ਸੂਬੇ ’ਚ ਨਵੀਂ ਊਰਜਾ ਦਾ ਸੰਚਾਰ ਕਰੇਗਾ ਪੰਜਾਬ ਖੇਡ ਮੇਲਾ : ਮੀਤ ਹੇਅਰ

0
8

ਕਿਹਾ ਰਾਜ ਤੇ ਕੌਮੀ ਪੱਧਰ ’ਤੇ ਮੈਡਲ ਜਿੱਤਣ ਵਾਲੇ ਖਿਡਾਰੀਆਂ ਲਈ ਨਵੀਂ ਖੇਡ ਪਾਲਿਸੀ ਜਲਦ
ਖੇਡ ਵਿਭਾਗ ਵੱਲੋਂ 110 ਨਵੇਂ ਕੋਚ ਜਲਦ ਕੀਤੇ ਜਾਣਗੇ ਭਰਤੀ
ਪੰਜਾਬੀ ਖ਼ਬਰਸਾਰ ਬਿਉਰੋ
ਜਲੰਧਰ, 18 ਅਗਸਤ : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਸੁਰਜੀਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 29 ਅਗਸਤ ਤੋਂ ਜਲੰਧਰ ਤੋਂ ਸ਼ੁਰੂ ਕੀਤਾ ਵਾਲਾ ਪੰਜਾਬ ਖੇਡ ਮੇਲਾ-2022 ‘‘ਖੇਡਾਂ ਵਤਨ ਪੰਜਾਬ ਦੀਆਂ’’ ਸੂਬੇ ਵਿੱਚ ਨਵੀਂ ਊਰਜਾ ਦਾ ਸੰਚਾਰ ਕਰੇਗਾ।ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਖੇਡ ਮੇਲੇ ਦੀਆਂ ਤਿਆਰੀਆਂ ਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਰੱਖੀ ਮੀਟਿੰਗ ਦੌਰਾਨ ਦੱਸਿਆ ਕਿ ਇਹ ਪਹਿਲੀ ਵਾਰ ਹੈ ਕਿ ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਖੇਡ ਮੇਲੇ ਤਹਿਤ 28 ਖੇਡਾਂ ਕਰਵਾਈਆਂ ਜਾ ਰਹੀਆਂ ਹਨ ਅਤੇ ਬੱਚੇ ਤੋਂ ਲੈ ਕੇ 50 ਸਾਲ ਤੋਂ ਵੱਧ ਉਮਰ ਦੇ ਖਿਡਾਰੀ ਖੇਡ ਮੇਲੇ ਵਿੱਚ ਭਾਗ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਖੇਡ ਮੇਲੇ ਦਾ ਉਦੇਸ਼ ਸਿਰਫ਼ ਖੇਡ ਮੁਕਾਬਲੇ ਕਰਾਉਣ ਤੱਕ ਸੀਮਤ ਨਾ ਹੋ ਕੇ ਨੌਜਵਾਨਾਂ ਨੂੰ ਨਸ਼ਾ ਰਹਿਤ ਜੀਵਨ ਸ਼ੈਲੀ ਅਤੇ ਖੇਡਾਂ ਨਾਲ ਜੋੜਨਾ ਹੈ ਤਾਂ ਜੋ ਤੰਦਰੁਸਤ ਅਤੇ ਰੰਗਲੇ ਪੰਜਾਬ ਦਾ ਸੁਪਨਾ ਸਾਕਾਰ ਕੀਤਾ ਜਾ ਸਕੇ।
ਟੂਰਨਾਮੈਂਟਾਂ ਸਬੰਧੀ ਚਾਨਣਾ ਪਾਉਂਦਿਆਂ ਖੇਡ ਮੰਤਰੀ ਨੇ ਦੱਸਿਆ ਕਿ ਬਲਾਕ ਪੱਧਰੀ ਟੂਰਨਾਮੈਂਟ 1 ਤੋਂ 7 ਸਤੰਬਰ ਤੱਕ ਕਰਵਾਏ ਜਾਣਗੇ, ਜਿਸ ਵਿੱਚ ਵਾਲੀਬਾਲ, ਅਥਲੈਟਿਕਸ, ਫੁੱਟਬਾਲ, ਕਬੱਡੀ, ਖੋ-ਖੋ ਅਤੇ ਰੱਸਾਕਸ਼ੀ ਦੇ ਮੁਕਾਬਲੇ ਹੋਣਗੇ ਜਦਕਿ 12 ਤੋਂ 22 ਸਤੰਬਰ ਤੱਕ ਹੋਣ ਵਾਲੇ ਜ਼ਿਲ੍ਹਾ ਪੱਧਰੀ ਟੂਰਨਾਮੈਂਟਾਂ ਵਿੱਚ ਐਥਲੈਟਿਕਸ, ਫੁੱਟਬਾਲ, ਕਬੱਡੀ, ਖੋ-ਖੋ, ਵਾਲੀਬਾਲ, ਹੈਂਡਬਾਲ, ਸਾਫਟਬਾਲ, ਜੂਡੋ, ਰੋਲਰ ਸਕੇਟਿੰਗ, ਗੱਤਕਾ, ਕਿੱਕ ਬਾਕਸਿੰਗ, ਹਾਕੀ, ਨੈੱਟਬਾਲ, ਬੈਡਮਿੰਟਨ, ਬਾਸਕਟਬਾਲ, ਪਾਵਰ ਲਿਫਟਿੰਗ, ਲਾਅਨ ਟੈਨਿਸ, ਕੁਸ਼ਤੀ, ਤੈਰਾਕੀ, ਬਾਕਸਿੰਗ, ਟੇਬਲ ਟੈਨਿਸ ਅਤੇ ਵੇਟ ਲਿਫਟਿੰਗ ਖੇਡਾਂ ਹੋਣਗੀਆਂ। ਇਸੇ ਤਰ੍ਹਾਂ 10 ਤੋਂ 21 ਅਕਤੂਬਰ ਤੱਕ ਹੋਣ ਵਾਲੇ ਰਾਜ ਪੱਧਰੀ ਟੂਰਨਾਮੈਂਟਾਂ ਵਿੱਚ ਸਾਰੀਆਂ ਜ਼ਿਲ੍ਹਾ ਪੱਧਰੀ ਖੇਡਾਂ ਤੋਂ ਇਲਾਵਾ ਕਿੱਕ ਬਾਕਸਿੰਗ, ਤੀਰਅੰਦਾਜ਼ੀ, ਨਿਸ਼ਾਨੇਬਾਜ਼ੀ, ਸ਼ਤਰੰਜ, ਰੋਇੰਗ, ਜਿਮਨਾਸਟਿਕ, ਤਲਵਾਰਬਾਜ਼ੀ ਅਤੇ ਪਾਵਰ ਲਿਫਟਿੰਗ ਵੀ ਸ਼ਾਮਿਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਖੇਡ ਮੇਲੇ ਵਿੱਚ ਹਰ ਉਮਰ ਦੇ ਖਿਡਾਰੀ ਨੂੰ ਖੇਡਣ ਦਾ ਮੌਕਾ ਦੇਣ ਦੇ ਮੰਤਵ ਨਾਲ ਅੰਡਰ-14, ਅੰਡਰ-17 ਅਤੇ ਅੰਡਰ-21 ਤੋਂ ਇਲਾਵਾ ਤਿੰਨ ਓਪਨ ਵਰਗ ਕੈਟਾਗਰੀਆਂ ਵੀ ਰੱਖੀਆਂ ਗਈਆਂ ਹਨ, ਜਿਸ ਤਹਿਤ 21 ਤੋਂ 40, 41 ਅਤੇ 50 ਅਤੇ 50 ਸਾਲ ਤੋਂ ਵੱਧ ਉਮਰ ਵਰਗ ਦੇ ਓਪਨ ਗਰੁੱਪਾਂ ਸਮੇਤ ਵੱਖ-ਵੱਖ ਉਮਰ ਵਰਗਾਂ ਦੇ ਖੇਡ ਮੁਕਾਬਲੇ ਵੀ ਕਰਵਾਏ ਜਾਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਖੇਡ ਮੁਕਾਬਲਿਆਂ ਲਈ ਆਨਲਾਈਨ ਰਜਿਸਟ੍ਰੇਸ਼ਨ ਲਈ ਵਿਸ਼ੇਸ਼ ਪੋਰਟਲ www.punjabkhedmela2022.in ਦੀ ਸ਼ੁਰੂਆਤ ਵੀ ਕੀਤੀ ਗਈ ਹੈ ਅਤੇ ਵੱਖ-ਵੱਖ ਖੇਡਾਂ ਲਈ ਆਨਲਾਈਨ ਅਤੇ ਆਫਲਾਈਨ ਰਜਿਸਟ੍ਰੇਸ਼ਨ 25 ਅਗਸਤ, 2022 ਤੱਕ ਜਾਰੀ ਰਹੇਗੀ।
ਖੇਡ ਮੰਤਰੀ ਨੇ ਸਾਰੇ ਅਧਿਕਾਰੀਆਂ ਨੂੰ ਖੇਡ ਮੇਲੇ ਦੀ ਕਾਮਯਾਬੀ ਲਈ ਸ਼ਿੱਦਤ ਨਾਲ ਆਪਣੀ ਡਿਊਟੀ ਨਿਭਾਉਣ ਲਈ ਕਿਹਾ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਖੇਡ ਮੇਲੇ ਲਈ ਸਮੁੱਚੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਏ ਜਾਣ ਤਾਂ ਜੋ ਕਿਸੇ ਵੀ ਖਿਡਾਰੀ ਜਾਂ ਦਰਸ਼ਕ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਸੂਬੇ ਦੇ ਲੋਕਾਂ ਖਾਸ ਕਰ ਨੌਜਵਾਨਾਂ ਨੂੰ ਖੇਡ ਮੇਲੇ ਵਿੱਚ ਵਧ-ਚੜ੍ਹ ਕੇ ਭਾਗ ਲੈਣ ਦੀ ਅਪੀਲ ਕੀਤੀ ਤਾਂ ਜੋ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਮੁੜ ਪਹਿਲੇ ਨੰਬਰ ’ਤੇ ਲਿਆਂਦਾ ਜਾ ਸਕੇ।