ਕਿਸੇ ਵੀ ਤਰ੍ਹਾਂ ਦੀ ਗੈਰ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਕੀਤਾ ਵਿਚਾਰ-ਵਟਾਂਦਰਾ
ਸੁਖਜਿੰਦਰ ਮਾਨ
ਬਠਿੰਡਾ, 1 ਅਗਸਤ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੀ ਪ੍ਰਧਾਨਗੀ ਹੇਠ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਚ ਜ਼ਿਲ੍ਹਾ ਸੰਕਟਕਾਲੀਨ ਗਰੁੱਪ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਕਿਸੇ ਵੀ ਤਰ੍ਹਾਂ ਦੀ ਸੰਭਾਵੀ ਗੈਰ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਪ੍ਰਸ਼ਾਸਨਿਕ ਪੱਧਰ ’ਤੇ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਕੈਮੀਕਲ ਦੀ ਵਰਤੋਂ ਕਰਨ ਵਾਲੇ ਅਦਾਰਿਆਂ ਦੇ ਨੁਮਾਇੰਦਿਆਂ ਨਾਲ ਨਿਯਮਤ ਤੌਰ ’ਤੇ ਅਜਿਹੀ ਮੀਟਿੰਗ ਕੀਤੀ ਜਾਂਦੀ ਹੈ ਤਾਂ ਜੋ ਰਸਾਇਣਕ ਦੁਰਘਟਨਾਵਾਂ ਵਾਪਰਨ ਦੀ ਕਿਸੇ ਵੀ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨਿਕ ਵਿਭਾਗਾਂ ਤੇ ਸਬੰਧਤ ਅਦਾਰੇ ਵਿੱਚ ਤਾਲਮੇਲ ਨੂੰ ਯਕੀਨੀ ਬਣਾਇਆ ਜਾ ਸਕੇ ਤੇ ਘਟਨਾ ਨਾਲ ਹੋਣ ਵਾਲੇ ਨੁਕਸਾਨ ਨੂੰ ਰੋਕਿਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਹਦਾਇਤ ਕਰਦਿਆਂ ਕਿਹਾ ਕਿ ਅਗਲੇ ਮਹੀਨੇ ਗੁਜਰਾਤ ਗੈਸ ਦੀ ਘਰੇਲੂ ਗੈਸ ਪਾਇਪਲਾਈਨ ਤੇ ਐਨ.ਡੀ.ਆਰ.ਐਫ ਦੀ ਸਹਾਇਤਾ ਨਾਲ ਆਫ ਸਾਈਟ ਮੌਕ ਡਰਿੱਲ ਕਰਵਾਈ ਜਾਵੇ ਤਾਂ ਜੋ ਅਭਿਆਸੀ ਗਤੀਵਿਧੀਆਂ ਨੂੰ ਅਮਲ ਵਿੱਚ ਲਿਆਂਦਾ ਜਾ ਸਕੇ ਅਤੇ ਜਾਗਰੂਕਤਾ ਪੈਦਾ ਕੀਤੀ ਜਾ ਸਕੇ। ਇਸ ਮੌਕੇ ਡਿਪਟੀ ਡਾਇਰੈਕਟਰ ਫੈਕਟਰੀਜ਼ ਇੰਜਨੀਅਰ ਵਿਸ਼ਾਲ ਸਿੰਗਲਾ ਨੇ ਦੱਸਿਆ ਕਿ ਇਸ ਚ ਪੁਲਿਸ, ਸਿਹਤ ਵਿਭਾਗ ਤੇ ਫਾਇਰ ਬ੍ਰਿਗੇਡ ਦੀ ਅਹਿਮ ਭੂਮਿਕਾ ਹੁੰਦੀ ਹੈ ਤੇ ਇਨ੍ਹਾਂ ਵਿਭਾਗਾਂ ਨੂੰ ਸੰਕਟਕਾਲੀਨ ਸਥਿਤੀ ਨਾਲ ਨਜਿੱਠਣ ਲਈ ਹਰ ਵੇਲੇ ਚੌਕਸ ਰਹਿਣ ਦੀ ਲੋੜ ਹੈ। ਮੀਟਿੰਗ ਦੌਰਾਨ ਏਡੀਸੀ (ਜ) ਡਾ. ਪਲਵੀ ਚੌਧਰੀ, ਕਮਿਸ਼ਨਰ ਨਗਰ ਨਿਗਮ ਰਾਹੁਲ ਅਤੇ ਐਨਡੀਆਰਐਫ਼ ਦੇ ਅਧਿਕਾਰੀਆਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।
Share the post "ਰਸਾਇਣਕ ਦੁਰਘਟਨਾਵਾਂ ਤੋਂ ਬਚਾਅ ਤੇ ਜਾਗਰੂਕਤਾ ਲਈ ਕਰਵਾਈ ਜਾਵੇਗੀ ਮੌਕ ਡਰਿਲ : ਡਿਪਟੀ ਕਮਿਸ਼ਨਰ"