ਮਾਪਿਆਂ ਨੂੰ ਆਪਣੇ 0 ਤੋਂ 5 ਸਾਲ ਦੇ ਹਰੇਕ ਬੱਚੇ ਨੂੰ 28 ਮਈ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ ਅਪੀਲ
ਸੁਖਜਿੰਦਰ ਮਾਨ
ਬਠਿੰਡਾ, 19 ਮਈ- ਡਿਪਟੀ ਕਮਿਸ਼ਨਰ ਬਠਿੰਡਾ ਸ੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ ਬਠਿੰਡਾ ਮੈਡਮ ਪੱਲਵੀ ਨੇ ਸਿਹਤ ਵਿਭਾਗ ਵੱਲੋਂ ਕੀਤੇ ਜਾ ਰਹੇ ਸਪੈਸ਼ਲ ਨੈਸ਼ਨਲ ਪਲਸ ਪੋਲੀਓ ਰਾਊਂਡ ਮਿਤੀ 28 ਮਈ ਲਈ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਡਾ. ਤੇਜਵੰਤ ਸਿੰਘ ਢਿੱਲੋਂ ਸਿਵਲ ਸਰਜਨ ਬਠਿੰਡਾ, ਡਾ ਸੁਖਜਿੰਦਰ ਸਿੰਘ ਗਿੱਲ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ ਊਸ਼ਾ ਗੋਇਲ ਜ਼ਿਲ੍ਹਾ ਸਿਹਤ ਅਫ਼ਸਰ, ਡਾ ਮੀਨਾਕਸ਼ੀ ਸਿੰਗਲਾ ਜ਼ਿਲ੍ਹਾ ਟੀਕਾਕਰਣ ਅਫ਼ਸਰ, ਡਾ ਰਮਨਦੀਪ ਡਿਪਟੀ ਮੈਡੀਕਲ ਕਮਿਸ਼ਨਰ, ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰ, ਡਰੱਗ ਇੰਸਪੈਕਟਰ, ਫੂਡ ਇੰਸਪੈਕਟਰ, ਦਫ਼ਤਰੀ ਸਟਾਫ਼ ਅਤੇ ਹੋਰ ਵਿਭਾਗਾਂ ਦੇ ਨੁਮਾਇੰਦਿਆਂ ਨੇ ਭਾਗ ਲਿਆ।ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬੇਸ਼ੱਕ ਵਿਸ਼ਵ ਸਿਹਤ ਸੰਸਥਾ ਨੇ ਭਾਰਤ ਨੂੰ ਪੋਲੀਓ ਮੁਕਤ ਦੇਸ਼ ਘੋਸ਼ਿਤ ਕੀਤਾ ਹੋਇਆ ਹੈ, ਪਰ ਗੁਆਂਢੀ ਦੇਸ਼ਾਂ ਵਿੱਚ ਅਜੇ ਵੀ ਪੋਲੀਓ ਦੇ ਕੇਸ ਆ ਰਹੇ ਹਨ, ਉਨ੍ਹਾਂ ਦੇਸ਼ਾਂ ਵਿੱਚ ਭਾਰਤ ਦੀ ਮਾਈਗੇਰਸ਼ਨ ਹੋਣ ਕਰਕੇ ਭਾਰਤ ਨੂੰ ਪੋਲੀਓ ਦਾ ਅਜੇ ਵੀ ਖਤਰਾ ਬਣਿਆ ਹੋਇਆ ਹੈ। ਇਸ ਲਈ ਭਾਰਤ ਦੀ ਪੋਲੀਓ ਮੁਕਤੀ ਨੂੰ ਬਰਕਰਾਰ ਰੱਖਣ ਲਈ ਵਿਸ਼ਵ ਸਿਹਤ ਸੰਗਠਨ ਹਰ ਉਪਰਾਲੇ ਕਰ ਰਿਹਾ ਹੈ। ਇਸੇ ਮੁਹਿੰਮ ਅਧੀਨ ਜ਼ਿਲ੍ਹਾ ਬਠਿੰਡਾ ਸਮੇਤ ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਸਪੈਸ਼ਲ ਨੈਸ਼ਨਲ ਪੋਲੀਓ ਰਾਊਡ ਮਿਤੀ 28 ਤੋਂ 30 ਮਈ ਤੱਕ ਕੀਤਾ ਜਾ ਰਿਹਾ ਹੈ।