ਬੱਕਰੀ ਪਾਲਣ ਨਾਲ ਸਬੰਧਤ ਵਿਸ਼ਿਆਂ ਤੇ ਵਿਸਥਾਰਪੂਰਵਕ ਕੀਤੀ ਗਈ ਜਾਣਕਾਰੀ ਸਾਂਝੀ
ਸਿਖਿਆਰਥੀਆਂ ਨੂੰ ਸਫ਼ਲ ਬੱਕਰੀ ਪਾਲਕਾਂ ਦੇ ਫ਼ਾਰਮਾਂ ਦਾ ਕਰਵਾਇਆ ਗਿਆ ਦੌਰਾ
ਸੁਖਜਿੰਦਰ ਮਾਨ
ਬਠਿੰਡਾ, 14 ਜਨਵਰੀ : ਸਥਾਨਕ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਸਹਾਇਕ ਕਿੱਤਿਆਂ ਨੂੰ ਉਤਸ਼ਾਹਿਤ ਕਰਨ ਲਈ ਸਮੇਂ-ਸਮੇਂ ਤੇ ਕਰਵਾਏ ਜਾਂਦੇ ਵੱਖ-ਵੱਖ ਕਿੱਤਾਮੁਖੀ ਕੋਰਸਾਂ ਦੀ ਕੜੀ ਤਹਿਤ ਹੀ 9 ਤੋਂ 13 ਜਨਵਰੀ 2023 ਤੱਕ ਬੱਕਰੀ ਪਾਲਣ ਸਬੰਧੀ ਕਿੱਤਾਮੁਖੀ ਕੋਰਸ ਆਯੋਜਤ ਕੀਤਾ ਗਿਆ। ਇਹ ਜਾਣਕਾਰੀ ਡਿਪਟੀ ਡਾਇਰੈਕਟਰ ਕੇ.ਵੀ.ਕੇ. ਡਾ. ਗੁਰਦੀਪ ਸਿੰਘ ਸਿੱਧੂ ਨੇ ਦਿੱਤੀ। ਇਸ ਮੌਕੇ ਡਾ. ਗੁਰਦੀਪ ਸਿੰਘ ਨੇ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਵਿੱਚ ਭਾਗ ਲੈਣ ਵਾਲੇ ਕਿਸਾਨਾਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਵਿਸਥਾਰਪੂਰਵਕ ਚਾਨਣਾ ਪਾਉਂਦਿਆਂ ਕਿਸਾਨਾਂ ਨੂੰ ਕੇਂਦਰ ਦੀਆਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਵੀ ਪ੍ਰੇਰਿਤ ਕੀਤਾ ਗਿਆ ਹੈ ਤਾਂ ਕਿ ਬੱਕਰੀ ਪਾਲਣ ਦੇ ਕਿੱਤੇ ਨੂੰ ਵੱਧ ਤੋਂ ਵੱਧ ਪ੍ਰਫ਼ੁੱਲਤ ਕੀਤਾ ਜਾ ਸਕੇ। ਇਸ ਦੌਰਾਨ ਡਾ. ਅਜੀਤਪਾਲ ਸਿੰਘ ਧਾਲੀਵਾਲ ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਸ਼ੁਰੂ ਕੀਤੇ ਗਏ ਇਸ ਸਿਖਲਾਈ ਕੋਰਸ ਦੌਰਾਨ ਵੱਖ-ਵੱਖ ਬੱਕਰੀ ਪਾਲਣ ਨਾਲ ਸਬੰਧਤ ਵਿਸ਼ਿਆਂ ਤੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਜਿਸ ਵਿੱਚ ਬੱਕਰੀਆਂ ਦੀਆਂ ਨਸ਼ਲਾਂ, ਸੈਡਾਂ ਦੀ ਬਣਤਰ, ਖ਼ੁਰਾਕ ਅਤੇ ਚਾਰੇ ਦਾ ਪ੍ਰਬੰਧ, ਮੰਡੀਕਰਨ ਸਹਿਤ ਬੱਕਰੀਆਂ ਦੀਆਂ ਬਿਮਾਰੀਆਂ ਤੇ ਟੀਕਾਕਰਨ ਸ਼ਾਮਲ ਸਨ। ਇਸ ਤਰ੍ਹਾਂ ਹੀ ਡਾ. ਸਰਵਪ੍ਰਿਆ ਸਿੰਘ ਦੁਆਰਾ ਵੱਖ-ਵੱਖ ਸਹਾਇਕ ਕਿੱਤਿਆਂ ਦੀ ਆਰਥਿਕਤਾ ਬਾਰੇ ਦੱਸਿਆ ਗਿਆ ਅਤੇ ਬੈਂਕ ਅਧਿਕਾਰੀਆਂ ਦੇ ਲੈਕਚਰ ਜ਼ਰੀਏ ਬੈਂਕਾਂ ਦੀਆਂ ਸੁਵਿਧਾਵਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਸਿਖਲਾਈ ਕੋਰਸ ਦੌਰਾਨ ਸਿਖਿਆਰਥੀਆਂ ਨੂੰ ਬਠਿੰਡੇ ਜ਼ਿਲ੍ਹੇ ਦੇ ਸਫ਼ਲ ਬੱਕਰੀ ਪਾਲਕਾਂ ਦੇ ਫ਼ਾਰਮਾਂ ਦਾ ਦੌਰਾ ਵੀ ਕਰਵਾਇਆ ਗਿਆ। ਕੋਰਸ ਦੇ ਆਖਰੀ ਦਿਨ ਡਾ. ਜਸਵਿੰਦਰ ਕੌਰ ਬਰਾੜ ਸਹਿਯੋਗੀ ਪ੍ਰੋ: ਹੋਮਸਾਇੰਸ ਦੁਆਰਾ ਕਿੱਤਾਮੁਖੀ ਸਿਖਲਾਈ ਕੋਰਸਾਂ ਨੂੰ ਸਮੇਂ ਦੀ ਲੋੜ ਦੱਸਦੇ ਹੋਏ ਸਿਖਿਆਰਥੀਆਂ ਨੂੰ ਇਸ ਕੰਮ ਨੂੰ ਕਿੱਤੇ ਦੇ ਤੌਰ ਤੇ ਅਪਣਾਉਣ ਲਈ ਪ੍ਰੇਰਿਤ ਕੀਤਾ ਤਾਂ ਜੋ ਉਹ ਆਪਣੇ ਪੈਰਾਂ ਤੇ ਖੜ੍ਹੇ ਹੋ ਕਿ ਆਪਣੇ ਘਰ ਦੀ ਆਰਥਿਕ ਹਾਲਤ ਨੂੰ ਬੇਹਤਰ ਬਣਾਉਣ ਵਿੱਚ ਬਣਦਾ ਯੋਗਦਾਨ ਪਾ ਸਕਣ।
ਸਥਾਨਕ ਕੇ.ਵੀ.ਕੇ. ਵਿਖੇ ਬੱਕਰੀ ਪਾਲਣ ਸਬੰਧੀ ਸਿਖਲਾਈ ਕੋਰਸ ਆਯੋਜਤ
16 Views