ਸੁਖਜਿੰਦਰ ਮਾਨ
ਚੰਡੀਗੜ੍ਹ, 9 ਜੁਲਾਈ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੁੰ ਆਖਿਆ ਕਿ ਉਹ ਆਪਣਾ ਉਹ ਬਿਆਨ ਵਾਪਸ ਲੈਣ ਜਿਸ ਵਿਚ ਉਹਨਾਂ ਨੇ ਕੇਂਦਰ ਸਰਕਾਰ ਨੂੰ ਕਿਹਾ ਸੀ ਕਿ ਪੰਜਾਬ ਨੁੰ ਵੱਖਰੀ ਵਿਧਾਨ ਸਭਾ ਤੇ ਵੱਖਰੇ ਹਾਈ ਕੋਰਟ ਵਾਸਤੇ ਥਾਂ ਅਲਾਟ ਕੀਤੀ ਜਾਵੇ।ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਬੇਤੁਕੀ ਮੰਗ ਨਾਲ ਪੰਜਾਬ ਦੇ ਹੱਕ ਸਰੰਡਰ ਕਰ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਕੋਲ ਪਹਿਲਾਂ ਹੀ ਆਪਣੀ ਵਿਧਾਨ ਸਭਾ ਤੇ ਹਾਈ ਕੋਰਟ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੁੰ ਇਹ ਦੋਵੇਂ ਸੰਸਥਾਵਾਂ ਸਰੰਡਰ ਕਰਨ ਦੀ ਲੋੜ ਨਹੀਂ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਮੁੱਖ ਮੰਤਰੀ ਨੂੰ ਬੇਨਤੀ ਕਰਦਾ ਹੈ ਕਿ ਉਹ ਆਪਣਾ ਉਹ ਟਵੀਟ ਵਾਪਸ ਲੈਣ ਜਿਸ ਵਿਚ ਉਹਨਾਂ ਇਹਨਾਂ ਦੋਵੇਂ ਸੰਸਥਾਵਾਂ ਲਈ ਥਾਂ ਅਲਾਟ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਨੁੰ ਬੇਨਤੀ ਕੀਤੀ ਸੀ।
ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਵੱਲੋਂ ਵੱਖਰੀ ਵਿਧਾਨ ਸਭਾ ਲਈ ਹਰਿਆਣਾ ਨੁੰ ਥਾਂ ਅਲਾਟ ਕਰਨ ਦੇ ਕੇਂਦਰ ਸਰਕਾਰ ਦੇ ਫੈਸਲੇ ’ਤੇ ਨਾਖੁਸ਼ੀ ਪ੍ਰਗਟ ਨਹੀਂ ਕੀਤੀ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਕੇਂਦਰ ਸਰਕਾਰ ਨੁੰ ਇਹ ਦੱਸਣ ਵਿਚ ਨਾਕਾਮ ਰਹੀ ਹੈ ਕਿ ਚੰਡੀਗੜ੍ਹ ਪੰਜਾਬ ਦਾ ਅਨਿੱਖੜਵਾਂ ਅੰਗ ਹੈ ਤੇ ਹਰਿਆਣਾ ਨੁੰ ਕੇਂਦਰ ਸ਼ਾਸਤ ਪ੍ਰਦੇਸ਼ ਵਿਚ ਵੱਖਰੀ ਵਿਧਾਨ ਸਭਾ ਵਿਚ ਕੋਈ ਥਾਂ ਅਲਾਟ ਨਹੀਂ ਕੀਤੀ ਜਾ ਸਕਦੀ। ਉਹਨਾਂ ਕਿਹਾ ਕਿ ਆਪ ਸਰਕਾਰ ਨੁੰ ਤੁਰੰਤ ਆਪਣੇ ਸਟੈਂਡ ਦੀ ਸਮੀਖਿਆ ਕਰਨੀ ਚਾਹੀਦੀ ਹੈ ਤੇ ਕੇਂਦਰ ਨੂੰ ਸਪਸ਼ਟ ਕਰਨਾ ਚਾਹੀਦਾ ਹੈ ਕਿ ਚੰਡੀਗੜ੍ਹ ਦਾ ਮੌਜੂਦਾ ਰੁਤਬਾ ਉਦੋਂ ਤੱਕ ਆਰਜ਼ੀ ਹੈ ਜਦੋਂ ਤੱਕ ਇਹ ਪੰਜਾਬ ਨੂੰ ਟਰਾਂਸਫਰ ਨਹੀਂ ਹੋ ਜਾਂਦਾ।
Share the post "ਮੁੱਖ ਮੰਤਰੀ ਪੰਜਾਬ ਲਈ ਵੱਖਰੀ ਵਿਧਾਨ ਸਭਾ ਤੇ ਹਾਈ ਕੋਰਟ ਲਈ ਥਾਂ ਅਲਾਟ ਕਰਦਿਆਂ ਕੇਂਦਰ ਨੁੰ ਕੀਤੀ ਬੇਨਤੀ ਬਾਰੇ ਆਪਣਾ ਬਿਆਨ ਵਾਪਸ ਲੈਣ : ਅਕਾਲੀ ਦਲ"