ਉਨ੍ਹਾਂ ਹੋਰ ਦੱਸਿਆ ਕਿ ਕਿਹਾ ਕਿ ਲਾਇਲਾਜ ਪੋਲੀਓ ਬਿਮਾਰੀ ਨਾਲ ਨਜਿੱਠਣ ਲਈ ਸਾਰੇ ਵਿਭਾਗਾਂ ਦੇ ਸਹਿਯੋਗ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਨੇ ਸੰਪੂਰਨ ਤਿਆਰੀ ਕਰ ਲਈ ਹੈ। ਉਨ੍ਹਾਂ ਸਭ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਇਸ ਨੋਬਲ ਕਾਰਜ ਲਈ ਸਿਹਤ ਵਿਭਾਗ ਦਾ ਸਹਿਯੋਗ ਦੇਣ।ਮੀਟਿੰਗ ਦੌਰਾਨ ਸਿਵਲ ਸਰਜਨ ਡਾ ਤੇਜਵੰਤ ਸਿੰਘ ਢਿੱਲੋਂ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਇਸ ਮੁਹਿੰਮ ਲਈ 1316 ਟੀਮਾਂ ਦੇ ਗਠਨ ਕੀਤਾ ਗਿਆ ਹੈ, ਜੋ ਮਿਤੀ 28 ਮਈ ਨੂੰ ਬੂਥਾਂ ਤੇ ਬੈਠ ਕੇ ਅਤੇ 29 ਅਤੇ 30 ਮਈ ਨੂੰ ਘਰ ਘਰ ਜਾ ਕੇ 0 ਤੋਂ 5 ਸਾਲ ਤੱਕ ਦੇ ਹਰੇਕ ਬੱਚੇ ਨੂੰ ਪੋਲੀਓ ਬੂੰਦਾਂ ਪਿਲਾਉਣਗੀਆਂ। ਟਰਾਂਜਿਟ ਟੀਮਾਂ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ ਅਤੇ ਮੋਬਾਇਲ ਟੀਮਾਂ ਫੈਕਟਰੀਆਂ, ਭੱਠਿਆਂ ਅਤੇ ਹੋਰ ਦੂਰ ਦੁਰਾਡੇ ਦੇ ਇਲਾਕਿਆਂ ਵਿੱਚ ਜਾ ਕੇ ਪੋਲੀਓ ਬੂੰਦਾਂ ਪਿਲਾਉਣਗੀਆਂ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ 0 ਤੋਂ 5 ਸਾਲ ਤੱਕ ਬੱਚਿਆਂ ਨੂੰ 28 ਮਈ ਨੂੰ ਪੋਲੀਓ ਬੂੰਦਾਂ ਜ਼ਰੂਰ ਪਿਲਾਉਣ। ਇਸ ਸਮੇਂ ਮੈਡਮ ਪੱਲਵੀ ਨੇ ਸਿਹਤ ਵਿਭਾਗ ਦੇ ਵੱਖ-ਵੱਖ ਸਿਹਤ ਪ੍ਰੋਗਰਾਮਾਂ ਜਿਵੇਂ ਪਰਿਵਾਰ ਨਿਯੋਜਨ, ਟੀਕਾਕਰਣ, ਫੂਡ, ਡਰੱਗਜ, ਮਾਂ ਅਤੇ ਬੱਚੇ ਦੀ ਸਿਹਤ ਸੰਭਾਲ, ਲੈਪਰੋਸੀ, ਕੰਟਰੋਲ ਆਫ ਬਲਾਈਂਡਨੈਸ, ਆਮ ਆਦਮੀ ਕਲੀਨਿਕ, ਰਾਸ਼ਟਰੀ ਬਾਲ ਸਿਹਤ, ਪੀਐਨਡੀਟੀ, ਕੈਂਸਰ ਆਦਿ ਪ੍ਰੋਗਰਾਮਾਂ ਦੀ ਸਮੀਖਿਆ ਵੀ ਕੀਤੀ ਅਤੇ ਹਰੇਕ ਸਕੀਮ ਅਧੀਨ 100 ਪ੍ਰਤੀਸ਼ਤ ਟੀਚੇ ਪੂਰੇ ਕਰਨ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸਿਹਤ ਸੰਸਥਾਵਾਂ ਵਿੱਚ ਆਉਣ ਵਾਲੇ ਕਿਸੇ ਵੀ ਮਰੀਜ਼ ਜਾਂ ਲਾਭਪਾਤਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ ਹਰਕੇ ਨਾਲ ਹਲੀਮੀ ਅਤੇ ਹਮਦਰਦੀ ਨਾਲ ਪੇਸ਼ ਆਇਆ ਜਾਵੇ।
ਸਪੈਸ਼ਲ ਨੈਸ਼ਨਲ ਪਲਸ ਪੋਲੀਓ ਰਾਊਂਡ ਲਈ ਜ਼ਿਲ੍ਹਾ ਟਾਸਕ ਫੋਰਸ ਦੀ ਬੈਠਕ ਆਯੋਜਿਤ
12 Views