ਸੁਖਜਿੰਦਰ ਮਾਨ
ਬਠਿੰਡਾ, 13 ਫਰਵਰੀ: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਖਾਲਸਤਾਨੀ ਕੈਦੀਆਂ ਸਮੇਤ ਸਭਨਾਂ ਕੈਦੀਆਂ ਦੀ ਤੁਰੰਤ ਬਿਨਾਂ ਸ਼ਰਤ ਰਿਹਾਈ ਖਾਤਰ ਦਿੱਤੇ ਸੱਦੇ ਤਹਿਤ ਅੱਜ ਜਿਲ੍ਹਾ ਪ੍ਰਧਾਨ ਸਿੰਗਾਰਾ ਸਿੰਘ ਮਾਨ ਦੀ ਅਗਵਾਈ ਵਿੱਚ ਮਿਨੀ ਸਕੱਤਰੇਤ ਅੱਗੇ ਧਰਨਾ ਦੇ ਕੇ ਡਿਪਟੀ ਕਮਿਸ਼ਨਰ ਰਾਹੀਂ ਭਾਰਤ ਦੇ ਪ੍ਰਧਾਨ ਮੰਤਰੀ ਅਤੇ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜਿਆ ਗਿਆ। ਇਸਤੋਂ ਇਲਾਵਾ ਸ਼ਹਿਰ ਵਿਚ ਰੋਸ਼ ਮੁਜ਼ਾਹਰਾ ਵੀ ਕੀਤਾ ਗਿਆ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਸ਼ੁਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਅਤੇ ਸਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ 22 ਖਾਲਸਿਤਾਨੀ ਕੈਦੀਆਂ ਸਮੇਤ ਪੂਰੇ ਦੇਸ਼ ਦੇ ਬਹੁਤ ਵੱਡੀ ਗਿਣਤੀ ਵਿੱਚ ਦਲਿਤ, ਆਦਿਵਾਸੀ, ਮੁਸਲਮਾਨ ਤੇ ਸਮਾਜ ਦੇ ਹੋਰ ਦੱਬੇ-ਕੁਚਲੇ ਲੋਕ ਸ਼ਾਮਲ ਹਨ। ਜਿਲਾ ਜਨਰਲ ਸਕੱਤਰ ਹਰਜਿੰਦਰ ਸਿੰਘ ਬਗੀ ਨੇ ਕਿਹਾ ਕਿ ਫਿਰਕੂ ਕਤਲਾਂ ਦੇ ਦੋਸ਼ੀ ਖਾਲਿਸਤਾਨੀ ਕੈਦੀਆਂ ਦੇ ਮਨੁੱਖੀ ਅਧਿਕਾਰਾਂ ਲਈ ਅਵਾਜ਼ ਉਠਾਉਣਾ ਵੀ ਸਭਨਾਂ ਜਮਹੂਰੀ ਤਾਕਤਾਂ ਦਾ ਸਾਂਝਾ ਕਾਰਜ ਹੈ। ਕਰਨਾਟਕ ਜੇਲ੍ਹ ਤੋਂ ਪੈਰੋਲ ’ਤੇ ਆਏ ਅਜਿਹੇ ਪੀੜਤ ਕੈਦੀ ਗੁਰਦੀਪ ਸਿੰਘ ਖੇੜਾ ਨੇ ਵੀ ਇਸ ਪੈਂਤੜੇ ਉੱਪਰ ਹੀ ਮੋਹਰ ਲਾਈ ਹੈ। ਜਥੇਬੰਦੀ ਵੱਲੋਂ ਤਾਂ ਪਹਿਲਾਂ ਤੋਂ ਹੀ ਇਸ ਪੈਂਤੜੇ ਤਹਿਤ ਆਵਾਜ਼ ਉਠਾਈ ਜਾਂਦੀ ਰਹੀ ਹੈ। ਹੁਣ ਸਾਲ ਦੇ ਅੰਦਰ ਅੰਦਰ ਹੀ ਮਨੁੱਖੀ ਅਧਿਕਾਰ ਦਿਵਸ ਮੌਕੇ 10 ਦਸੰਬਰ 2021 ਨੂੰ ਦਿੱਲੀ ਅੰਦੋਲਨ ਦੌਰਾਨ ਟਿਕਰੀ ਬਾਰਡਰ ਦਿੱਲੀ ਵਿਖੇ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ 28 ਸਤੰਬਰ 2022 ਨੂੰ ਬਰਨਾਲਾ ਵਿਖੇ ਬੇਸ਼ੁਮਾਰ ਇਕੱਠਾਂ ਵਿੱਚ ਇਨ੍ਹਾਂ ਮੰਗਾਂ ਸੰਬੰਧੀ ਮਤੇ ਪਾਸ ਕਰਕੇ ਜ਼ੋਰਦਾਰ ਆਵਾਜ਼ ਉਠਾਈ ਜਾ ਚੁੱਕੀ ਹੈ। ਔਰਤ ਜਥੇਬੰਦੀ ਦੀਆਗੂ ਹਰਿੰਦਰ ਬਿੰਦੂ ਨੇ ਕਿਹਾ ਕਿ ਅੱਜ ਦੇ ਅਖਬਾਰਾਂ ਦੀਆਂ ਰਿਪੋਰਟਾਂ ਮੁਤਾਬਕ ਪੰਜਾਬ ਦੀਆਂ ਜੇਲਾਂ ਵਿਚ ਵੱਖ ਵੱਖ ਜੁਰਮਾਂ ਤਹਿਤ ਔਰਤਾਂ ਦੇ ਨਾਲ 6 ਤੋਂ ਘੱਟ ਉਮਰ ਦੇ 46 ਬੱਚੇ ਬਿਨਾਂ ਕਿਸੇ ਕਸੂਰ ਅਤੇ ਗੈਰ ਕਾਨੂੰਨੀ ਤੌਰ ਤੇ ਜੇਲ੍ਹਾਂ ਵਿੱਚ ਬੰਦ ਹਨ। ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਬੱਚਿਆਂ ਨੂੰ ਜੇਲ੍ਹਾਂ ਤੋਂ ਬਾਹਰ ਪੂਰਨ ਆਜ਼ਾਦੀ ਮਾਨਣ ਦੇ ਪ੍ਰਬੰਧ ਕੀਤੇ ਜਾਣ। ਮੰਗ ਪੱਤਰ ਦੇਣ ਤੋਂ ਬਾਅਦ ਕਿਸਾਨਾਂ ਦੇ ਕਾਫਲੇ ਨੇ ਹਨੂੰਮਾਨ ਚੌਕ ਤੱਕ ਮੁਜਾਹਰਾ ਕਰ ਕੇ ਜੋਰਦਾਰ ਨਾਹਰਿਆਂ ਰਾਹੀਂ ਸਹਿਰ ਵਾਸੀਆਂ ਤੱਕ ਆਪਣੀ ਮੰਗ ਉਭਾਰੀ। ਜ਼ਿਲ੍ਹਾ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਅਤੇ ਮੀਤ ਪ੍ਰਧਾਨ ਬਸੰਤ ਸਿੰਘ ਕੋਠਾ ਨੇ ਕਿਰਾਇਆ ਘੋਲ,ਜ਼ਮੀਨੀ ਘੋਲ ਅਤੇ ਦਿੱਲੀ ਮੋਰਚੇ ਦੌਰਾਨ ਪਿੰਡ ਜੇਠੂਕੇ ਦੇ ਸ਼ਹੀਦ ਹੋਏ ਸ਼ਹੀਦਾਂ ਦੀ 15 ਫਰਵਰੀ ਨੂੰ ਸ਼ਹੀਦੀ ਪਾਰਕ ਜੇਠੂਕੇ ਵਿਖੇ ਮਨਾਈ ਜਾ ਬਰਸੀ ਤੇ ਕਿਸਾਨਾਂ ,ਮਜ਼ਦੂਰਾਂ ਔਰਤਾਂ ਅਤੇ ਸਮੂਹ ਇਨਸਾਫ ਪਸੰਦ ਲੋਕਾਂ ਨੂੰ ਪਹੁੰਚਣ ਦਾ ਸੱਦਾ ਦਿੱਤਾ । ਅੱਜ ਦੇ ਇਕੱਠ ਨੂੰ ਦਰਸਨ ਸਿੰਘ ਮਾਈਸਰਖਾਨਾ,ਜਗਦੇਵ ਸਿੰਘ ਜੋਗੇਵਾਲਾ,ਜਗਸੀਰ ਸਿੰਘ ਝੁੰਬਾ,ਮਾਲਣ ਕੌਰ ਕੋਠਾ ਗੁਰੂ, ਪੀ ਐਸ ਯੂ ( ਸ਼ਹੀਦ ਰੰਧਾਵਾ ) ਦੇ ਆਗੂ ਬਿੰਦਰ ਸਿੰਘ ਘੁੱਦਾ ਅਤੇ ਪੀ ਐਸ ਯੂ ( ਲਲਕਾਰ ) ਦੇ ਆਗੂ ਗੁਰਵਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ।
Share the post "ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕਿਸਾਨ ਜਥੇਬੰਦੀ (ਉਗਰਾਹਾ) ਨੇ ਜ਼ਿਲ੍ਹਾ ਪੱਧਰੀ ਧਰਨਾ ਦਿੰਦਿਆਂ ਸਹਿਰ ਵਿੱਚ ਕੀਤਾ ਮੁਜਾਹਰਾ"