232 Views
ਚੰਡੀਗੜ੍ਹ, 11 ਅਕਤੂਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਹੁਸ਼ਿਆਰਪੁਰ ਜ਼ਿਲ੍ਹੇ ਦੇ ਥਾਣਾ ਤਲਵਾੜਾ ਵਿਖੇ ਤਾਇਨਾਤ ਇੰਸਪੈਕਟਰ ਕੇਵਲ ਕ੍ਰਿਸ਼ਨ ਨੂੰ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਜਗਪਾਲ ਸਿੰਘ ਵਾਸੀ ਪਿੰਡ ਰਾਮ ਨੰਗਲ, ਤਹਿਸੀਲ ਮੁਕੇਰੀਆਂ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਇੰਸਪੈਕਟਰ, ਉਸ ਦੇ ਭਰਾ ਨਾਲ ਝਗੜੇ ਸਬੰਧੀ ਥਾਣਾ ਸਦਰ ਵਿਖੇ ਦਰਜ ਕਰਾਸ ਪੁਲਿਸ ਕੇਸ ਵਿੱਚ ਉਸਦੀ ਮਦਦ ਕਰਨ ਬਦਲੇ ਉਸ ਤੋਂ 40,000 ਰੁਪਏ ਮੰਗ ਰਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਭ੍ਰਿਸ਼ਟਾਚਾਰ ਦੀ ਇਸ ਕਾਰਵਾਈ ਅੱਗੇ ਨਾ ਝੁਕਣ ਦਾ ਠਾਣ ਤੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਦੇ ਦਫ਼ਤਰ ਤੱਕ ਪਹੁੰਚ ਕਰਨ ਦਾ ਫੈਸਲਾ ਕੀਤਾ।
ਇਸ ਸਬੰਧੀ ਮੁੱਢਲੀ ਪੁੱਛਗਿੱਛ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 40,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ ‘ਤੇ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਉਕਤ ਪੁਲਿਸ ਮੁਲਾਜ਼ਮ ਖਿਲਾਫ਼ ਥਾਣਾ ਵਿਜੀਲੈਂਸ ਰੇਂਜ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮ ਨੂੰ ਜਲਦ ਹੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ।
Share the post "ਵਿਜੀਲੈਂਸ ਵੱਲੋਂ 40,000 ਰੁਪਏ ਰਿਸ਼ਵਤ ਲੈਂਦਾ ਪੁਲਿਸ ਇੰਸਪੈਕਟਰ ਰੰਗੇ ਹੱਥੀਂ ਕਾਬੂ"