ਸੁਖਜਿੰਦਰ ਮਾਨ
ਬਠਿੰਡਾ, 30 ਜਨਵਰੀ: ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅੱਜ ਦੇਸ਼ ਦੇ ਆਜ਼ਾਦੀ ਸੰਗਰਾਮ ਦੌਰਾਨ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਜ਼ਿਲਾ ਪ੍ਰਸ਼ਾਸਨ ਵੱਲੋਂ ਮਿੰਨੀ ਸਕੱਤਰੇਤ ਦੇ ਗਰਾਊਂਡ ਵਿਖੇ ਕਰਵਾਏ ਗਏ ਸ਼ਰਧਾਂਜਲੀ ਸਮਾਗਮ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵਰਿੰਦਰ ਪਾਲ ਸਿੰਘ ਬਾਜਵਾ, ਉਪ ਮੰਡਲ ਮੈਜਿਸਟਰੇਟ ਕੰਵਰਜੀਤ ਸਿੰਘ, ਡੀ.ਐੱਸ.ਪੀ ਸੰਜੀਵ ਸਿੰਗਲਾ, ਤਹਿਸੀਲਦਾਰ ਚੋਣਾਂ ਗੁਰਚਰਨ ਸਿੰਘ ਸਮੂਹ ਮੁਲਾਜ਼ਮਾਂ ਤੋ ਇਲਾਵਾ ਜ਼ਿਲਾ ਟ੍ਰੇਨਿੰਗ ਕੁਆਰਡੀਨੇਟਰ ਗੁਰਦੀਪ ਸਿੰਘ ਮਾਨ ਨੇ ਦੋ ਮਿੰਟ ਦਾ ਮੌਨ ਰੱਖ ਕੇ ਸ਼ਹੀਦਾਂ ਨੂੰ ਆਪਣੀ ਅਕੀਦਤ ਭੇਂਟ ਕੀਤੀ। ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਹਥਿਆਰਾਂ ਨੂੰ ਨਿਵਾ ਕੇ ਸ਼ਹੀਦਾਂ ਨੂੰ ਸਲਾਮੀ ਵੀ ਦਿੱਤੀ।ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ, ‘‘ਦੇਸ਼ ਕੌਮ ਦੇ ਜਿਨ੍ਹਾਂ ਰਾਖਿਆਂ ਨੇ ਸਾਡੀ ਆਜ਼ਾਦੀ ਲਈ ਆਪਣੀਆਂ ਜਾਨਾਂ ਤੱਕ ਕੁਰਬਾਨ ਕਰਨ ਤੋਂ ਗੁਰੇਜ਼ ਨਹੀਂ ਕੀਤਾ, ਉਨ੍ਹਾਂ ਯੋਧਿਆਂ ਨੂੰ ਹਰ ਸਾਲ ਦੀ ਤਰ੍ਹਾਂ ਅੱਜ ਜ਼ਿਲ੍ਹੇ ਦੇ ਸਮੂਹ ਸਰਕਾਰੀ ਅਮਲੇ ਵੱਲੋਂ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ ਹਨ।‘‘ ਉਨ੍ਹਾਂ ਕਿਹਾ ਕਿ ਭਾਰਤ ਦੀ ਆਜ਼ਾਦੀ ਲਈ ਸ਼ਹੀਦ ਹੋਣ ਵਾਲੇ ਮਹਾਨ ਸ਼ਹੀਦਾਂ ਵੱਲੋਂ ਲੜੇ ਗਏ ਘੋਲ ਸਦਕਾ ਹੀ ਅੱਜ ਅਸੀਂ ਸਾਰੇ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਅੱਜ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਗਾਂਧੀ ਜੀ ਦੇ ਸੱਚ ਅਤੇ ਅਹਿੰਸਾ ਦੇ ਵਿਚਾਰਾਂ ਨੂੰ ਆਪਣੇ ਜੀਵਨ ਵਿੱਚ ਅਪਨਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਭਾਰਤ ਨੂੰ ਮਜ਼ਬੂਤ ਰਾਸ਼ਟਰ ਬਣਾਉਣ ਲਈ ਸਾਨੂੰ ਮਹਾਨ ਸ਼ਹੀਦਾਂ ਵੱਲੋਂ ਦਰਸਾਏ ਗਏ ਮਾਰਗ ‘ਤੇ ਚਲਣਾ ਚਾਹੀਦਾ ਹੈ।
Share the post "ਸ਼ਹੀਦੀ ਦਿਵਸ ਮੌਕੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ"