ਸੂਬਿਆਂ ਦੇ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਵਿਜੈ ਇੰਦਰ ਸਿੰਗਲਾ

0
3
27 Views

ਸੁਖਜਿੰਦਰ ਮਾਨ
ਚੰਡੀਗੜ੍ਹ, 21 ਅਕਤੂਬਰ: ਪੰਜਾਬ ਦੇ ਲੋਕ ਨਿਰਮਾਣ ਅਤੇ ਪ੍ਰਸ਼ਾਸਕੀ ਸੁਧਾਰਾਂ ਬਾਰੇ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਭਾਜਪਾ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਪੰਜਾਬ ਵਿੱਚ ਸੀਬੀਐਸਈ ਦੇ ਮੁੱਖ ਵਿਸ਼ਿਆਂ ਵਿੱਚੋਂ ਪੰਜਾਬੀ ਵਿਸ਼ੇ ਨੂੰ ਬਾਹਰ ਕੱਢਣਾ ਬੇਹੱਦ ਮੰਦਭਾਗਾ ਹੈ ਅਤੇ ਇਸ ਫੈਸਲੇ ਨੂੰ ਤੁਰੰਤ ਬਦਲਣ ਦੀ ਜ਼ਰੂਰਤ ਹੈ। ਮੰਤਰੀ ਨੇ ਕਿਹਾ ਕਿ ਪੰਜਾਬੀ ਦੇਸ਼ ਦੇ ਉੱਤਰੀ ਖ਼ਿੱਤੇ ਦੇ ਕਰੋੜਾਂ ਵਸਨੀਕਾਂ ਦੀ ਮਾਂ ਬੋਲੀ ਹੈ ਅਤੇ ਉਨ੍ਹਾਂ ਦੀ ਮਾਤ ਭਾਸ਼ਾ ਨੂੰ ‘ਛੋਟੇ’ ਵਿਸ਼ਿਆਂ ਦੀ ਸੂਚੀ ਵਿੱਚ ਪਾਉਣ ਦਾ ਕਦਮ ਵਿਦਿਆਰਥੀਆਂ ਦੇ ਸੰਵਿਧਾਨਕ ਅਧਿਕਾਰਾਂ ‘ਤੇ ਹਮਲੇ ਦਾ ਸਪੱਸ਼ਟ ਸੰਕੇਤ ਹੈ।
ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਸੂਬਿਆਂ ਦੇ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਾਡੀ ਸਰਕਾਰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਅਜਿਹੇ ਹਰ ਕਦਮ ਦਾ ਵਿਰੋਧ ਕਰੇਗੀ ਜਿਸਦਾ ਉਦੇਸ਼ ਸੂਬਿਆਂ ਦੀਆਂ ਸ਼ਕਤੀਆਂ ਨੂੰ ਕੁਚਲਣਾ ਹੈ। ਉਨ੍ਹਾਂ ਅੱਗੇ ਕਿਹਾ ਕਿ ਬੀਐਸਐਫ ਦੇ ਅਧਿਕਾਰ ਖੇਤਰ ਵਿੱਚ ਵਾਧਾ ਕਰਨ ਅਤੇ ਪੰਜਾਬੀ ਵਿਸ਼ੇ ਨੂੰ ਮੁੱਖ ਵਿਸ਼ਿਆਂ ਵਿੱਚੋਂ ਕੱਢਣ ਵਰਗੀਆਂ ਨੀਤੀਆਂ ਭਾਜਪਾ ਸਰਕਾਰ ਦੇ ਸੌੜੇ ਸਿਆਸੀ ਹਿੱਤਾਂ ਨੂੰ ਦਰਸਾਉਂਦੀਆਂ ਹਨ।ਕੈਬਨਿਟ ਮੰਤਰੀ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਤੁਰੰਤ ਆਪਣੇ ਫੈਸਲਿਆਂ ‘ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ ਜੋ ਕਿ ਭਾਰਤੀ ਸੰਵਿਧਾਨ ਦੇ ਬਿਲਕੁਲ ਉਲਟ ਹਨ। ਉਨ੍ਹਾਂ ਕਿਹਾ ਕਿ ਸੰਵਿਧਾਨ ਵੱਲੋਂ ਨਿਰਧਾਰਤ ਨਿਯਮਾਂ ਅਤੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨਾ ਹਰ ਨਾਗਰਿਕ ਦਾ ਮੁੱਢਲਾ ਫਰਜ਼ ਹੈ ਪਰ ਮੋਦੀ ਸਰਕਾਰ ਆਪਣੇ ਸਿਆਸੀ ਹਿੱਤਾਂ ਲਈ ਸੰਵਿਧਾਨ ਨੂੰ ਅਣਗੌਲਿਆ ਕਰਕੇ ਫੈਸਲੇ ਲੈ ਰਹੀ ਹੈ।

LEAVE A REPLY

Please enter your comment!
Please enter your name here