ਰਾਜ ਤੇ ਕੌਮੀ ਪੱਧਰ ’ਤੇ ਮੈਡਲ ਜਿੱਤਣ ਵਾਲੇ ਖਿਡਾਰੀਆਂ ਲਈ ਨਵੀਂ ਖੇਡ ਪਾਲਿਸੀ ਜਲਦ : ਖੇਡ ਮੰਤਰੀ ਨੇ ਦੱਸਿਆ ਕਿ ਸਟੇਟ ਅਤੇ ਨੈਸ਼ਨਲ ਪੱਧਰ ’ਤੇ ਮੈਡਲ ਜਿੱਤਣ ਵਾਲੇ ਖਿਡਾਰੀਆਂ ਲਈ ਪੰਜਾਬ ਸਰਕਾਰ ਵੱਲੋਂ ਜਲਦ ਨਵੀਂ ਪਾਲਿਸੀ ਲਿਆਂਦੀ ਜਾ ਰਹੀ ਹੈ, ਜਿਸ ਤਹਿਤ ਖੇਡਾਂ ਅਤੇ ਖਿਡਾਰੀਆਂ ਪੱਖੀ ਉਪਰਾਲਿਆਂ ਨੂੰ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਸਾਡੇ ਵੱਧ ਤੋਂ ਵੱਧ ਖਿਡਾਰੀ ਕੌਮਾਂਤਰੀ ਪੱਧਰ ’ਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕਣ। ਉਨ੍ਹਾਂ ਕਿਹਾ ਕਿ ਉਭਰਦੇ ਖਿਡਾਰੀਆਂ ਨੂੰ ਕੌਮੀ ਅਤੇ ਕੌਮਾਂਤਰੀ ਪੱਧਰ ਤੱਕ ਲੈ ਕੇ ਜਾਣ ਲਈ ਸੰਜੀਦਾ ਯਤਨ ਕੀਤੇ ਜਾਣਗੇ।
ਇਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਇਹ ਵੀ ਦੱਸਿਆ ਕਿ ਖੇਡ ਵਿਭਾਗ ਵੱਲੋਂ ਜਲਦ ਹੀ 110 ਕੋਚਾਂ ਦੀ ਭਰਤੀ ਕੀਤੀ ਜਾ ਰਹੀ ਹੈ, ਜਿਸ ਸਦਕਾ ਸਾਡੇ ਉਭਰਦੇ ਖਿਡਾਰੀਆਂ ਨੂੰ ਵਧੀਆ ਟ੍ਰੇਨਿੰਗ ਮੁਹੱਈਆ ਕਰਵਾ ਕੇ ਬਿਹਤਰੀਨ ਖਿਡਾਰੀ ਬਣਾਇਆ ਜਾ ਸਕੇ। ਇਸ ਮੌਕੇ ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ, ਜਲੰਧਰ ਕੇਂਦਰੀ ਤੋਂ ਵਿਧਾਇਕ ਰਮਨ ਅਰੋੜਾ, ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ, ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੂਰਾਲ, ਪ੍ਰਮੁੱਖ ਸਕੱਤਰ ਖੇਡ ਵਿਭਾਗ ਰਾਜ ਕਮਲ ਚੌਧਰੀ, ਡਾਇਰੈਕਟਰ ਖੇਡ ਵਿਭਾਗ ਰਾਜੇਸ਼ ਧੀਮਾਨ, ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

LEAVE A REPLY

Please enter your comment!
Please enter your name here