ਖੇਤ ਮਜਦੂਰ ਯੂਨੀਅਨ ਨੇ ਲਿਆ ਤਿਆਰੀਆਂ ਦਾ ਜਾਇਜਾ
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 19 ਜੁਲਾਈ: ਅੱਜ ਇੱਥੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਦੀ ਪ੍ਰਧਾਨਗੀ ਹੇਠ ਸੂਬਾ ਕਮੇਟੀ ਦੀ ਅਹਿਮ ਮੀਟਿੰਗ ਸਥਾਨਕ ਟੀਚਰਜ਼ ਹੋਮ ਵਿਖੇ ਕੀਤੀ ਗਈ ਜਿਸ ਵਿੱਚ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ 20 ਜੁਲਾਈ ਨੂੰ ਭਖਦੇ ਮਜਦੂਰ ਮਸਲਿਆਂ ਨੂੰ ਲੈਕੇ ਕੀਤੀ ਜਾ ਰਹੀ ਸੂਬਾਈ ਕਨਵੈਨਸ਼ਨ ਦੀਆਂ ਤਿਆਰੀਆਂ ਸਬੰਧੀ ਜਾਇਜ਼ਾ ਲਿਆ ਗਿਆ ।ਇਹ ਜਾਣਕਾਰੀ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਅਤੇ ਸੂਬਾ ਵਿੱਤ ਸਕੱਤਰ ਹਰਮੇਸ਼ ਮਾਲੜੀ ਨੇ ਦੱਸਿਆ ਕਿ ਇਸ ਕਨਵੈਨਸ਼ਨ ਦੌਰਾਨ ਪੰਜਾਬ ਦੀ ਆਪ ਸਰਕਾਰ ਵਲੋਂ ਪੇਂਡੂ ਤੇ ਖੇਤ ਮਜ਼ਦੂਰਾਂ ਦੇ ਹੱਕੀ ਤੇ ਅਹਿਮ ਮਸਲਿਆਂ ਨੂੰ ਅਣਗੌਲੇ ਕੀਤੇ ਜਾਣ ਖਿਲਾਫ ਵਿਸ਼ਾਲ ਤੇ ਤਿੱਖੇ ਸ਼ੰਘਰਸ਼ ਦਾ ਐਲਾਨ ਕੀਤਾ ਜਾਵੇਗਾ ।ਉਹਨਾਂ ਦੱਸਿਆ ਕਿ ਕਨਵੈਨਸ਼ਨ ਦੌਰਾਨ ਮਜਦੂਰਾਂ ਦੇ ਪੱਕੇ ਰੁਜਗਾਰ ਦੀ ਗਰੰਟੀ ਕਰਨ ਅਤੇ ਦਿਹਾੜੀ 700/ਰੂਪੈ ਕਰਨ ,ਪੰਚਾਇਤੀ ਜਮੀਨਾਂ ਦਾ ਤੀਜਾ ਹਿੱਸਾ ਜਮੀਨ ਮਜਦੂਰਾਂ ਨੂੰ ਸਸਤੇ ਭਾਅ ਠੇਕੇ ਤੇ ਦੇਣ ,ਮਜਦੂਰਾਂ ਨੂੰ ਰਿਹਾਇਸ਼ੀ ਪਲਾਟ ਦੇਣ ,ਮਜਦੂਰਾਂ ਸਿਰ ਚੜ੍ਹੇ ਸਮੁੱਚੇ ਕਰਜੇ ਮਾਫ ਕਰਨ ਅਤੇ ਜਮੀਨੀ ਹੱਦਬੰਦੀ ਕਾਨੂੰਨ ਲਾਗੂ ਕਰਕੇ ਵਾਧੂ ਜਮੀਨਾਂ ਦੀ ਵੰਡ ਮਜਦੂਰਾਂ ਤੇ ਥੁੜ ਜਮੀਨੇ ਕਿਸਾਨਾਂ ਵਿੱਚ ਕਰਨ ਆਦਿ ਮਸਲਿਆਂ ਤੇ ਭਰਵੀਂ ਚਰਚਾ ਹੋਏਗੀ। ਉਹਨਾਂ ਦੋਸ਼ ਲਾਉਂਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਅਕਾਲੀ ਕਾਂਗਰਸ ਸਰਕਾਰ ਨਾਲੋਂ ਵੱਖਰੀ ਨਹੀਂ ।ਉਹਨਾਂ ਦੱਸਿਆ ਕਿ ਕੱਲ੍ਹ ਨੂੰ ਪੰਜਾਬ ਭਰ ਵਿਚੋਂ ਮੁਹਰਲੀ ਪਰਤ ਦੇ ਪ੍ਰਮੁੱਖ ਆਗੂ ਅਤੇ ਕਾਰਕੁੰਨ ਕਨਵੈਨਸ਼ਨ ਵਿੱਚ ਭਾਗ ਲੈਣਗੇ ਅਤੇ ਇਸ ਮੌਕੇ ਦਿਹਾਤੀ ਮਜਦੂਰ ਸਭਾ ,ਮਜਦੂਰ ਮੁਕਤੀ ਮੋਰਚਾ ,ਪੇਂਡੂ ਮਜਦੂਰ ਯੂਨੀਅਨ ਪੰਜਾਬ ,ਕ੍ਰਾਂਤੀਕਾਰੀ ਪੇਂਡੂ ਮਜਦੂਰ ਯੂਨੀਅਨ ,ਪੰਜਾਬ ਖੇਤ ਮਜ਼ਦੂਰ ਯੂਨੀਅਨ ਅਤੇ ਕ੍ਰਾਂਤੀਕਾਰੀ ਪੇਂਡੂ ਮਜਦੂਰ ਯੂਨੀਅਨ ਦੇ ਆਗੂ ਸੰਬੋਧਨ ਕਰਨਗੇ।
ਸਾਂਝੇ ਮਜਦੂਰ ਮੋਰਚੇ ਦੀ ਕਨਵੈਨਸ਼ਨ ਵਿੱਚ ਹੋਵੇਗਾ ਸੰਘਰਸ ਦਾ ਐਲਾਨ
13 Views