ ਦੇ ਪਦ ਚਿੰਨ੍ਹਾਂ ’ਤੇ ਚਲਦੇ ਹੋਏ ਮਜ਼ਦੂਰ ਜਥੇਬੰਦੀਆਂ ਨਾਲ ਬੈਠ ਕੇ ਮਜ਼ਦੂਰ ਮਸਲੇ ਹੱਲ ਕਰਨ ਦੀ ਥਾਂ ਮਜ਼ਦੂਰਾਂ ਦੀ ਹੱਕੀ ਅਵਾਜ਼ ਨੂੰ ਪੁਲਿਸ ਜ਼ਬਰ ਦੇ ਜ਼ੋਰ ਦਬਾਉਣ ਦੇ ਰਾਹ ਤੁਰ ਪਏ ਹਨ। ਉਹਨਾਂ ਐਲਾਨ ਕੀਤਾ ਪੁਲਿਸ ਸਖਤੀ ਦੇ ਬਾਵਜੂਦ ਮਜ਼ਦੂਰ ਜਥੇਬੰਦੀਆਂ ਵੱਲੋਂ ਮੁੱਖ ਮੰਤਰੀ ਦੀ ਵਾਅਦਾ ਖਿਲਾਫੀ ਵਿਰੁੱਧ 26 ਜਨਵਰੀ ਮੁੱਖ ਮੰਤਰੀ ਖਿਲਾਫ ਹਰ ਹਾਲ ਕਾਲੇ ਝੰਡਿਆਂ ਨਾਲ ਪ੍ਰਦਸ਼ਰਨ ਕੀਤਾ ਜਾਵੇਗਾ। ਉਧਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੋਸ਼ ਲਾਇਆ ਕਿ ਮਾਨ ਸਰਕਾਰ ਵੀ ਪਹਿਲੀਆਂ ਕਿਸਾਨ ਮਜ਼ਦੂਰ ਵਿਰੋਧੀ ਸਰਕਾਰਾਂ ਵਾਂਗ ਹੀ ਪੁਲਿਸ ਦੇ ਜ਼ੋਰ ਮਜ਼ਦੂਰਾਂ ਦੀ ਹੱਕੀ ਆਵਾਜ਼ ਨੂੰ ਕੁਚਲਣਾ ਚਾਹੁੰਦੀ ਹੈ। ਪਹਿਲਾਂ ਤਾਂ ਤਿੰਨ ਵਾਰ ਸਮਾਂ ਤਹਿ ਕਰਕੇ ਮੁੱਖ ਮੰਤਰੀ ਖੁਦ ਗੱਲਬਾਤ ਰਾਹੀਂ ਮਸਲੇ ਹੱਲ ਕਰਨ ਤੋਂ ਭੱਜਦੇ ਰਹੇ ਹਨ ਅਤੇ ਹੁਣ ਉਨ੍ਹਾਂ ਦੀ ਬਠਿੰਡਾ ਆਮਦ ਮੌਕੇ ਜਨਤਕ ਵਿਰੋਧ ਕਰਨ ਦੇ ਜਮਹੂਰੀ ਹੱਕ ਨੂੰ ਵੀ ਕੁਚਲਣ ਦੇ ਯਤਨ ਕੀਤੇ ਜਾ ਰਹੇ ਹਨ। ਇਸ ਧੱਕੇਸ਼ਾਹੀ ਵਿਰੁੱਧ ਰੋਸ ਐਕਸ਼ਨ ਵਿੱਚ ਜਥੇਬੰਦੀ ਵੱਲੋਂ ਮਜ਼ਦੂਰਾਂ ਦਾ ਸਾਥ ਦਿੱਤਾ ਜਾਵੇਗਾ।
Share the post "ਮੁੱਖ ਮੰਤਰੀ ਦੇ ਵਿਰੋਧ ਪ੍ਰਦਰਸ਼ਨ ਦੇ ਐਲਾਨ ਤੋਂ ਬਾਅਦ ਪੁਲਿਸ ਵਲੋਂ ਮਜ਼ਦੂਰ ਜੱਥੇਬੰਦੀਆਂ ਦੇ ਆਗੂਆਂ ਦੀ ਫ਼ੜੋ-ਫ਼ੜੀ ਸ਼ੁਰੂ"